Pathankot Employees Strike: ਪਠਾਨਕੋਟ ’ਚ ਸਰਕਾਰੀ ਮੁਲਾਜ਼ਮਾਂ ਦੀ ਦੋ ਰੋਜ਼ਾ ਹੜਤਾਲ, 22 ਅਕਤੂਬਰ ਨੂੰ ਰੋਸ ਰੈਲੀ

ਸਾਂਝਾ ਤਾਲਮੇਲ ਕਮੇਟੀ ਦੇ ਸੱਦੇ ’ਤੇ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ’ਤੇ ਰਹਿਣਗੇ ਮੁਲਾਜ਼ਮ

Khushdeep Singh Picture
Published On

ਪਠਾਨਕੋਟ (ਸੱਚ ਕਹੂੰ ਨਿਊਜ਼/ਏਜੰਸੀ)। ਸਾਂਝਾ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਪਠਾਨਕੋਟ ਜ਼ਿਲ੍ਹੇ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਦੋ ਰੋਜ਼ਾ ਹੜਤਾਲ ਕੀਤੀ ਜਾ ਰਹੀ ਹੈ। ਇਸ ਕਾਰਨ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੁਲਾਜ਼ਮ ਜਥੇਬੰਦੀਆਂ ਨੇ ਹੜਤਾਲ ਨੂੰ ਸਫ਼ਲ ਬਣਾਉਣ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦੀ ਤਿਆਰੀ ਕੀਤੀ ਹੈ।

ਇਸ ਸਬੰਧੀ ਪੀਐੱਸਐੱਮਐੱਸਯੂ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ ਤੇ ਪੈਨਸ਼ਨਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ’ਚ ਕੰਮਕਾਜ ਬੰਦ ਰੱਖਣ ਲਈ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ ਜਾਵੇਗਾ। ਮੁਲਾਜ਼ਮਾਂ ਦੀ ਸਮੂਹਿਕ ਛੁੱਟੀ ਕਾਰਨ ਮਾਲ ਵਿਭਾਗ, ਤਹਿਸੀਲ ਦਫ਼ਤਰਾਂ, ਨਗਰ ਨਿਗਮ, ਬਿਜਲੀ ਬੋਰਡ, ਸਿੱਖਿਆ ਵਿਭਾਗ ਤੇ ਹੋਰ ਪ੍ਰਸ਼ਾਸਨਿਕ ਦਫ਼ਤਰਾਂ ’ਚ ਆਉਣ ਵਾਲੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਹੜਤਾਲ ਨੂੰ ਸਫ਼ਲ ਬਣਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਦਫ਼ਤਰਾਂ ਦਾ ਦੌਰਾ ਕਰਕੇ ਮੁਲਾਜ਼ਮਾਂ ਨਾਲ ਸੰਪਰਕ ਕਰ ਰਹੀਆਂ ਹਨ। ਸਾਂਝਾ ਤਾਲਮੇਲ ਕਮੇਟੀ ਵੱਲੋਂ 22 ਅਕਤੂਬਰ ਨੂੰ ਪਠਾਨਕੋਟ ਦੇ ਬੱਸ ਸਟੈਂਡ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਕੀਤੀ ਜਾਵੇਗੀ। ਰੈਲੀ ਤੋਂ ਬਾਅਦ ਮੁਲਾਜ਼ਮ ਬੱਸ ਸਟੈਂਡ ਤੋਂ ਡਾਕਖਾਨਾ ਚੌਕ ਤੱਕ ਰੋਸ ਮਾਰਚ ਕੱਢਣਗੇ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਵਿਰੋਧ ਦਰਜ ਕਰਵਾਉਣਗੇ। ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦਾ ਮਕਸਦ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣਾ ਹੈ।

ਉਨ੍ਹਾਂ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ 22 ਅਕਤੂਬਰ ਨੂੰ ਬੱਸ ਸਟੈਂਡ ਵਿਖੇ ਹੋਣ ਵਾਲੀ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ। ਤਿਆਰੀਆਂ ਸਬੰਧੀ ਹੋਈ ਮੀਟਿੰਗ ’ਚ ਜਨਰਲ ਸਕੱਤਰ ਹਿਤੇਸ਼ ਸ਼ਰਮਾ, ਜ਼ਿਲ੍ਹਾ ਕੋਆਰਡੀਨੇਟਰ ਵਾਸੂ ਖਜੂਰੀਆ, ਪ੍ਰੈੱਸ ਸਕੱਤਰ ਤੇਜਿੰਦਰ ਸਾਂਵਲਾ, ਵਿੱਤ ਸਕੱਤਰ ਰਣਬੀਰ ਸਿੰਘ, ਚੇਅਰਮੈਨ ਗੁਰਨਾਮ ਸਿੰਘ ਸੈਣੀ, ਡਾ. ਪ੍ਰਿਯੰਕਾ ਠਾਕੁਰ, ਇਕਬਾਲ ਸਿੰਘ, ਸ਼ਮਸ਼ੇਰ ਸਿੰਘ, ਵਿਕਾਸ, ਰਮਨ ਕੁਮਾਰ, ਰੋਹਿਤ ਸ਼ਰਮਾ, ਅਰੁਣ ਕੁਮਾਰ, ਰੋਹਿਤ ਗੌਤਮ, ਅਮਰਪ੍ਰੀਤ ਸਿੰਘ, ਮਾਸਟਰ ਸਤ ਪ੍ਰਕਾਸ਼, ਵਿਵੇਕ ਸੈਣੀ ਅਤੇ ਰਜਨੀਸ਼ ਕੁਮਾਰ ਸਮੇਤ ਹੋਰ ਮੁਲਾਜ਼ਮ ਆਗੂ ਮੌਜੂਦ ਸਨ।

ਇਹ ਵੀ ਪੜ੍ਹੋ : Parvinder Singh Jhota murder case: ਸੀਬੀਆਈ ਦੀ ਟੀਮ ਨੇ ਕੀਤੀ ਪਰਵਿੰਦਰ ਸਿੰਘ ਝੋਟਾ ਦੇ ਮਾਪਿਆਂ ਨਾਲ ਮੁਲਾਕਾਤ

About The Author

Related Posts