Punjab Employees Strike 2026: ਪੰਜਾਬ ਦੇ ਸਰਕਾਰੀ ਮੁਲਾਜ਼ਮ ਅੱਜ ਤੋਂ ਦੋ ਰੋਜ਼ਾ ਮਹਾ ਹੜਤਾਲ ’ਤੇ, ਸਮੂਹਿਕ ਛੁੱਟੀ ਦਾ ਐਲਾਨ

ਦੋ ਦਿਨਾਂ ਦੀ ਹੜਤਾਲ ਨਾਲ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਹੋਵੇਗਾ ਪ੍ਰਭਾਵਿਤ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ 21 ਤੇ 22 ਅਕਤੂਬਰ ਨੂੰ ਦੋ ਦਿਨਾਂ ਦੀ ਮਹਾ ਹੜਤਾਲ ਕੀਤੀ ਜਾ ਰਹੀ ਹੈ। ਮੁਲਾਜ਼ਮ ਜਥੇਬੰਦੀਆਂ ਵੱਲੋਂ ਇਸ ਨੂੰ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਦੱਸਿਆ ਗਿਆ ਹੈ। ਦੋ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮਕਾਜ ਵੱਡੇ ਪੱਧਰ ’ਤੇ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ। 

ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਸਰਕਾਰ ਨੂੰ ਆਪਣੀਆਂ ਮੰਗਾਂ ਪ੍ਰਤੀ ਗੰਭੀਰਤਾ ਦਿਖਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਜਥੇਬੰਦੀਆਂ ਦਾ ਦਾਅਵਾ ਹੈ ਕਿ ਲੰਮੇ ਸਮੇਂ ਤੋਂ ਮੁਲਾਜ਼ਮਾਂ ਨਾਲ ਸਬੰਧਿਤ ਕਈ ਅਹਿਮ ਮਸਲੇ ਸਰਕਾਰ ਕੋਲ ਲਟਕ ਰਹੇ ਹਨ, ਪਰ ਵਾਰ-ਵਾਰ ਮੀਟਿੰਗਾਂ ਤੇ ਭਰੋਸਿਆਂ ਦੇ ਬਾਵਜੂਦ ਇਨ੍ਹਾਂ ਦਾ ਪੱਕਾ ਹੱਲ ਨਹੀਂ ਹੋ ਸਕਿਆ। 21 ਤੇ 22 ਅਕਤੂਬਰ ਨੂੰ ਮਹਾ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ’ਚ ਆਮ ਲੋਕਾਂ ਨਾਲ ਸਬੰਧਿਤ ਰੋਜ਼ਾਨਾ ਦੇ ਕੰਮ ਪ੍ਰਭਾਵਿਤ ਹੋ ਸਕਦੇ ਹਨ।

ਸਰਟੀਫਿਕੇਟ, ਦਸਤਾਵੇਜ਼, ਪੈਨਸ਼ਨ, ਤਨਖ਼ਾਹ, ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਅਰਜ਼ੀਆਂ ਤੇ ਹੋਰ ਸਰਕਾਰੀ ਕੰਮਾਂ ਲਈ ਦਫ਼ਤਰਾਂ ਵਿੱਚ ਪਹੁੰਚਣ ਵਾਲੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੁਲਾਜ਼ਮ ਜਥੇਬੰਦੀਆਂ ਨੇ ਆਪਣੇ ਮੈਂਬਰਾਂ ਨੂੰ ਦੋਵੇਂ ਦਿਨ ਹੜਤਾਲ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਕਾਰਨ ਜ਼ਿਲ੍ਹਾ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਕਈ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪ੍ਰਭਾਵਿਤ ਹੋਣ ਦੇ ਆਸਾਰ ਹਨ। ਇਸ ਦੌਰਾਨ ਪੰਜਾਬ ਵਿੱਚ ਬੱਸਾਂ ਵੀ ਪੂਰਨ ਰੂਪ ’ਚ ਬੰਦ ਰਹਿਣਗੀਆਂ। ਜਿਸ ਕਰਕੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕਾਫੀ ਜਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਡੀਏ ਤੋਂ ਲੈ ਕੇ ਪੁਰਾਣੀ ਪੈਨਸ਼ਨ ਸਕੀਮ ਤੱਕ ਕਈ ਮੰਗਾਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਤਨਖ਼ਾਹ ਕਮਿਸ਼ਨ ਨਾਲ ਸਬੰਧਤ ਬਕਾਏ ਦੇਣ, ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਵੱਖ-ਵੱਖ ਭੱਤਿਆਂ ਦੀ ਬਹਾਲੀ ਸਮੇਤ ਕਈ ਮੰਗਾਂ ਉਠਾਈਆਂ ਜਾ ਰਹੀਆਂ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਵਧਦੀ ਮਹਿੰਗਾਈ ਦੇ ਦੌਰ ਵਿੱਚ ਉਨ੍ਹਾਂ ਨੂੰ ਆਪਣੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਮੰਗਾਂ ਨੂੰ ਹੱਲ ਕਰਨ ਲਈ ਕਈ ਵਾਰ ਭਰੋਸਾ ਦਿੱਤਾ ਗਿਆ, ਪਰ ਜ਼ਮੀਨੀ ਪੱਧਰ ’ਤੇ ਉਮੀਦ ਮੁਤਾਬਕ ਕਾਰਵਾਈ ਨਹੀਂ ਹੋਈ।

ਸਰਕਾਰ ’ਤੇ ਵਧੇਗਾ ਦਬਾਅ ਦੋ ਦਿਨਾਂ ਦੀ ਮਹਾ ਹੜਤਾਲ ਨੂੰ ਪੰਜਾਬ ਸਰਕਾਰ ਲਈ ਵੱਡੀ ਚੁਣੌਤੀ ਵਜੋਂ ਦੇਖਿਆ ਜਾ ਰਿਹਾ ਹੈ। ਜੇਕਰ ਵੱਡੀ ਗਿਣਤੀ ’ਚ ਮੁਲਾਜ਼ਮ ਹੜਤਾਲ ਵਿੱਚ ਸ਼ਾਮਲ ਹੁੰਦੇ ਹਨ ਤਾਂ ਸਰਕਾਰੀ ਦਫ਼ਤਰਾਂ ਦਾ ਆਮ ਕੰਮਕਾਜ ਲਗਭਗ ਠੱਪ ਰਹਿਣ ਦੀ ਸਥਿਤੀ ਬਣ ਸਕਦੀ ਹੈ। ਮੁਲਾਜ਼ਮ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਮਕਸਦ ਸਰਕਾਰ ਨੂੰ ਆਪਣੀਆਂ ਮੰਗਾਂ ਮੰਨਣ ਲਈ ਮਜਬੂਰ ਕਰਨਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ 21 ਤੇ 22 ਅਕਤੂਬਰ ਦੀ ਕਾਰਵਾਈ ਤੋਂ ਬਾਅਦ ਵੀ ਸਰਕਾਰ ਵੱਲੋਂ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : Punjab Dussehra News: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੁਧਿਆਣਾ ਵਿੱਚ ਨਸ਼ਾ ਰੂਪੀ ਰਾਵਣ ਦਾ ਪੁਤਲਾ ਸਾੜਿਆ

About The Author

Related Posts