Punjab
Pathankot Police: ਪਠਾਨਕੋਟ ਪੁਲਿਸ ਦਾ ਲਮੀਨੀ ਇਲਾਕੇ ’ਚ ਕਾਸੋ ਆਪ੍ਰੇਸ਼ਨ, ਘਰਾਂ ਤੋਂ ਲੈ ਕੇ ਵਾਹਨਾਂ ਤੱਕ ਚੈਕਿੰਗ
ਪਠਾਨਕੋਟ ਪੁਲਿਸ ਲਗਾਤਾਰ ਐਕਸ਼ਨ ਮੋਡ ’ਚ
ਪਠਾਨਕੋਟ (ਸੱਚ ਕਹੂੰ ਨਿਊਜ਼/ਹਿੰ.ਸ.)। ਜ਼ਿਲ੍ਹੇ ’ਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਤੇ ਅਪਰਾਧੀਆਂ ’ਤੇ ਨਕੇਲ ਕੱਸਣ ਦੇ ਮਕਸਦ ਨਾਲ ਪਠਾਨਕੋਟ ਪੁਲਿਸ ਲਗਾਤਾਰ ਐਕਸ਼ਨ ਮੋਡ ’ਚ ਨਜ਼ਰ ਆ ਰਹੀ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਦੀਆਂ ਕਈ ਟੀਮਾਂ ਵੱਲੋਂ ਲਮੀਨੀ ਥਾਣਾ ਖੇਤਰ ’ਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਆਪ੍ਰੇਸ਼ਨ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜਨਤਕ ਤੇ ਸੰਵੇਦਨਸ਼ੀਲ ਥਾਵਾਂ ’ਤੇ ਬਾਰੀਕੀ ਨਾਲ ਨਿਗਰਾਨੀ ਕੀਤੀ। ਪੁਲਿਸ ਨੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਤੇ ਉਨ੍ਹਾਂ ਦੇ ਪਛਾਣ ਪੱਤਰਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਸੁਰੱਖਿਆ ਦੇ ਮੱਦੇਨਜ਼ਰ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਲਾਕੇ ’ਚ ਰਹਿ ਰਹੇ ਕਿਰਾਏਦਾਰਾਂ ਤੇ ਬਾਹਰੋਂ ਆ ਕੇ ਵਸੇ ਲੋਕਾਂ ਦੀ ਵੈਰੀਫਿਕੇਸ਼ਨ ਸਬੰਧੀ ਜਾਣਕਾਰੀ ਵੀ ਇਕੱਠੀ ਕੀਤੀ ਗਈ। ਕਾਸੋ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਘਰਾਂ ਤੱਕ ਪਹੁੰਚ ਕੇ ਵੀ ਜਾਂਚ ਕੀਤੀ ਗਈ। Pathankot Police
ਅਧਿਕਾਰੀਆਂ ਨੇ ਇਲਾਕੇ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ। ਆਪ੍ਰੇਸ਼ਨ ਦੌਰਾਨ ਪੁਲਿਸ ਅਧਿਕਾਰੀਆਂ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਕਾਨੂੰਨ-ਵਿਵਸਥਾ ਬਣਾਈ ਰੱਖਣ ’ਚ ਸਹਿਯੋਗ ਕਰਨ ਦੀ ਅਪੀਲ ਕੀਤੀ। ਪੁਲਿਸ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਇਲਾਕੇ ’ਚ ਕੋਈ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਨੇੜਲੇ ਪੁਲਿਸ ਥਾਣੇ ਜਾਂ ਪੁਲਿਸ ਹੈਲਪਲਾਈਨ ’ਤੇ ਸੂਚਨਾ ਦਿੱਤੀ ਜਾਵੇ। ਪੁਲਿਸ ਮੁਤਾਬਕ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਪਠਾਨਕੋਟ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਤੇ ਜ਼ਿਲ੍ਹੇ ਵਿੱਚ ਸ਼ਾਂਤੀ ਦਾ ਮਾਹੌਲ ਕਾਇਮ ਰੱਖਣਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਪਰਾਧੀਆਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਅਪਰਾਧ ਮੁਕਤ ਬਣਾਉਣ ਤੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਅਜਿਹੇ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਭਵਿੱਖ ’ਚ ਵੀ ਲਗਾਤਾਰ ਜਾਰੀ ਰਹਿਣਗੇ। Pathankot Police
ਇਹ ਵੀ ਪੜ੍ਹੋ : Faridkot News: ਵੱਖ-ਵੱਖ ਸਰਕਾਰੀ ਸਕੂਲਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਏ