Bhagwant Mann News: CM ਭਗਵੰਤ ਮਾਨ 3 ਅਕਤੂਬਰ ਨੂੰ ਕਰਨਗੇ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ
ਸੀਐਮ ਭਗਵੰਤ ਮਾਨ 3 ਅਕਤੂਬਰ ਨੂੰ ਕਰਨਗੇ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ
ਬਟਾਲਾ (ਸੱਚ ਕਹੂੰ ਨਿਊਜ਼/ਹਿੰ.ਸ.)। ਪਿੰਡ ਘਣੀਏ-ਕੇ-ਬਾਂਗਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ 3 ਅਕਤੂਬਰ ਨੂੰ ਹੋਣ ਵਾਲੀ ਆਮਦ ਤੇ ਪਿੰਡ ਦੇ ਸਰਬਪੱਖੀ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਿੰਡ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਿੰਡ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀਆਂ ਸਹੂਲਤਾਂ ਨੂੰ ਧਿਆਨ ’ਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ। Bhagwant Mann News
ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਤੇ ਗੁਰਦਾਸਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੋਬਨ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 3 ਅਕਤੂਬਰ ਨੂੰ ਪਿੰਡ ਘਣੀਏ-ਕੇ-ਬਾਂਗਰ ਪਹੁੰਚਣਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਵੱਲੋਂ ਪਿੰਡ ਸਮੇਤ ਹਲਕੇ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ। ਜੋਬਨ ਰੰਧਾਵਾ ਨੇ ਕਿਹਾ ਕਿ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫਤਿਹਗੜ੍ਹ ਚੂੜੀਆਂ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਖੇਤਰਾਂ ’ਚ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ, ਜਿਨ੍ਹਾਂ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਜਾਵੇਗੀ। Bhagwant Mann News
ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਤੇ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਉਹ ਲਗਾਤਾਰ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਰੰਧਾਵਾ ਨੇ ਕਿਹਾ ਕਿ ਹਲਕੇ ਦੇ ਵਿਕਾਸ ’ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸਪੀ (ਐੱਚ.) ਖੁਸ਼ਬੀਰ ਕੌਰ, ਐੱਸਡੀਐੱਮ ਸੁਖਜਿੰਦਰ ਸਿੰਘ ਟਿਵਾਣਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ : Punjab Chandigarh Weather: ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਬਦਲਿਆ ਮਿਜਾਜ਼, ਤਾਪਮਾਨ ’ਚ ਗਿਰਾਵਟ ਨਾਲ ਸਵੇਰੇ ਤੇ ਸ਼ਾਮ ਵੇਲੇ ਠੰਢ