Bribe: ਇੱਕ ਲੱਖ ਰੁਪਏ ਵੱਢੀ ਲੈਂਦਾ ਪੁਲਿਸ ਇੰਸਪੈਕਟਰ ਗ੍ਰਿਫ਼ਤਾਰ

Sach Kahoon Punjabi Desk Picture
Published On

50 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਕਰ ਚੁੱਕਿਆ ਸੀ ਵਸੂਲ | Bribe

Bribe: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਦੇ ਇੰਸਪੈਕਟਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਕਤ ਇੰਸਪੈਕਟਰ ਵੱਲੋਂ 50 ਹਜ਼ਾਰ ਰੁਪਏ ਦੀ ਪਹਿਲੀ ਕਿਸਤ ਵਸੂਲ ਕਰ ਲਈ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ ਜੋ ਕਿ ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ। ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ ਤਹਿਸੀਲ ਨਾਭਾ ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Diwali Bonus: ਰੋਡਵੇਜ਼ ਕਰਮਚਾਰੀਆਂ ਨੂੰ ਦੀਵਾਲੀ ’ਤੇ ਬੋਨਸ ਦਾ ਤੋਹਫ਼ਾ, ਮਹਿੰਗਾਈ ਭੱਤਾ ਵੀ ਵਧਿਆ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਝੂਠੇ ਐਨ.ਡੀ.ਪੀ.ਐਸ. ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਸੌਦਾ 1.50 ਲੱਖ ਰੁਪਏ ਵਿੱਚ ਤਹਿ ਹੋ ਗਿਆ। ਉੱਕਤ ਪੁਲਿਸ ਮੁਲਜ਼ਮ ਨੇ ਐਤਵਾਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲਏ ਸਨ।

ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

About The Author

Related Posts