Punjab Administration Orders: ਪੰਜਾਬ ਦੇ ਇਸ ਜ਼ਿਲ੍ਹੇ ’ਚ ਪਾਬੰਦੀਆਂ ਦੇ ਹੁਕਮ ਜਾਰੀ, 31 ਦਸੰਬਰ ਤੱਕ ਰਹਿਣਗੇ ਲਾਗੂ
ਸਰਕਾਰੀ ਇਮਾਰਤਾਂ ਤੇ ਪਾਣੀ ਦੀਆਂ ਟੈਂਕੀਆਂ ’ਤੇ ਚੜ੍ਹਨ, ਚਾਈਨਾ ਡੋਰ ਅਤੇ ਕੋਬਰਾ ਤਾਰ ਦੀ ਵਿਕਰੀ ਤੇ ਵਰਤੋਂ ’ਤੇ ਪਾਬੰਦੀ
Punjab Administration Orders: ਫਾਜ਼ਿਲਕਾ, (ਸੱਚ ਕਹੂੰ ਨਿਊਜ਼/ਹਿੰ.ਸ.)| ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਦਸੰਬਰ 2026 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਲੋਕਾਂ, ਵਿਅਕਤੀਆਂ ਅਤੇ ਪ੍ਰਦਰਸ਼ਨਕਾਰੀਆਂ ਦੇ ਚੜ੍ਹਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਥਾਵਾਂ ਦੀ ਸੁਰੱਖਿਆ ਲਈ 24 ਘੰਟੇ ਮੁਲਾਜ਼ਮਾਂ ਅਤੇ ਚੌਕੀਦਾਰਾਂ ਦੀਆਂ ਡਿਊਟੀਆਂ ਲਗਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।
ਇਸੇ ਤਰ੍ਹਾਂ ਪਤੰਗਬਾਜ਼ੀ ਲਈ ਵਰਤੀ ਜਾਂਦੀ ਚਾਈਨਾ ਡੋਰ ਦੀ ਵਿਕਰੀ, ਭੰਡਾਰਨ ਅਤੇ ਵਰਤੋਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਸਿੰਥੈਟਿਕ ਅਤੇ ਪਲਾਸਟਿਕ ਤੋਂ ਬਣੀ ਇਹ ਡੋਰ ਬੇਹੱਦ ਮਜ਼ਬੂਤ ਹੁੰਦੀ ਹੈ ਅਤੇ ਆਸਾਨੀ ਨਾਲ ਨਾ ਟੁੱਟਣ ਕਾਰਨ ਮਨੁੱਖਾਂ, ਪਸ਼ੂਆਂ ਅਤੇ ਪੰਛੀਆਂ ਲਈ ਜਾਨਲੇਵਾ ਸਾਬਤ ਹੋ ਸਕਦੀ ਹੈ। ਇਸ ਨਾਲ ਹੱਥਾਂ, ਉਂਗਲਾਂ ਅਤੇ ਵਾਹਨ ਚਾਲਕਾਂ ਦੇ ਗਲੇ ਤੇ ਕੰਨਾਂ ’ਤੇ ਗੰਭੀਰ ਸੱਟਾਂ ਲੱਗਣ ਦਾ ਖ਼ਤਰਾ ਰਹਿੰਦਾ ਹੈ।
ਸਬ ਜੇਲ੍ਹ ਫਾਜ਼ਿਲਕਾ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਨੂੰ ਨੋ ਡਰੋਨ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ। ਇਸ ਦਾ ਮਕਸਦ ਡਰੋਨ ਰਾਹੀਂ ਜੇਲ੍ਹ ਅੰਦਰ ਮੋਬਾਈਲ ਫੋਨ, ਨਸ਼ੀਲੇ ਪਦਾਰਥ ਜਾਂ ਹਥਿਆਰ ਪਹੁੰਚਾਉਣ ਵਰਗੀਆਂ ਗਤੀਵਿਧੀਆਂ ਨੂੰ ਰੋਕਣਾ ਹੈ।
ਸਰਹੱਦੀ ਸੁਰੱਖਿਆ ਦੇ ਮੱਦੇਨਜ਼ਰ ਸਰਹੱਦੀ ਪਿੰਡਾਂ ਅਤੇ ਬੀ.ਓ.ਪੀਜ਼ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਲੋਕਾਂ ਦੀ ਆਵਾਜਾਈ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਫੌਜ, ਬੀ.ਐੱਸ.ਐੱਫ., ਪੁਲਿਸ ਅਤੇ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ਵਾਲੇ ਵਿਅਕਤੀਆਂ ’ਤੇ ਲਾਗੂ ਨਹੀਂ ਹੋਣਗੇ।
ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕੋਬਰਾ ਜਾਂ ਕੰਡਿਆਲੀ ਤਾਰ ਦੀ ਖਰੀਦ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਸ ਤਿੱਖੀ ਤਾਰ ਕਾਰਨ ਪਸ਼ੂਆਂ ਅਤੇ ਹੋਰ ਜੀਵਾਂ ਦੇ ਜ਼ਖ਼ਮੀ ਹੋਣ ਦਾ ਖ਼ਤਰਾ ਹੈ। ਗਊਵੰਸ਼ ਦੀ ਢੋਆ-ਢੁਆਈ ’ਤੇ ਵੀ ਸੂਰਜ ਡੁੱਬਣ ਤੋਂ ਬਾਅਦ ਅਤੇ ਸੂਰਜ ਚੜ੍ਹਨ ਤੋਂ ਪਹਿਲਾਂ ਪਾਬੰਦੀ ਲਗਾਈ ਗਈ ਹੈ। ਗਊਵੰਸ਼ ਰੱਖਣ ਵਾਲੇ ਲੋਕਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਆਪਣੇ ਪਸ਼ੂ ਰਜਿਸਟਰ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ।
Comments