Punjab Political News: ਸਰਕਾਰੀ ਜਾਇਦਾਦ ’ਤੇ ਸਿਆਸੀ ਪ੍ਰਚਾਰ ਸਬੰਧੀ ਮੁੱਖ ਚੋਣ ਅਧਿਕਾਰੀ ਸਖ਼ਤ, ਡੀਸੀਜ਼ ਨੂੰ ਤੁਰੰਤ ਕਾਰਵਾਈ ਦੇ ਹੁਕਮ
ਸ਼ਿਕਾਇਤਕਰਤਾ ਦਾ ਦਾਅਵਾ, ਸਰਕਾਰੀ ਖੰਭਿਆਂ, ਕੰਧਾਂ ਤੇ ਇਮਾਰਤਾਂ ’ਤੇ ਸਭ ਤੋਂ ਵੱਧ ਪੋਸਟਰ ਸੱਤਾਧਾਰੀ ਪਾਰਟੀ ਦੇ
ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab Political News: ਪੰਜਾਬ ਵਿੱਚ ਚੋਣਾਂ ਦਾ ਮਾਹੌਲ ਗਰਮ ਹੋਣ ਦੇ ਨਾਲ ਹੀ ਸਰਕਾਰੀ ਜਾਇਦਾਦ ’ਤੇ ਸਿਆਸੀ ਪ੍ਰਚਾਰ ਲਈ ਲੱਗ ਰਹੇ ਪੋਸਟਰਾਂ ਅਤੇ ਫਲੈਕਸਾਂ ਦਾ ਮਾਮਲਾ ਚੋਣ ਅਧਿਕਾਰੀਆਂ ਤੱਕ ਪਹੁੰਚ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਮਿਲੀ ਸ਼ਿਕਾਇਤ ’ਤੇ ਬਣਦੀ ਕਾਰਵਾਈ ਕਰਨ ਲਈ ਕਿਹਾ ਹੈ।16 ਅਕਤੂਬਰ 2026 ਨੂੰ ਜਾਰੀ ਕੀਤੇ ਪੱਤਰ ਵਿੱਚ 9 ਅਕਤੂਬਰ ਨੂੰ ਪ੍ਰਾਪਤ ਸ਼ਿਕਾਇਤ ਦਾ ਹਵਾਲਾ ਦਿੱਤਾ ਗਿਆ ਹੈ।
ਇਹ ਸ਼ਿਕਾਇਤ ਜਨ ਜਨਵਾਦੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਜਗਦੇਵ ਵੱਲੋਂ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਸਿੱਧੇ ਤੌਰ ’ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਾਇਆ ਹੈ ਕਿ ਸਰਕਾਰੀ ਅਤੇ ਜਨਤਕ ਥਾਵਾਂ ਨੂੰ ਸਿਆਸੀ ਪ੍ਰਚਾਰ ਲਈ ਵਰਤਿਆ ਜਾ ਰਿਹਾ ਹੈ। ਸ਼ਿਕਾਇਤਕਰਤਾ ਮੁਤਾਬਕ ਬਿਜਲੀ ਦੇ ਖੰਭਿਆਂ, ਸਰਕਾਰੀ ਕੰਧਾਂ ਅਤੇ ਹੋਰ ਸਰਕਾਰੀ ਜਾਇਦਾਦ ’ਤੇ ਲੱਗੇ ਪੋਸਟਰਾਂ ਅਤੇ ਫਲੈਕਸਾਂ ਵਿੱਚ ਵੱਡੀ ਗਿਣਤੀ ਆਮ ਆਦਮੀ ਪਾਰਟੀ ਨਾਲ ਸਬੰਧਤ ਪ੍ਰਚਾਰ ਸਮੱਗਰੀ ਦੀ ਹੈ। Punjab Political News
ਇਹ ਦਾਅਵਾ ਸ਼ਿਕਾਇਤਕਰਤਾ ਵੱਲੋਂ ਕੀਤਾ ਗਿਆ ਹੈ ਅਤੇ ਇਸੇ ਅਧਾਰ ’ਤੇ ਉਸ ਨੇ ਚੋਣ ਅਧਿਕਾਰੀਆਂ ਕੋਲ ਕਾਰਵਾਈ ਦੀ ਮੰਗ ਕੀਤੀ ਹੈ।ਸ਼ਿਕਾਇਤ ਵਿੱਚ ਆਮ ਆਦਮੀ ਪਾਰਟੀ ਦੇ ਨਾਲ ਕਾਂਗਰਸ ਅਤੇ ਭਾਜਪਾ ਵੱਲੋਂ ਵੀ ਧਾਰਮਿਕ ਸਥਾਨਾਂ, ਬਿਜਲੀ ਦੇ ਖੰਭਿਆਂ ਅਤੇ ਸਰਕਾਰੀ ਕੰਧਾਂ ’ਤੇ ਕਥਿਤ ਤੌਰ ’ਤੇ ਲਾਏ ਗਏ ਫਲੈਕਸਾਂ ਅਤੇ ਪੋਸਟਰਾਂ ਦਾ ਮੁੱਦਾ ਚੁੱਕਿਆ ਗਿਆ ਹੈ। ਸ਼ਿਕਾਇਤਕਰਤਾ ਨੇ ਸਵਾਲ ਖੜ੍ਹਾ ਕੀਤਾ ਹੈ ਕਿ ਜੇਕਰ ਸਰਕਾਰੀ ਜਾਇਦਾਦ ਆਮ ਲੋਕਾਂ ਦੇ ਪੈਸੇ ਨਾਲ ਬਣੀ ਹੈ ਤਾਂ ਉਸ ਨੂੰ ਕਿਸੇ ਵੀ ਸਿਆਸੀ ਪਾਰਟੀ ਦੇ ਪ੍ਰਚਾਰ ਲਈ ਕਿਵੇਂ ਵਰਤਿਆ ਜਾ ਸਕਦਾ ਹੈ।
ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਸ਼ਿਕਾਇਤ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਕੋਲ ਭੇਜਦਿਆਂ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਲਈ ਕਿਹਾ ਜਾਣਾ ਇਸ ਮਾਮਲੇ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ। ਹੁਣ ਸਾਰੀਆਂ ਨਜ਼ਰਾਂ ਡਿਪਟੀ ਕਮਿਸ਼ਨਰਾਂ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ’ਤੇ ਟਿਕੀਆਂ ਹਨ। ਜੇਕਰ ਸਰਕਾਰੀ ਜਾਇਦਾਦ ’ਤੇ ਲੱਗੇ ਪੋਸਟਰ ਅਤੇ ਫਲੈਕਸ ਨਿਯਮਾਂ ਦੇ ਉਲਟ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਹਟਾਉਣ ਦੇ ਨਾਲ-ਨਾਲ ਜ਼ਿੰਮੇਵਾਰਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਂਦੀ ਹੈ, ਇਹ ਆਉਣ ਵਾਲੇ ਦਿਨਾਂ ਵਿੱਚ ਇਸ ਪੂਰੇ ਮਾਮਲੇ ਦਾ ਸਭ ਤੋਂ ਵੱਡਾ ਸਵਾਲ ਰਹੇਗਾ।
ਇਹ ਵੀ ਪੜ੍ਹੋ : JEE Main 2027: ਜੇਈਈ ਮੇਨ, ਨਵੇਂ ਸਿਲੇਬਸ ਅਨੁਸਾਰ ਤਿਆਰੀ ਕਰਨ ਵਿਦਿਆਰਥੀ