Pathankot News: ਦੀਵਾਲੀ ਤੇ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਪਠਾਨਕੋਟ ਹਾਈ ਅਲਰਟ ’ਤੇ, 35 ਤੋਂ ਵੱਧ ਥਾਵਾਂ ’ਤੇ ਨਾਕਾਬੰਦੀ
1,000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ, ਹਿਮਾਚਲ ਤੇ ਜੰਮੂ-ਕਸ਼ਮੀਰ ਨਾਲ ਲੱਗਦੇ 9 ਅੰਤਰਰਾਜੀ ਨਾਕਿਆਂ ’ਤੇ ਵਾਹਨਾਂ ਦੀ ਸਖ਼ਤ ਜਾਂਚ
ਪਠਾਨਕੋਟ (ਸੱਚ ਕਹੂੰ ਨਿਊਜ਼/ਏਜੰਸੀ)। ਦੀਵਾਲੀ ਤੇ ਤਿਉਹਾਰੀ ਸੀਜ਼ਨ ਨੂੰ ਧਿਆਨ ’ਚ ਰੱਖਦਿਆਂ ਪਠਾਨਕੋਟ ਪੁਲਿਸ ਨੇ ਜ਼ਿਲ੍ਹੇ ’ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਖੁਫ਼ੀਆ ਏਜੰਸੀਆਂ ਤੋਂ ਮਿਲੇ ਇਨਪੁਟਸ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਦੇ ਨੇੜੇ ਸਥਿਤ ਹੋਣ ਦੇ ਨਾਲ-ਨਾਲ ਪਠਾਨਕੋਟ ਦੀਆਂ ਹੱਦਾਂ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਨਾਲ ਵੀ ਲੱਗਦੀਆਂ ਹਨ।
ਇਸ ਕਾਰਨ ਸੁਰੱਖਿਆ ਏਜੰਸੀਆਂ ਵੱਲੋਂ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਪੁਲਿਸ ਨੇ ਤਿਉਹਾਰਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਸ਼ਹਿਰ ਤੇ ਸਰਹੱਦੀ ਇਲਾਕਿਆਂ ’ਚ 35 ਤੋਂ ਵੱਧ ਮੁੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਹੈ। ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਨਾਲ ਜੋੜਨ ਵਾਲੇ ਰਸਤਿਆਂ ’ਤੇ ਵੀ ਚੌਕਸੀ ਵਧਾ ਦਿੱਤੀ ਗਈ ਹੈ। ਇਨ੍ਹਾਂ ਸੂਬਿਆਂ ਨਾਲ ਲੱਗਦੇ 9 ਅੰਤਰਰਾਜੀ ਨਾਕਿਆਂ ’ਤੇ ਹਰ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹੇ ’ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ 1,000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪੁਖ਼ਤਾ ਕਰਨ ਲਈ ਵਾਧੂ ਕੇਂਦਰੀ ਸੁਰੱਖਿਆ ਬਲਾਂ ਦੀ ਮੰਗ ਵੀ ਕੀਤੀ ਗਈ ਹੈ। ਸੰਵੇਦਨਸ਼ੀਲ ਥਾਵਾਂ ਤੇ ਪਠਾਨਕੋਟ ਏਅਰਬੇਸ ਦੇ ਆਲੇ-ਦੁਆਲੇ ਘਾਤਕ ਕਮਾਂਡੋਜ਼, ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਲਗਾਤਾਰ ਗਸ਼ਤ ਅਤੇ ਜਾਂਚ ਕਰ ਰਹੇ ਹਨ। ਸੁਰੱਖਿਆ ਏਜੰਸੀਆਂ ਵੱਲੋਂ ਹਰ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸਰਹੱਦੀ ਖੇਤਰਾਂ ਦੀ ਸੁਰੱਖਿਆ ਲਈ ਦੂਜੀ ਸੁਰੱਖਿਆ ਪਰਤ ਵਜੋਂ ਪੰਜ ਵਿਸ਼ੇਸ਼ ਨਾਕੇ ਸਥਾਪਤ ਕੀਤੇ ਗਏ ਹਨ।
ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਤੋਂ ਆਉਣ-ਜਾਣ ਵਾਲੇ ਰਸਤਿਆਂ ’ਤੇ ਨੌਂ ਅੰਤਰਰਾਜੀ ਨਾਕੇ 24 ਘੰਟੇ ਸਰਗਰਮ ਹਨ। ਇਨ੍ਹਾਂ ਨਾਕਿਆਂ ਤੋਂ ਲੰਘਣ ਵਾਲੇ ਸ਼ੱਕੀ ਦੋਪਹੀਆ ਤੇ ਚਾਰ ਪਹੀਆ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਵਾਹਨ ਚਾਲਕਾਂ ਦੇ ਲਾਇਸੈਂਸ ਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਧਾਰਕਲਾਂ ਖੇਤਰ ’ਚ ਪੁਲਿਸ ਟੀਮਾਂ ਵੱਲੋਂ ਪੰਗੋਲੀ ਚੌਕ ’ਤੇ ਵਿਸ਼ੇਸ਼ ਨਾਕਾ ਲਾਇਆ ਗਿਆ ਹੈ। ਇੱਥੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਇਸ ਮੁਹਿੰਮ ਦਾ ਮੁੱਖ ਮਕਸਦ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣਾ, ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਾਉਣਾ ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।
ਪਠਾਨਕੋਟ ਪੁਲਿਸ ਨੇ ਸਥਾਨਕ ਵਸਨੀਕਾਂ ਤੇ ਯਾਤਰੀਆਂ ਨੂੰ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਲੋਕਾਂ ਨੂੰ ਯਾਤਰਾ ਦੌਰਾਨ ਆਪਣੇ ਪਛਾਣ ਪੱਤਰ, ਡਰਾਈਵਿੰਗ ਲਾਇਸੈਂਸ ਤੇ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼ ਨਾਲ ਰੱਖਣ ਲਈ ਕਿਹਾ ਹੈ। ਇਸ ਤੋਂ ਇਲਾਵਾ, ਜੇਕਰ ਕਿਸੇ ਨੂੰ ਕੋਈ ਲਾਵਾਰਿਸ ਵਸਤੂ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਨੇੜਲੇ ਪੁਲਿਸ ਥਾਣੇ ਜਾਂ ਪੁਲਿਸ ਹੈਲਪਲਾਈਨ ’ਤੇ ਸੂਚਨਾ ਦੇਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : Gold Price Today: ਸਰਾਫਾ ਬਾਜ਼ਾਰ ’ਚ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ’ਚ ਕੋਈ ਬਦਲਾਅ ਨਹੀਂ
Comments