Lehragaga News: ਪੰਜਾਬ ਦੇ ਲੋਕ ਵਿਕਾਸ ਤੇ ਕੰਮਾਂ ਦੀ ਰਾਜਨੀਤੀ ਨੂੰ ਦਿੰਦੇ ਹਨ ਤਰਜੀਹ : ਬਰਿੰਦਰ ਕੁਮਾਰ ਗੋਇਲ
ਦੁੱਖ ਸਾਂਝਾ ਕਰਨ ਆਏ ਚਰਨਜੀਤ ਸਿੰਘ ਚੰਨੀ ਵੱਲੋਂ ਗੁਲਦਸਤੇ ਸਵੀਕਾਰ ਕਰਨ ਨੂੰ ਦੱਸਿਆ ਗ਼ੈਰ-ਸੰਵੇਦਨਸ਼ੀਲ ਵਤੀਰਾ
Lehragaga News: (ਰਾਜ ਸਿੰਗਲਾ) ਲਹਿਰਾਗਾਗਾ। ਇੱਥੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਨ ਉਪਰੰਤ ਪੰਜਾਬ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੋਵਾਂ ਪਾਰਟੀਆਂ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਸੰਭਾਵੀ ਗਠਜੋੜ ਦਾ ਸਿਆਸੀ ਨਤੀਜਾ ‘ਜ਼ੀਰੋ ਜਮ੍ਹਾਂ ਜ਼ੀਰੋ’ ਹੀ ਰਹੇਗਾ, ਕਿਉਂਕਿ ਪੰਜਾਬ ਵਾਸੀ ਹੁਣ ਵਿਕਾਸ, ਲੋਕ ਭਲਾਈ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਨੂੰ ਤਰਜੀਹ ਦਿੰਦੇ ਹਨ।
ਇਹ ਵੀ ਪੜ੍ਹੋ: Flipkart Warehouse Robbery: ਫਲਿੱਪਕਾਰਟ ਦੇ ਗੋਦਾਮ ’ਚ ਵੱਡੀ ਚੋਰੀ, 980 ਮੋਬਾਈਲ ਫੋਨ ਗਾਇਬ
ਕੈਬਨਿਟ ਮੰਤਰੀ ਨੇ ਕਿਹਾ ਕਿ ਆਪਸ ਵਿੱਚ ਸਮਝੌਤਾ ਕਰਨਾ ਜਾਂ ਨਾ ਕਰਨਾ ਸਬੰਧਤ ਪਾਰਟੀਆਂ ਦਾ ਅੰਦਰੂਨੀ ਫ਼ੈਸਲਾ ਹੈ, ਪਰ ਇਸ ਨਾਲ ਉਨ੍ਹਾਂ ਦੀ ਪਿਛਲੀ ਕਾਰਗੁਜ਼ਾਰੀ ਬਾਰੇ ਲੋਕਾਂ ਦੀ ਰਾਇ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਵਿਸ਼ਵਾਸ ਤੇ ਆਪਣੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੇ ਆਧਾਰ ’ਤੇ ਲੋਕਾਂ ’ਚ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਧਿਆਨ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਅਤੇ ਸਿਹਤ, ਸਿੱਖਿਆ ਤੇ ਹੋਰ ਜਨਤਕ ਸਹੂਲਤਾਂ ਨੂੰ ਮਜ਼ਬੂਤ ਕਰਨ ’ਤੇ ਕੇਂਦਰਿਤ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਾਲੀਆ ਦੌਰੇ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅੱਠ ਮਜ਼ਦੂਰਾਂ ਦੀ ਮੌਤ ਅਤੇ 12 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਦੁਖਦਾਈ ਘਟਨਾ ਕਾਰਨ ਪੂਰਾ ਇਲਾਕਾ ਸੋਗ ਵਿੱਚ ਸੀ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨਾ ਅਤੇ ਉਨ੍ਹਾਂ ਨੂੰ ਹੌਸਲਾ ਦੇਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।
ਬਰਿੰਦਰ ਕੁਮਾਰ ਗੋਇਲ ਨੇ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਤਸਵੀਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੁੱਖ ਸਾਂਝਾ ਕਰਨ ਆਏ ਚਰਨਜੀਤ ਸਿੰਘ ਚੰਨੀ ਵੱਲੋਂ ਗੁਲਦਸਤੇ ਸਵੀਕਾਰ ਕਰਨਾ ਮੌਕੇ ਦੀ ਗੰਭੀਰਤਾ ਅਨੁਸਾਰ ਢੁੱਕਵਾਂ ਨਹੀਂ ਸੀ। ਉਨ੍ਹਾਂ ਇਸ ਨੂੰ ਗ਼ੈਰ-ਸੰਵੇਦਨਸ਼ੀਲ ਵਤੀਰਾ ਕਰਾਰ ਦਿੰਦਿਆਂ ਕਿਹਾ ਕਿ ਜਨਤਕ ਜੀਵਨ ਵਿੱਚ ਵਿਚਰਨ ਵਾਲੇ ਆਗੂਆਂ ਨੂੰ ਸੋਗਮਈ ਮੌਕਿਆਂ ’ਤੇ ਵਿਸ਼ੇਸ਼ ਸੰਜਮ ਅਤੇ ਸੰਵੇਦਨਸ਼ੀਲਤਾ ਵਰਤਣੀ ਚਾਹੀਦੀ ਹੈ।
ਲਹਿਰਾਗਾਗਾ ਮੈਡੀਕਲ ਕਾਲਜ ਸਬੰਧੀ ਚੰਨੀ ਵੱਲੋਂ ਕੀਤੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਹਲਕੇ ਅਤੇ ਆਸ-ਪਾਸ ਦੇ ਇਲਾਕਿਆਂ ਲਈ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਇਸ ਦੀ ਮਹੱਤਤਾ ਨੂੰ ਸਮਝਣ ਲਈ ਉਨ੍ਹਾਂ ਲੋਕਾਂ ਦੀਆਂ ਲੋੜਾਂ ਨੂੰ ਸਮਝਣਾ ਜ਼ਰੂਰੀ ਹੈ, ਜਿਨ੍ਹਾਂ ਨੂੰ ਵਿਸ਼ੇਸ਼ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ’ਚ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦੀ ਅਹਿਮੀਅਤ ਬਾਰੇ ਉਨ੍ਹਾਂ ਨੂੰ ਚਰਨਜੀਤ ਸਿੰਘ ਚੰਨੀ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ।
ਸਰਕਾਰੀ ਜਾਇਦਾਦ ਵੇਚਣ ਸਬੰਧੀ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੁਰਾਣਾ ਇੰਜੀਨੀਅਰਿੰਗ ਕਾਲਜ ਬੰਦ ਪਿਆ ਹੋਣ ਕਾਰਨ ਉਸ ਦੀ ਇਮਾਰਤ ਦੀ ਹਾਲਤ ਲਗਾਤਾਰ ਖ਼ਰਾਬ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਥਾਂ ਨੂੰ ਮੈਡੀਕਲ ਸਿੱਖਿਆ ਅਤੇ ਸਿਹਤ ਸੇਵਾਵਾਂ ਲਈ ਵਰਤੋਂ ਵਿੱਚ ਲਿਆਉਣ ਦਾ ਉਪਰਾਲਾ ਕੀਤਾ ਹੈ, ਤਾਂ ਜੋ ਇਹ ਸੰਪਤੀ ਲੋਕਾਂ ਦੇ ਕੰਮ ਆ ਸਕੇ। ਉਨ੍ਹਾਂ ਅਨੁਸਾਰ ਇਸ ਪ੍ਰਾਜੈਕਟ ਦਾ ਲਾਭ ਲਹਿਰਾਗਾਗਾ ਦੇ ਨਾਲ ਲੱਗਦੇ ਇਲਾਕਿਆਂ ਅਤੇ ਗੁਆਂਢੀ ਸੂਬੇ ਹਰਿਆਣਾ ਦੇ ਲੋਕਾਂ ਨੂੰ ਵੀ ਮਿਲੇਗਾ।
