Punjab
Self Help Groups: ਸਵੈ-ਸਹਾਇਤਾ ਸਮੂਹਾਂ ਰਾਹੀਂ ਔਰਤਾਂ ਨੂੰ ਉੱਦਮੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ : ਤਰੁਣਪ੍ਰੀਤ ਸਿੰਘ ਸੌਂਦ
30 ਪਿੰਡਾਂ ਦੀਆਂ ਔਰਤਾਂ ਨੂੰ ਪਸ਼ੂ ਪਾਲਣ ਅਤੇ ਡੇਅਰੀ ਫਾਰਮਿੰਗ ਸਬੰਧੀ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ
Self Help Groups: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਔਰਤਾਂ, ਨੌਜਵਾਨਾਂ ਅਤੇ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਕਮਿਊਨਿਟੀ ਮੈਨੇਜਡ ਟਰੇਨਿੰਗ ਸੈਂਟਰ ਵਿੱਚ ਸੈਲਫ ਹੈਲਪ ਗਰੁੱਪਾਂ ਨਾਲ ਸਬੰਧਤ ਔਰਤਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਨਾਲ ਜੋੜਨ ਅਤੇ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ 30 ਦਿਨਾਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ।
ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਔਰਤਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਰੁਜ਼ਗਾਰ ਦੇ ਅਜਿਹੇ ਮੌਕੇ ਮੁਹੱਈਆ ਕਰਵਾਏ ਜਾਣ, ਜਿਸ ਨਾਲ ਉਨ੍ਹਾਂ ਨੂੰ ਰੋਜ਼ੀ-ਰੋਟੀ ਕਮਾਉਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ ਅਤੇ ਉਹ ਸਵੈ-ਮਾਣ ਨਾਲ ਆਪਣਾ ਜੀਵਨ ਬਤੀਤ ਕਰ ਸਕਣ। ਜਿਸ ਲਈ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਤੇ ਪਸ਼ੂ ਪਾਲਣ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਇਹ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 30 ਪਿੰਡਾਂ ਵਿੱਚੋਂ ਔਰਤਾਂ ਦੀ ਚੋਣ ਕਰਕੇ ਇਸ ਪ੍ਰੋਗਰਾਮ ਨੂੰ ਪਾਇਲਟ ਪ੍ਰੋਜੈਕਟ ਵਜੋਂ
ਸ਼ੁਰੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: National Press Day: ਪੱਤਰਕਾਰ ਭਾਈਚਾਰੇ ਨੇ ਮਨਾਇਆ ਕੌਮੀ ਪ੍ਰੈਸ ਦਿਵਸ
ਇਸ ਤਹਿਤ ਔਰਤਾਂ ਨੂੰ ਲਗਾਤਾਰ 30 ਦਿਨ ਪਸ਼ੂ ਪਾਲਣ, ਡੇਅਰੀ ਫਾਰਮਿੰਗ ਅਤੇ ਪਸ਼ੂਆਂ ਦੀ ਸਾਂਭ-ਸੰਭਾਲ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਉਪਰਾਲਾ ਸਿਰਫ਼ ਚੁਣੀਆਂ ਗਈਆਂ ਔਰਤਾਂ ਤੱਕ ਹੀ ਸੀਮਤ ਨਹੀਂ ਹੈ, ਸਗੋਂ ਪਸ਼ੂ ਪਾਲਣ ਦਾ ਕਿੱਤਾ ਸਿੱਖਣ ਦੇ ਚਾਹਵਾਨ ਕੋਈ ਵੀ ਵਿਅਕਤੀ ਵੀ ਇਸ ਤੋਂ ਲਾਭ ਲੈ ਸਕਦਾ ਹੈ। ਇਸ ਮੌਕੇ ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੋਵਾਂ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਪੇਂਡੂ ਔਰਤਾਂ ਨੂੰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਮਦਦ ਮਿਲੇਗੀ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਸਿੰਗਾਰਾ ਸਿੰਘ ਸਲਾਣਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਰੀਤ ਕੌਰ ਸੇਖੋਂ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਸਰਬਜੀਤ ਸਿੰਘ, ਡੀ.ਡੀ.ਪੀ.ਓ. ਦਿਲਾਵਰ ਕੌਰ, ਪੀ.ਡੀ.ਸੀ. ਮੈਂਬਰ ਵੈਭਵ ਮਹੇਸ਼ਵਰੀ, ਡਾ. ਰਣਜੀਤ ਕੌਰ (ਡਿਪਟੀ ਐਡਵਾਇਜ਼ਰ), ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਟਰੇਡ ਵਿੰਗ ਖੰਨਾ ਦੇ ਚੇਅਰਮੈਨ ਵਿਕਾਸ ਭਾਟੀਆ, ਅਮਰਜੀਤ ਵਾਲੀਆ ਅਤੇ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ।
Comments