PADB Banks Protest: ਪੀਏਡੀਬੀ ਬੈਂਕਾਂ ਖਿਲਾਫ਼ ਸੰਘਰਸ਼ ਹੋਵੇਗਾ ਤੇਜ਼, 14 ਜੁਲਾਈ ਨੂੰ ਪੰਜਾਬ ਭਰ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਮੁਫ਼ਤ : ਡੱਲੇਵਾਲ

ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਐਲਾਨ

Khushdeep Singh Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਸੂਬਾ ਪੱਧਰੀ ਮੀਟਿੰਗ ’ਚ ਕਿਸਾਨਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਸੂਬੇ ਦੇ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਜਥੇਬੰਦੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੀਏਡੀਬੀ ਬੈਂਕਾਂ ਵੱਲੋਂ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਕਥਿਤ ਬੇਨਿਯਮੀਆਂ ਖਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਕਰਜ਼ੇ ਦੇ ਬਦਲੇ ਆਪਣੀ ਜ਼ਮੀਨ ਗਿਰਵੀ ਰੱਖੀ ਹੋਈ ਹੈ, ਉਨ੍ਹਾਂ ਤੋਂ ਵੱਖਰੇ ਤੌਰ ’ਤੇ ਖਾਲੀ ਚੈੱਕ ਤੇ ਹੋਰ ਸੁਰੱਖਿਆ ਦਸਤਾਵੇਜ਼ ਲੈਣਾ ਗਲਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧੀ ਅਧਿਕਾਰੀਆਂ ਨੇ ਵੀ ਮੰਨਿਆ ਹੈ ਕਿ ਜ਼ਮੀਨ ਗਿਰਵੀ ਹੋਣ ਦੀ ਸਥਿਤੀ ’ਚ ਵਾਧੂ ਚੈੱਕ ਲੈਣ ਦੀ ਲੋੜ ਨਹੀਂ ਬਣਦੀ, ਪਰ ਇਸ ਨੂੰ ਖਤਮ ਕਰਨ ਲਈ ਕੋਈ ਫ਼ੈਸਲਾ ਨਹੀਂ ਲਿਆ ਜਾ ਰਿਹਾ।

ਡੱਲੇਵਾਲ ਨੇ ਦੋਸ਼ ਲਾਇਆ ਕਿ ਕੁਝ ਬੈਂਕ ਅਧਿਕਾਰੀਆਂ ਤੇ ਬਾਹਰੀ ਵਿਅਕਤੀਆਂ ਦੀ ਮਿਲੀਭੁਗਤ ਨਾਲ ਕਿਸਾਨਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਨੇ ਕਰਜ਼ਾ ਅਦਾ ਕਰ ਦਿੱਤਾ ਹੈ, ਉਨ੍ਹਾਂ ਦੇ ਚੈੱਕ ਤੇ ਜ਼ਮੀਨ ਦੇ ਦਸਤਾਵੇਜ਼ ਤੁਰੰਤ ਵਾਪਸ ਕੀਤੇ ਜਾਣ ਤੇ ਕਥਿਤ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ 10 ਜੁਲਾਈ ਨੂੰ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ 14 ਜੁਲਾਈ ਨੂੰ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਇਸ ਤੋਂ ਬਾਅਦ ਵੀ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਸੜਕਾਂ ਜਾਮ ਕਰਨ ਸਮੇਤ ਹੋਰ ਵੱਡੇ ਸੰਘਰਸ਼ੀ ਫ਼ੈਸਲੇ ਲਏ ਜਾਣਗੇ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤੇ ਕਿਸਾਨਾਂ ਨਾਲ ਸਬੰਧਤ ਹੋਰ ਮੁੱਦਿਆਂ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

About The Author

Related Posts