Punjab Elections 2027: ਸੂਬੇ ਨੂੰ ਬਰਬਾਦੀ ਤੋਂ ਕੱਢਣ ਲਈ ਭਾਜਪਾ ਕੋਲ ਪੂਰਾ ਰੋਡਮੈਪ: ਢਿੱਲੋਂ
ਕਿਹਾ, ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਵਿਕਾਸ ਨੂੰ ਲਾਈ ਬ੍ਰੇਕ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਸਿਆਸੀ ਹਮਲੇ ਤੇਜ਼ ਕਰ ਦਿੱਤੇ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਗਵੰਤ ਮਾਨ ਸਰਕਾਰ ਨੂੰ ਸੂਬੇ ਦੀ ਬਦਹਾਲੀ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਬਦਲਾਅ ਦਾ ਸੁਫਨਾ ਦਿਖਾ ਕੇ ਸੱਤਾ ’ਚ ਆਈ ‘ਆਪ’ ਨੇ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਕਰਜ਼ੇ ਦੇ ਸੰਕਟ ’ਚ ਧੱਕ ਦਿੱਤਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਇਸ ਸਰਕਾਰ ਤੋਂ ਛੁਟਕਾਰਾ ਚਾਹੁੰਦੇ ਹਨ ਅਤੇ ਭਾਜਪਾ ਸੂਬੇ ’ਚ ਸੱਤਾ ਬਦਲਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕੇਵਲ ਢਿੱਲੋਂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜ਼ੂਦਾ ਹਾਲਤ ਕਿਸੇ ਤੋਂ ਲੁਕੀ ਨਹੀਂ ਹੈ। ਨਸ਼ਿਆਂ ਨੇ ਨੌਜਵਾਨਾਂ ਨੂੰ ਘੇਰਿਆ ਹੋਇਆ ਹੈ, ਗੈਂਗਸਟਰਵਾਦ ਕਾਰਨ ਲੋਕਾਂ ’ਚ ਡਰ ਦਾ ਮਾਹੌਲ ਹੈ ਤੇ ਸੂਬੇ ਦੀ ਆਰਥਿਕਤਾ ਲਗਾਤਾਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਸੱਤਾ ਹਾਸਲ ਕਰਨ ਲਈ ਨਹੀਂ, ਸਗੋਂ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਆਉਣ ਲਈ ਚੋਣ ਮੈਦਾਨ ’ਚ ਉਤਰੇਗੀ। ਉਨ੍ਹਾਂ ਭਾਜਪਾ ਦੀ ਸਰਕਾਰ ਵਾਲੇ ਸੂਬਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਹਰਿਆਣਾ, ਗੁਜਰਾਤ, ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ’ਚ ਵਿਕਾਸ ਦੇ ਕੰਮਾਂ ਦੀਆਂ ਉਦਾਹਰਨਾਂ ਸਾਹਮਣੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਕੱਲੇ ਗੁਰੂਗ੍ਰਾਮ ਦੀ ਆਮਦਨ ਪੰਜਾਬ ਦੀ ਸਮੁੱਚੀ ਆਰਥਿਕਤਾ ਨਾਲੋਂ ਵੀ ਵੱਡੀ ਹੈ।
ਹਰਿਆਣਾ ’ਚ 24 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵੀ ਕਿਸਾਨਾਂ ਤੇ ਆਰਥਿਕਤਾ ਲਈ ਅਜਿਹੀਆਂ ਠੋਸ ਨੀਤੀਆਂ ਦੀ ਲੋੜ ਹੈ। ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਕੇਵਲ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਚਿੰਤਾ ਨੌਜਵਾਨ ਪੀੜ੍ਹੀ ਦਾ ਭਵਿੱਖ ਹੈ।
ਭਾਜਪਾ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਯਾਤਰਾ ਦੌਰਾਨ ਮਾਲਵੇ ਦੇ ਵੱਖ-ਵੱਖ ਪਿੰਡਾਂ ’ਚ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੇ ਇਸ ਮੁਹਿੰਮ ਦਾ ਸਵਾਗਤ ਕੀਤਾ ਤੇ ਨਸ਼ਿਆਂ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਨਤੀਜੇ ਦੇਣੇ ਪੈਣਗੇ।
117 ਸੀਟਾਂ ’ਤੇ ਇਕੱਲਿਆਂ ਲੜਾਂਗੇ, ਭਾਜਪਾ ਦਾ ਸਟੈਂਡ ਸਪੱਸ਼ਟ
2027 ਦੀਆਂ ਚੋਣਾਂ ’ਚ ਗੱਠਜੋੜ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਸਵਾਲ ’ਤੇ ਕੇਵਲ ਢਿੱਲੋਂ ਨੇ ਸਪੱਸ਼ਟ ਕੀਤਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ਦੇ ਹਰ ਹਲਕੇ ’ਚ ਆਪਣਾ ਸੰਗਠਨ ਮਜ਼ਬੂਤ ਕਰ ਰਹੀ ਹੈ ਤੇ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਭਾਜਪਾ ਆਪਣੀ ਤਾਕਤ ਤੇ ਵਰਕਰਾਂ ਦੇ ਦਮ ’ਤੇ ਲੋਕਾਂ ’ਚ ਜਾਵੇਗੀ।
ਇਹ ਵੀ ਪੜ੍ਹੋ : Punjab Assembly Elections 2027: ਭਾਜਪਾ ਨੇ ਚੋਣ ਵਾਅਦਾ ਪੱਤਰ ਲਈ ਲੋਕਾਂ ਤੋਂ ਮੰਗੇ ਸੁਝਾਅ
Comments