Punjab News: CM ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ ਨਵਾਂ ਮੋੜ, CBI ਜਾਂਚ ਰੋਕਣ ਦੀ ਮੰਗ ’ਤੇ ਸੁਣਵਾਈ ਮੁਲਤਵੀ

ਭ੍ਰਿਸ਼ਟਾਚਾਰ: ਜਾਂਚ ਜਾਰੀ, ਸੁਣਵਾਈ ਟਲੀ, ਸੀਬੀਆਈ ਜਾਂਚ ਤੋਂ ਫਿਲਹਾਲ ਪੰਜਾਬ ਸਰਕਾਰ ਨੂੰ ਨਹੀਂ ਮਿਲੀ ਕੋਈ ਰਾਹਤ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਤੋਂ ਪੰਜਾਬ ਸਰਕਾਰ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ। ਸੂਬਾ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ ’ਤੇ ਵੀਰਵਾਰ ਨੂੰ ਸੁਣਵਾਈ ਅੱਗੇ ਪਾ ਦਿੱਤੀ ਗਈ। ਹੁਣ ਮਾਮਲੇ ਦੀ ਸੁਣਵਾਈ 9 ਅਕਤੂਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ ਸੀਬੀਆਈ ਵੱਲੋਂ ਆਪਣੀ ਕਾਰਵਾਈ ਨੂੰ ਲਗਾਤਾਰ ਜਾਰੀ ਰੱਖਿਆ ਹੋਇਆ ਹੈ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਵਿੱਚ ਜਸਟਿਸ ਦੀਪੰਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਅੱਗੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਸੀਬੀਆਈ ਵੱਲੋਂ ਅੱਗੇ ਦੀ ਕਾਰਵਾਈ ’ਤੇ ਅੰਤਰਿਮ ਰੋਕ ਲਾਉਣ ਦੀ ਮੰਗ ਕੀਤੀ। ਇਸ ’ਤੇ ਅਦਾਲਤ ਨੇ ਕਿਹਾ ਕਿ ਦੂਸਰੇ ਜਸਟਿਸ ਨੂੰ ਇਸ ਮਾਮਲੇ ਦੀ ਫਾਈਲ ਦੇਰ ਨਾਲ ਮਿਲੀ ਹੈ ਅਤੇ ਉਨ੍ਹਾਂ ਵੱਲੋਂ ਫਾਈਲ ਵੇਖੇ ਬਿਨਾਂ ਕੋਈ ਅੰਤਰਿਮ ਹੁਕਮ ਨਹੀਂ ਦਿੱਤਾ ਜਾ ਸਕਦਾ। ਇਸ ਤੋਂ ਬਾਅਦ ਸੁਣਵਾਈ ਸ਼ੁੱਕਰਵਾਰ ਲਈ ਰੱਖ ਦਿੱਤੀ ਗਈ। Punjab News

ਇਸ ਦਾ ਮਤਲਬ ਹੈ ਕਿ ਹਾਈ ਕੋਰਟ ਵੱਲੋਂ ਸੀਬੀਆਈ ਨੂੰ ਦਿੱਤੇ ਜਾਂਚ ਦੇ ਹੁਕਮ ਇਸ ਵੇਲੇ ਲਾਗੂ ਹਨ ਅਤੇ ਜਾਂਚ ’ਤੇ ਸੁਪਰੀਮ ਕੋਰਟ ਵੱਲੋਂ ਕੋਈ ਰੋਕ ਨਹੀਂ ਲਾਈ ਗਈ। ਸੀਬੀਆਈ ਨੇ ਹਾਈ ਕੋਰਟ ਦੇ ਪੰਜ ਅਕਤੂਬਰ ਦੇ ਹੁਕਮ ਤੋਂ ਬਾਅਦ ਮਾਮਲਾ ਦਰਜ ਕਰਕੇ ਪੰਜਾਬ ਵਿੱਚ ਕਈ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਸਮੇਤ ਛੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਸੀਬੀਆਈ ਨੇ 5 ਅਕਤੂਬਰ ਨੂੰ 251 ਸਫਿਆਂ ਦੀ ਐੱਫਆਈਆਰ ਦਰਜ ਕੀਤੀ ਸੀ। ਮਾਮਲੇ ਵਿੱਚ ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ ਅਤੇ ਆਰਐੱਸ ਨਾਗਰਾ ਦੇ ਨਾਂਅ ਵੀ ਸ਼ਾਮਲ ਹਨ। ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਪੁਲਿਸ ਮੁਖੀ ਨੂੰ ਭੇਜੀਆਂ ਗਈਆਂ ਚਿੱਠੀਆਂ ਵਿੱਚ ਕਥਿਤ ਤੌਰ ’ਤੇ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ, ਸਰਕਾਰੀ ਦਸਤਾਵੇਜ਼ਾਂ ਤੱਕ ਪਹੁੰਚ। Punjab News

ਇਹ ਵੀ ਪੜ੍ਹੋ : Kerala Wild Elephant Deaths: ਕੇਰਲ ’ਚ ਜੰਗਲੀ ਹਾਥੀਆਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਨਾਲ ਸਨਸਨੀ, CBI ਜਾਂਚ ਦੀ ਮੰਗ

ਨੀਤੀਗਤ ਫ਼ੈਸਲਿਆਂ, ਪ੍ਰਵਾਨਗੀਆਂ,  ਠੇਕਿਆਂ, ਲਾਇਸੈਂਸਾਂ ਅਤੇ ਜ਼ਮੀਨ ਦੀ ਵਰਤੋਂ ਬਦਲਣ ਨਾਲ ਜੁੜੇ ਮਾਮਲਿਆਂ ਵਿੱਚ ਪੈਸੇ ਦੇ ਲੈਣ-ਦੇਣ ਅਤੇ ਪ੍ਰਭਾਵ ਦੀ ਵਰਤੋਂ ਦੇ ਦੋਸ਼ ਲਾਏ ਗਏ ਸਨ। ਹਾਈ ਕੋਰਟ ਨੇ ਉਪਲਬਧ ਸਮੱਗਰੀ ਨੂੰ ਪਹਿਲੀ ਨਜ਼ਰ ਵਿੱਚ ਗੰਭੀਰ ਮੰਨਦਿਆਂ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ। ਸੀਬੀਆਈ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਸੈਕਟਰ-2 ਸਥਿਤ ਕੈਂਪ ਦਫ਼ਤਰ, ਰਾਜਬੀਰ ਸਿੰਘ ਘੁੰਮਣ ਦੇ ਸੰਗਰੂਰ ਜ਼ਿਲ੍ਹੇ ਦੇ ਘਰ ਸਮੇਤ ਪੰਜਾਬ ਵਿੱਚ ਅੱਠ ਥਾਵਾਂ ’ਤੇ ਛਾਪੇ ਮਾਰੇ ਸਨ। ਇਸ ਦੌਰਾਨ ਮੋਬਾਇਲ ਫੋਨ, ਲੈਪਟਾਪ ਅਤੇ ਹੋਰ ਦਸਤਾਵੇਜ਼ ਕਬਜ਼ੇ ਵਿੱਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੂਜੇ ਪਾਸੇ, ਰਾਜਬੀਰ ਸਿੰਘ ਘੁੰਮਣ ਸਮੇਤ ਕੁਝ ਮੁਲਜ਼ਮ ਬੁੱਧਵਾਰ ਨੂੰ ਸੀਬੀਆਈ ਸਾਹਮਣੇ ਪੇਸ਼ ਨਹੀਂ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਜੇ ਘੁੰਮਣ ਨੂੰ ਢੰਗ ਨਾਲ ਸੰਮਨ ਮਿਲਦਾ ਹੈ ਤਾਂ ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਤਿਆਰ ਹੈ। ਭਗਵੰਤ ਮਾਨ ਨੇ ਜਾਂਚ ਲਈ ਸਰਕਾਰ ਦੇ ਸਹਿਯੋਗ ਦੀ ਗੱਲ ਵੀ ਕਹੀ ਹੈ।

ਸੰਮਨ ਮਿਲੇ ਤਾਂ ਸੀਬੀਆਈ ਜਾਂਚ ’ਚ ਸ਼ਾਮਲ ਹੋਣਗੇ ਰਾਜਬੀਰ ਸਿੰਘ ਘੁੰਮਣ: ਭਗਵੰਤ ਮਾਨ

ਅਸ਼ਵਨੀ ਚਾਵਲਾ। ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਸਬੰਧੀ ਚੱਲ ਰਹੀ ਸੀਬੀਆਈ ਜਾਂਚ ’ਤੇ ਆਪਣਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਿਯਮਾਂ ਮੁਤਾਬਕ ਸੰਮਨ ਮਿਲਦੇ ਹਨ ਤਾਂ ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦਿਨ ਰਾਜਵੀਰ ਸਿੰਘ ਘੁੰਮਣ ਸੀਬੀਆਈ ਦਫ਼ਤਰ ਇਸ ਲਈ ਨਹੀਂ ਪਹੁੰਚੇ, ਕਿਉਂਕਿ ਉਨ੍ਹਾਂ ਨੂੰ ਸੰਮਨ ਦੀ ਤਾਮੀਲ ਹੀ ਨਹੀਂ ਹੋਈ ਸੀ। ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੀਬੀਆਈ ਵੱਲੋਂ ਉਨ੍ਹਾਂ ਦੇ ਕੈਂਪ ਦਫ਼ਤਰ ਵਿੱਚ ਕੀਤੀ ਗਈ ਛਾਪੇਮਾਰੀ ਨੂੰ ਭਾਜਪਾ ਦੀ ਪੰਜਾਬ ਵਿੱਚ ਚੋਣ ਮੁਹਿੰਮ ਦੀ ਸ਼ੁਰੂਆਤ ਵਜੋਂ ਦੇਖਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਨੇੜੇ ਆਉਂਦਿਆਂ ਹੀ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਵਿਰੋਧੀ ਧਿਰਾਂ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਭਗਵੰਤ ਮਾਨ ਨੇ ਪੱਛਮੀ ਬੰਗਾਲ, ਦਿੱਲੀ, ਛੱਤੀਸਗੜ੍ਹ ਅਤੇ ਹਰਿਆਣਾ ਦੀਆਂ ਚੋਣਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਵੱਖ-ਵੱਖ ਸੂਬਿਆਂ ਵਿੱਚ ਚੋਣਾਂ ਤੋਂ ਪਹਿਲਾਂ ਵਿਰੋਧੀ ਆਗੂਆਂ ਜਾਂ ਉਨ੍ਹਾਂ ਨਾਲ ਜੁੜੇ ਲੋਕਾਂ ਖ਼ਿਲਾਫ਼ ਜਾਂਚ ਏਜੰਸੀਆਂ ਦੀ ਕਾਰਵਾਈ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਹੁਣ ਇਸੇ ਤਰ੍ਹਾਂ ਦੀ ਸਿਆਸੀ ਸਕ੍ਰਿਪਟ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਸੀਬੀਆਈ ਵੱਲੋਂ ਦਰਜ ਮਾਮਲੇ ਵਿੱਚ ਰਾਜਬੀਰ ਸਿੰਘ ਘੁੰਮਣ ਸਮੇਤ ਕਈ ਵਿਅਕਤੀਆਂ ਦੇ ਨਾਂਅ ਸ਼ਾਮਲ ਹਨ। ਜਾਂਚ ਵਿੱਚ ਕਥਿਤ ਭ੍ਰਿਸ਼ਟਾਚਾਰ, ਸਰਕਾਰੀ ਫੈਸਲਿਆਂ ਵਿੱਚ ਦਖ਼ਲਅੰਦਾਜ਼ੀ, ਤਬਾਦਲਿਆਂ ਅਤੇ ਤਾਇਨਾਤੀਆਂ ਸਮੇਤ ਹੋਰ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਮਾਮਲੇ ਤਹਿਤ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ’ਤੇ ਸੀਬੀਆਈ ਵੱਲੋਂ ਛਾਪੇਮਾਰੀ ਵੀ ਕੀਤੀ ਗਈ।

About The Author

Related Posts