Punjab
Punjab Pensioners News: ਪੰਜਾਬ ਸਰਕਾਰ ਵਿਰੁੱਧ ਮਹਿੰਗਾਈ ਭੱਤੇ ਦੇ ਬਕਾਏ ਮਾਮਲੇ ’ਚ ਅਪਰਾਧਿਕ ਮਾਣਹਾਨੀ ਦਾ ਨੋਟਿਸ
ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਦੇ ਹਲਫ਼ਨਾਮੇ ’ਤੇ ਅਦਾਲਤ ਨੇ ਚੁੱਕੇ ਸਵਾਲ
ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab Pensioners News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਦੇ ਬਕਾਏ ਦੀ ਅਦਾਇਗੀ ਨਾ ਕਰਨ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਅਦਾਲਤੀ ਹੁਕਮਾਂ ਦੀ ਪਾਲਣਾ ਨਾ ਹੋਣ ਤੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵੱਲੋਂ ਦਾਖ਼ਲ ਹਲਫ਼ਨਾਮੇ ਵਿੱਚ ਕਥਿਤ ਗ਼ਲਤ ਜਾਣਕਾਰੀ ਦੇ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਅਪਰਾਧਿਕ ਮਾਣਹਾਨੀ ਦਾ ਰਸਮੀ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਨੇ ਸੂਬੇ ਦੇ ਲਗਭਗ ਸਾਢੇ ਸੱਤ ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਕਾਏ ਦੀ ਅਦਾਇਗੀ ਦਾ ਮੁੱਦਾ ਮੁੜ ਭਖਾ ਦਿੱਤਾ ਹੈ।
ਸੁਣਵਾਈ ਦੌਰਾਨ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵੀਡੀਓ ਰਾਹੀਂ ਅਦਾਲਤ ’ਚ ਪੇਸ਼ ਹੋਏ। ਜਸਟਿਸ ਵਿਨੋਦ ਐੱਸ. ਭਾਰਦਵਾਜ ਨੇ ਮੁੱਖ ਸਕੱਤਰ ਤੋਂ ਸੁਪਰੀਮ ਕੋਰਟ ਵਿੱਚ ਦਾਇਰ ਵਿਸ਼ੇਸ਼ ਇਜਾਜ਼ਤ ਪਟੀਸ਼ਨ ਦੀ ਸਥਿਤੀ ਬਾਰੇ ਪੁੱਛਿਆ। ਮੁੱਖ ਸਕੱਤਰ ਨੇ ਕਿਹਾ ਕਿ ਇਸ ਬਾਰੇ ਸਬੰਧਿਤ ਵਕੀਲ ਤੋਂ ਜਾਣਕਾਰੀ ਲੈਣ ਤੋਂ ਬਾਅਦ ਉਹ ਅਦਾਲਤ ’ਚ ਹਲਫ਼ਨਾਮਾ ਦਾਖ਼ਲ ਕਰਨਗੇ। ਮੁੱਖ ਸਕੱਤਰ ਨੇ ਆਪਣੇ ਵਿਰੁੱਧ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਬਾਰੇ ਜਵਾਬ ਦੇਣ ਲਈ ਹੋਰ ਸਮਾਂ ਮੰਗਿਆ। ਮੁਲਾਜ਼ਮਾਂ ਵੱਲੋਂ ਪੇਸ਼ ਹੋਏ ਵਕੀਲ ਚੇਤਨ ਮਿੱਤਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਲਗਭਗ ਸਾਢੇ ਸੱਤ ਲੱਖ ਮੁਲਾਜ਼ਮ ਤੇ ਪੈਨਸ਼ਨਰ ਆਪਣੇ ਬਣਦੇ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਦੇ ਬਕਾਏ ਦੀ ਉਡੀਕ ਕਰ ਰਹੇ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 27 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।
.ਇਸ ਮਾਮਲੇ ’ਚ ਹਾਈ ਕੋਰਟ ਦੀ ਸਹਾਇਤਾ ਲਈ ਸੀਨੀਅਰ ਵਕੀਲ ਆਰ. ਐੱਸ. ਚੀਮਾ ਨੂੰ ਵਿਸ਼ੇਸ਼ ਸਹਾਇਕ ਵਜੋਂ ਨਿਯੁਕਤ ਕੀਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 30 ਅਕਤੂਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਮੁਲਾਜ਼ਮਾਂ ਦੇ ਬਕਾਏ ਦੀ ਅਦਾਇਗੀ ਨਾਲ ਜੁੜੇ ਇਸ ਮਾਮਲੇ ’ਚ ਪਹਿਲਾਂ ਨਿਯਮਤ ਅਦਾਲਤੀ ਮਾਣਹਾਨੀ ਦੀ ਕਾਰਵਾਈ ਚੱਲ ਰਹੀ ਸੀ, ਪਰ ਬਾਅਦ ’ਚ ਇਸ ਨੂੰ ਅਪਰਾਧਿਕ ਮਾਣਹਾਨੀ ਦੇ ਦਾਇਰੇ ’ਚ ਲਿਆਂਦਾ ਗਿਆ। ਹੁਣ ਸਰਕਾਰ ਨੂੰ ਹਾਈ ਕੋਰਟ ਸਾਹਮਣੇ ਇਹ ਸਪੱਸ਼ਟ ਕਰਨਾ ਪਵੇਗਾ ਕਿ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਹੋਈ ਤੇ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਬਾਰੇ ਪਹਿਲਾਂ ਦਿੱਤੀ ਜਾਣਕਾਰੀ ਦੀ ਅਸਲ ਸਥਿਤੀ ਕੀ ਹੈ। Punjab Pensioners News
ਇਹ ਵੀ ਪੜ੍ਹੋ : IMD Weather Alert: ਪੰਜਾਬ, ਦਿੱਲੀ ਤੇ ਹਰਿਆਣਾ ’ਚ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ