Mera Ghar Mere Naam Scheme: 'ਮੇਰਾ ਘਰ ਮੇਰੇ ਨਾਮ' ਸਕੀਮ ਨਾਲ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲਿਆ ਮਾਲਕੀ ਦਾ ਕਾਨੂੰਨੀ ਹੱਕ : ਸ਼ੈਰੀ ਕਲਸੀ

ਵਿਧਾਇਕ ਵੱਲੋਂ ਪਿੰਡ ਥਿੰਦ ਵਿਖੇ ਲੋਕਾਂ ਨੂੰ ਵੰਡੇ ਪ੍ਰਾਪਰਟੀ ਕਾਰਡ, ਕਿਹਾ- ਹੁਣ ਜਾਇਦਾਦ ਵੇਚਣ ਅਤੇ ਘਰ ’ਤੇ ਕਰਜ਼ਾ ਲੈਣ ਦਾ ਰਾਹ ਹੋਵੇਗਾ ਆਸਾਨ

Satinder Mathur  Picture
Published On

Mera Ghar Mere Naam Scheme: ਬਟਾਲਾ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਘੇਰੇ ਅੰਦਰ ਆਉਂਦੇ ਘਰਾਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਥਿੰਦ ਵਿਖੇ ਪ੍ਰਾਪਰਟੀ ਕਾਰਡ ਵੰਡੇ ਗਏ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਨੂੰ ਇਹ ਕਾਰਡ ਸੌਂਪਦਿਆਂ ਇਸ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀ ਗਈ ਵੱਡੀ ਸੌਗਾਤ ਕਰਾਰ ਦਿੱਤਾ।

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਹਿਲਾਂ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੀ ਮਾਲਕੀ ਸਬੰਧੀ ਲੋਕਾਂ ਕੋਲ ਪੱਕੇ ਕਾਨੂੰਨੀ ਦਸਤਾਵੇਜ਼ ਨਹੀਂ ਹੁੰਦੇ ਸਨ। ਇਸ ਕਾਰਨ ਉਹ ਆਪਣੀ ਜਾਇਦਾਦ ਦੇ ਪੂਰੇ ਕਾਨੂੰਨੀ ਹੱਕਾਂ ਦੀ ਵਰਤੋਂ ਕਰਨ ਤੋਂ ਵਾਂਝੇ ਰਹਿੰਦੇ ਸਨ। ਹੁਣ ਇਸ ਯੋਜਨਾ ਰਾਹੀਂ ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਮਾਲਕੀ ਦਾ ਅਧਿਕਾਰ ਮਿਲ ਰਿਹਾ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਦਿਨ ਵੇਲੇ ਤੇਜ਼ ਧੁੱਪ, ਸਵੇਰੇ-ਸ਼ਾਮ ਠੰਢ ਦਾ ਅਹਿਸਾਸ

ਉਨ੍ਹਾਂ ਕਿਹਾ ਕਿ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਦਹਾਕਿਆਂ ਤੋਂ ਆਪਣੀ ਜਾਇਦਾਦ ਸਬੰਧੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸਰਕਾਰ ਦੀ ਇਸ ਪਹਿਲਕਦਮੀ ਨਾਲ ਉਨ੍ਹਾਂ ਦੀਆਂ ਪੁਰਾਣੀਆਂ ਸਮੱਸਿਆਵਾਂ ਦੇ ਹੱਲ ਦਾ ਰਾਹ ਖੁੱਲ੍ਹਿਆ ਹੈ। ਇਹ ਕਦਮ ਲੋਕਾਂ ਦਾ ਮਾਣ-ਸਨਮਾਨ ਬਹਾਲ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਵਿੱਚ ਵੀ ਸਹਾਈ ਹੋਵੇਗਾ।

ਵਿਧਾਇਕ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਮੁੱਖ ਉਦੇਸ਼ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਅਧਿਕਾਰ ਪ੍ਰਦਾਨ ਕਰਨਾ ਹੈ। ਪ੍ਰਾਪਰਟੀ ਕਾਰਡ ਮਿਲਣ ਨਾਲ ਲੋਕ ਆਪਣੀ ਜਾਇਦਾਦ ਨੂੰ ਕਾਨੂੰਨੀ ਤੌਰ ’ਤੇ ਵੇਚਣ ਅਤੇ ਲੋੜ ਪੈਣ ’ਤੇ ਆਪਣੇ ਘਰ ਦੇ ਆਧਾਰ ’ਤੇ ਕਰਜ਼ਾ ਲੈਣ ਦੇ ਯੋਗ ਹੋ ਸਕਣਗੇ। ਇਸ ਨਾਲ ਉਨ੍ਹਾਂ ਲਈ ਆਰਥਿਕ ਤਰੱਕੀ ਦੇ ਨਵੇਂ ਮੌਕੇ ਪੈਦਾ ਹੋਣਗੇ।

ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਯੋਜਨਾ ਤਹਿਤ ਹੋਰ ਯੋਗ ਲਾਭਪਾਤਰੀਆਂ ਨੂੰ ਵੀ ਪ੍ਰਾਪਰਟੀ ਕਾਰਡ ਵੰਡੇ ਜਾਣਗੇ।

Comments

Post Your Comment

About The Author

Related Posts