ਸੜਕ ਦੀ ਮੁਰੰਮਤ ਦੀ ਮੰਗ ਨੂੰ ਲੈ ਕੇ ਪਿੰਡਾਂ ਦੇ ਲੋਕਾਂ ਵੱਲੋਂ ਘੱਗਾ ਨੇੜੇ ਪਾਤੜਾਂ-ਪਟਿਆਲਾ ਮੁੱਖ ਮਾਰਗ ਜਾਮ

ਮਹੀਨਾ ਪਹਿਲਾਂ ਧਰਨਾ ਚੁੱਕਵਾਉਣ ਸਮੇਂ ਦਿੱਤਾ ਭਰੋਸਾ ਪੂਰਾ ਨਾ ਹੋਣ ਦਾ ਦੋਸ਼; ਸੜਕ ਦਾ ਕੰਮ ਸ਼ੁਰੂ ਹੋਣ ਤੱਕ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰੱਖਣ ਦਾ ਐਲਾਨ

Ravinder Sharma Picture
Published On

ਘੱਗਾ (ਵਿਸ਼ਾਲ ਕੁਮਾਰ ਗੋਇਲ)। ਇਲਾਕੇ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦੀ ਮੰਗ ਨੂੰ ਲੈ ਕੇ ਪਿੰਡਾਂ ਦੇ ਲੋਕਾਂ ਦਾ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਤਹਿਤ ਅੱਜ ਪਿੰਡ ਅਤਾਲਾਂ, ਡਰੌਲੀ ਅਤੇ ਆਸ-ਪਾਸ ਦੇ ਹੋਰ ਪਿੰਡਾਂ ਦੇ ਵਸਨੀਕਾਂ ਨੇ ਇਕੱਠੇ ਹੋ ਕੇ ਘੱਗਾ ਨੇੜੇ ਪਾਤੜਾਂ-ਪਟਿਆਲਾ ਮੁੱਖ ਮਾਰਗ ’ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਬੰਧਤ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਨਹੀਂ ਹੁੰਦਾ, ਉਦੋਂ ਤੱਕ ਉਹ ਧਰਨਾ ਨਹੀਂ ਚੁੱਕਣਗੇ।

Patiala News 2

ਧਰਨੇ ਦੌਰਾਨ ਲੋਕਾਂ ਨੇ ਦੱਸਿਆ ਕਿ ਪਾਤੜਾਂ ਤੋਂ ਅਤਾਲਾਂ ਅਤੇ ਡਰੌਲੀ ਵੱਲ ਜਾਂਦੀ ਸੜਕ ਦੀ ਹਾਲਤ ਬੇਹੱਦ ਖਸਤਾ ਹੈ। ਸੜਕ ’ਤੇ ਥਾਂ-ਥਾਂ ਵੱਡੇ-ਵੱਡੇ ਟੋਏ ਪਏ ਹੋਏ ਹਨ, ਜਿਸ ਕਾਰਨ ਰਾਹਗੀਰਾਂ, ਮੋਟਰਸਾਈਕਲ ਸਵਾਰਾਂ ਅਤੇ ਸਕੂਲੀ ਬੱਚਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਸੜਕ ਤੋਂ ਲੰਘਦਿਆਂ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ।

Read Also : ਨਸ਼ੇ ‘ਆਪ’ ਸਰਕਾਰ ਲਈ ਬਣੇ ਵੱਡੀ ਚੁਣੌਤੀ, ਸੰਗਰੂਰ ਤੋਂ ਉੱਠੀ ਚੰਗਿਆੜੀ ਨਾਲ ਨਸ਼ਾ ਬਣਿਆ ਮੁੱਖ ਮੁੱਦਾ

ਧਰਨਾਕਾਰੀਆਂ ਮੁਤਾਬਕ, ਇਸੇ ਮੰਗ ਨੂੰ ਲੈ ਕੇ ਕਰੀਬ ਇੱਕ ਮਹੀਨਾ ਪਹਿਲਾਂ ਵੀ ਧਰਨਾ ਦਿੱਤਾ ਗਿਆ ਸੀ। ਉਸ ਸਮੇਂ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇੱਕ ਮਹੀਨੇ ਦੇ ਅੰਦਰ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ ਸੀ, ਪਰ ਨਿਰਧਾਰਤ ਸਮਾਂ ਬੀਤਣ ਦੇ ਬਾਵਜੂਦ ਸੜਕ ਦਾ ਕੰਮ ਸ਼ੁਰੂ ਨਹੀਂ ਹੋਇਆ। ਲੋਕਾਂ ਨੇ ਦੋਸ਼ ਲਾਇਆ ਕਿ ਸੜਕ ਦੇ ਨਿਰਮਾਣ ਲਈ ਤਿੰਨ ਵਾਰ ਟੈਂਡਰ ਲਾਏ ਜਾਣ ਦੇ ਬਾਵਜੂਦ ਕੰਮ ਸਿਰੇ ਨਹੀਂ ਚੜ੍ਹ ਸਕਿਆ।

ਧਰਨੇ ਵਿੱਚ ਸ਼ਾਮਲ ਲੋਕਾਂ ਨੇ ਕਿਹਾ ਕਿ ਸੜਕ ਦੀ ਖਸਤਾ ਹਾਲਤ ਕਾਰਨ ਬੱਚਿਆਂ ਨੂੰ ਰੋਜ਼ਾਨਾ ਸਕੂਲ ਆਉਣ-ਜਾਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਅਨੁਸਾਰ, ਅਧਿਕਾਰੀਆਂ ਵੱਲੋਂ ਵਾਰ-ਵਾਰ ਸਮਾਂ ਮੰਗਿਆ ਜਾਂਦਾ ਰਿਹਾ ਹੈ, ਪਰ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਨਿਕਲਿਆ। ਇਸ ਕਾਰਨ ਉਨ੍ਹਾਂ ਨੂੰ ਮੁੜ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ।

ਧਰਨਾਕਾਰੀਆਂ ਨੇ ਕਿਹਾ ਕਿ ਇਹ ਸਿਰਫ਼ ਇੱਕ ਪਿੰਡ ਦੀ ਸਮੱਸਿਆ ਨਹੀਂ, ਸਗੋਂ ਕਈ ਪਿੰਡਾਂ ਨੂੰ ਜੋੜਨ ਵਾਲੇ ਸੰਪਰਕ ਮਾਰਗਾਂ ਦੀ ਮਾੜੀ ਹਾਲਤ ਦਾ ਮਾਮਲਾ ਹੈ। ਉਨ੍ਹਾਂ ਸਰਕਾਰ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਤੁਰੰਤ ਸ਼ੁਰੂ ਕਰਵਾਇਆ ਜਾਵੇ ਅਤੇ ਲੋਕਾਂ ਨੂੰ ਰੋਜ਼ਾਨਾ ਦੀ ਪਰੇਸ਼ਾਨੀ ਤੋਂ ਨਿਜਾਤ ਦਿਵਾਈ ਜਾਵੇ।

ਮੁੱਖ ਮਾਰਗ ’ਤੇ ਆਵਾਜਾਈ ਪ੍ਰਭਾਵਿਤ

ਧਰਨੇ ਕਾਰਨ ਪਾਤੜਾਂ-ਪਟਿਆਲਾ ਮੁੱਖ ਮਾਰਗ ’ਤੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਰਾਹਗੀਰਾਂ ਨੂੰ ਕਾਫ਼ੀ ਪਰੇਸ਼ਾਨੀ ਝੱਲਣੀ ਪਈ। ਧਰਨਾਕਾਰੀਆਂ ਵੱਲੋਂ ਐਮਰਜੈਂਸੀ ਸੇਵਾਵਾਂ ਵਾਲੇ ਵਾਹਨਾਂ ਨੂੰ ਲੰਘਣ ਦੀ ਇਜਾਜ਼ਤ ਦਿੱਤੀ ਜਾ ਰਹੀ ਸੀ, ਜਦਕਿ ਹੋਰ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਰਹੀ। ਧਰਨੇ ਦੇ ਮੱਦੇਨਜ਼ਰ ਪਾਤੜਾਂ ਤੋਂ ਪਟਿਆਲਾ ਅਤੇ ਸਮਾਣਾ ਵੱਲ ਜਾਣ ਵਾਲੇ ਰਾਹਗੀਰਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ।

ਧਰਨਾਕਾਰੀਆਂ ਨੇ ਸਪੱਸ਼ਟ ਕੀਤਾ ਕਿ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਲੋਕਾਂ ਦੀ ਇਸ ਮੰਗ ਦਾ ਹੱਲ ਕਦੋਂ ਕਰਦੇ ਹਨ।

About The Author

Related Posts