Punjab Vigilance Bureau: ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

Sach Kahoon Punjabi Desk Picture
Published On

ਪੰਚਾਇਤ ਸਕੱਤਰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ | Punjab Vigilance Bureau

Punjab Vigilance Bureau: (ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਣਕ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਿ੍ਰਥਵੀ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਖੇਤਰੀ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ, ਪਟਿਆਲਾ ਦੇ ਦਫਤਰ ਵਿੱਚ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਮਹਾਂ ਸਿੰਘ ਵਾਲਾ, ਮੂਣਕ ਵਾਸੀ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਸਾਬਕਾ ਸਰਪੰਚ ਦਾ ਪਤੀ ਹੈ।

ਇਹ ਵੀ ਪੜ੍ਹੋ: Farmers Protest: ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ’ਤੇ ਲੱਗੀ ਪਾਬੰਦੀ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੰਚਾਇਤ ਸਕੱਤਰ ਨੇ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਵਾਉਣ ਬਦਲੇ 20000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਰਿਸ਼ਵਤ ਉਕਤ ਦਵਿੰਦਰ ਬਾਂਸਲ, ਆਡਿਟ ਇੰਸਪੈਕਟਰ ਨਾਲ ਸਾਂਝੀ ਕੀਤੀ ਜਾਣੀ ਹੈ। Punjab Vigilance Bureau

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਹਾਸਲ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਅਤੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਤਫਤੀਸ਼ ਜਾਰੀ ਹੈ।

About The Author

Related Posts