Punjab Weather Update: ਫਰੀਦਕੋਟ ’ਚ ਸ਼ਿਮਲੇ ਬਰਾਬਰ ਪਹੁੰਚਿਆ ਪਾਰਾ, 7.6 ਡਿਗਰੀ ਤਾਪਮਾਨ ਦਰਜ
ਪਹਿਲੀ ਵਾਰ ਇਸ ਸੀਜ਼ਨ ’ਚ ਤਾਪਮਾਨ 8 ਡਿਗਰੀ ਤੋਂ ਹੇਠਾਂ ਆਇਆ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਅਤੇ ਚੰਡੀਗੜ੍ਹ ’ਚ ਠੰਢ ਨੇ ਦਸਤਕ ਦੇ ਦਿੱਤੀ ਹੈ। ਪਹਾੜੀ ਇਲਾਕਿਆਂ ’ਚ ਹੋਈ ਬਰਫ਼ਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ਵੱਲ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਰਾਤ ਦੇ ਤਾਪਮਾਨ ’ਚ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਫਰੀਦਕੋਟ ’ਚ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸ਼ਿਮਲਾ ਦੇ ਬਰਾਬਰ ਹੈ।
ਇਹ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਹੈ। ਪਹਿਲੀ ਵਾਰ ਸੂਬੇ ’ਚ ਪਾਰਾ 8 ਡਿਗਰੀ ਤੋਂ ਹੇਠਾਂ ਪਹੁੰਚਿਆ ਹੈ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 8.4 ਡਿਗਰੀ ਤੇ ਲੁਧਿਆਣਾ ਵਿੱਚ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਧਰ, ਚੰਡੀਗੜ੍ਹ ਵਿੱਚ ਤਾਪਮਾਨ 11 ਡਿਗਰੀ ਰਿਹਾ, ਜੋ ਆਮ ਨਾਲੋਂ 3.5 ਡਿਗਰੀ ਘੱਟ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 1.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਤੋਂ ਬਾਅਦ ਉੱਤਰੀ ਭਾਰਤ ਵਿੱਚ ਠੰਢੀਆਂ ਉੱਤਰੀ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਹਵਾਵਾਂ ਦਾ ਅਸਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਦਿਖਾਈ ਦੇ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ 1.8 ਡਿਗਰੀ ਘਟਿਆ ਹੈ। ਸਵੇਰ ਤੇ ਰਾਤ ਸਮੇਂ ਠੰਢ ਦਾ ਅਸਰ ਵਧੇਰੇ ਮਹਿਸੂਸ ਹੋਵੇਗਾ, ਜਦਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਦੇ ਦੱਖਣ-ਪੱਛਮੀ ਹਿੱਸਿਆਂ ਵਿੱਚ ਠੰਢ ਦਾ ਅਸਰ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ। ਰਾਜਸਥਾਨ ਨਾਲ ਲੱਗਦੇ ਇਲਾਕਿਆਂ ਵਿੱਚ ਰਾਤ ਦਾ ਤਾਪਮਾਨ ਹੋਰਨਾਂ ਖੇਤਰਾਂ ਦੇ ਮੁਕਾਬਲੇ ਘੱਟ ਦਰਜ ਕੀਤਾ ਗਿਆ ਹੈ। ਫਰੀਦਕੋਟ ਵਿੱਚ ਪਾਰਾ 7.6 ਡਿਗਰੀ, ਬਠਿੰਡਾ ਵਿੱਚ 8.4 ਡਿਗਰੀ ਤੇ ਲੁਧਿਆਣਾ ਵਿੱਚ 8.8 ਡਿਗਰੀ ਤੱਕ ਪਹੁੰਚ ਗਿਆ ਹੈ। ਲੁਧਿਆਣਾ ਵਿੱਚ ਇੱਕ ਦਿਨ ਦੌਰਾਨ ਤਾਪਮਾਨ ਵਿੱਚ 2.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.5 ਡਿਗਰੀ ਘੱਟ ਹੈ। ਪਠਾਨਕੋਟ ਵਿੱਚ 10.8 ਡਿਗਰੀ ਅਤੇ ਗੁਰਦਾਸਪੁਰ ਵਿੱਚ 11 ਡਿਗਰੀ ਘੱਟੋ-ਘੱਟ ਤਾਪਮਾਨ ਰਿਹਾ। ਇਨ੍ਹਾਂ ਇਲਾਕਿਆਂ ਵਿੱਚ ਵੀ ਸਵੇਰ ਅਤੇ ਰਾਤ ਸਮੇਂ ਠੰਢ ਵਧਣ ਲੱਗੀ ਹੈ। ਮੌਸਮ ਵਿਭਾਗ ਨੇ ਬੁੱਧਵਾਰ ਲਈ ਪੰਜਾਬ ਤੇ ਚੰਡੀਗੜ੍ਹ ’ਚ ਸੂਬਾ ਪੱਧਰ ’ਤੇ ਧੁੰਦ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਹਾਲਾਂਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਜ਼ਿਲ੍ਹਿਆਂ ’ਚ ਕੁਝ ਥਾਵਾਂ ’ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਬਾਕੀ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿਣ ਤੇ ਦਿਨ ਵੇਲੇ ਧੁੱਪ ਨਿਕਲਣ ਦਾ ਅਨੁਮਾਨ ਹੈ।
ਅੱਜ ਤੋਂ ਪੈ ਸਕਦੀ ਹੈ ਧੁੰਦ
ਮੌਸਮ ਵਿਭਾਗ ਅਨੁਸਾਰ 19 ਤੋਂ 21 ਨਵੰਬਰ ਤੱਕ ਪੰਜਾਬ ਦੇ ਕੁਝ ਇਲਾਕਿਆਂ ’ਚ ਸਵੇਰ ਅਤੇ ਰਾਤ ਸਮੇਂ ਸੰਘਣੀ ਧੁੰਦ ਪੈ ਸਕਦੀ ਹੈ। ਅਗਲੇ ਪੰਜ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ’ਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ। ਇਸ ਤੋਂ ਇਲਾਵਾ ਅਗਲੇ ਕੁਝ ਦਿਨਾਂ ਤੱਕ ਕਿਸੇ ਵੱਡੇ ਪੱਛਮੀ ਵਿਘਨ ਦੇ ਸਰਗਰਮ ਹੋਣ ਦੇ ਆਸਾਰ ਨਹੀਂ ਹਨ, ਜਿਸ ਕਾਰਨ ਮੀਂਹ ਪੈਣ ਦੀ ਵੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ : Indian Railway News: ਤਿਉਹਾਰੀ ਸੀਜ਼ਨ ’ਚ ਉੱਤਰੀ ਰੇਲਵੇ ਨੇ 1.82 ਕਰੋੜ ਮੁਸਾਫ਼ਰਾਂ ਨੂੰ ਦਿੱਤੀ ਸੁਚੱਜੀ ਸਫਰ ਸਹੂਲਤ
Comments