Parvinder Jhota Murder Case: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਪੰਜ ਨੂੰ ਮੁੱਖ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
ਸੌ ਤੋਂ ਵੱਧ ਜਥੇਬੰਦੀਆਂ ਦੀ ਮੀਟਿੰਗ ’ਚ ਨਸ਼ਿਆਂ ਦੇ ਖ਼ਾਤਮੇ ਅਤੇ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਦੀ ਹੋਈ ਮੰਗ
ਮਾਨਸਾ (ਸੁਖਜੀਤ ਮਾਨ)। ਐਂਟੀ ਡਰੱਗ ਟਾਸਕ ਫੋਰਸ ਦੇ ਮੈਂਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਉਸਦੇ ਪਰਿਵਾਰਕ ਮੈਂਬਰਾਂ ਦੀਆਂ ਮੰਗਾਂ ਮਨਵਾਉਣ, ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ, ਕਥਿਤ ਸਰਕਾਰੀ ਜ਼ਬਰ ਦੇ ਵਿਰੋਧ, ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਅਤੇ ਮੋਰਚੇ ਦੀਆਂ ਸਾਰੀਆਂ ਮੰਗਾਂ ਦੀ ਪੂਰਤੀ ਲਈ ਪੰਜ ਨਵੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।
ਇਹ ਫ਼ੈਸਲਾ ਅੱਜ ਇੱਥੇ ਐਕਸ਼ਨ ਕਮੇਟੀ ਵੱਲੋਂ ਸੱਦੀ ਮੀਟਿੰਗ ਵਿੱਚ ਲਿਆ ਗਿਆ ਜਿਸ ’ਚ ਸੌ ਤੋਂ ਵੱਧ ਕਿਸਾਨ, ਮਜ਼ਦੂਰ, ਮੁਲਾਜ਼ਮ, ਅਧਿਆਪਕ, ਵਿਦਿਆਰਥੀ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਵਧ ਰਹੀ ਮਾਰ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਕਾਰਨ ਘਰ ਉੱਜੜ ਰਹੇ ਹਨ।
ਪਰ ਸਰਕਾਰ ਇਨਸਾਫ਼ ਮੰਗਦੇ ਲੋਕਾਂ ਦੀ ਗੱਲ ਸੁਣਨ ਦੀ ਥਾਂ ਉਨ੍ਹਾਂ ਖ਼ਿਲਾਫ਼ ਕਾਰਵਾਈਆਂ ਕਰ ਰਹੀ ਹੈ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਨਾਲ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਸੰਘਰਸ਼ ਦੀ ਲੋੜ ਹੈ। ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਥਿਤ ਪੁਲਿਸ ਤਸ਼ੱਦਦ ਅਤੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਗ੍ਰਿਫ਼ਤਾਰ ਆਗੂਆਂ ਨੂੰ ਰਿਹਾਅ ਕਰਨ ਅਤੇ ਮੋਰਚੇ ਦੀਆਂ ਸਾਰੀਆਂ ਮੰਗਾਂ ਮੰਨਣ ਦੀ ਮੰਗ ਕੀਤੀ। ਮੀਟਿੰਗ ਵਿੱਚ ਪੰਜ ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।
ਇਸ ਵਿੱਚ ਵੱਖ-ਵੱਖ ਵਰਗਾਂ ਦੀ ਵਿਆਪਕ ਸ਼ਮੂਲੀਅਤ ਲਈ ਪੰਜਾਬ ਭਰ ਵਿੱਚ ਲਾਮਬੰਦੀ ਕਰਨ ਦਾ ਸੱਦਾ ਦਿੱਤਾ ਗਿਆ। ਮੀਟਿੰਗ ਨੂੰ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬੋਘ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਾਕਾ ਸਿੰਘ ਕੋਟੜਾ, ਨਸ਼ਿਆਂ ਵਿਰੋਧੀ ਟਾਸਕ ਫੋਰਸ ਦੇ ਆਗੂ ਅਮਨ ਪਟਵਾਰੀ, ਗਗਨਦੀਪ ਸਿਰਸੀਵਾਲਾ, ਕੁਲਵਿੰਦਰ ਸੁੱਖੀ, ਮੋਹਣਾ ਧਾਲੀਵਾਲ, ਸੰਦੀਪ ਸਿੰਘ, ਭੁਪਿੰਦਰ ਸਿੰਘ ਰੂਬੀ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਦਰਸ਼ਨ ਪਾਲ, ਆਲ ਇੰਡੀਆ ਕਿਸਾਨ ਮਹਾਂ ਸਭਾ ਦੇ ਗੁਰਜੰਟ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨਿਰਮਲ ਸਿੰਘ ਝੰਡੂਕੇ ਸਮੇਤ ਹੋਰ ਵੱਡੀ ਗਿਣਤੀ ਆਗੂਆਂ ਨੇ ਸੰਬੋਧਨ ਕੀਤਾ।
ਇਹ ਵੀ ਪੜ੍ਹੋ : Punjab Assembly Elections 2027: AAP ਅੱਜ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ
Comments