Punjab
Punjab News: ਪੰਜਾਬ ਸਰਕਾਰ ਹੜਤਾਲੀ ਤੇ ਗੈਰ ਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਕਰੇਗੀ ਕਾਰਵਾਈ, ਵਿਭਾਗਾਂ ਤੋਂ ਮੰਗਿਆ ਵੇਰਵਾ
ਵੇਰਵਾ 27 ਅਗਸਤ 2026 ਦੇ ਕੰਮਕਾਜੀ ਦਿਨ ਦੀ ਸਮਾਪਤੀ ਤੱਕ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਭੇਜਣ ਲਈ ਕਿਹਾ
Punjab News: ਚੰਡੀਗੜ੍ਹ,(ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਗੈਰ-ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੇਰਵਾ ਮੰਗਿਆ ਗਿਆ ਹੈ।
ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ ਸਰਕਾਰ ਨੂੰ ਲੋਕਾਂ ਵੱਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਕਈ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਡਿਊਟੀ ’ਤੇ ਹਾਜ਼ਰ ਨਾ ਹੋਣ ਕਾਰਨ ਆਮ ਲੋਕਾਂ ਨੂੰ ਸਰਕਾਰੀ ਕੰਮਕਾਜ ਕਰਵਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਰੇ ਪ੍ਰਬੰਧਕੀ ਸਕੱਤਰਾਂ ਅਤੇ ਵਿਭਾਗੀ ਮੁਖੀਆਂ ਨੂੰ ਆਪਣੇ-ਆਪਣੇ ਵਿਭਾਗਾਂ ਵਿੱਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੇਰਵਾ 27 ਅਗਸਤ 2026 ਦੇ ਕੰਮਕਾਜੀ ਦਿਨ ਦੀ ਸਮਾਪਤੀ ਤੱਕ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਭੇਜਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: Jalandhar News: ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 1746 ਪੁਲਿਸ ਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਸਰਕਾਰ ਨੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਲਾਗੂ ਸੇਵਾ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੇ ਇਸ ਰੁਖ ਨੂੰ ਸਰਕਾਰੀ ਦਫ਼ਤਰਾਂ ਵਿੱਚ ਅਨੁਸ਼ਾਸਨ ਅਤੇ ਹਾਜ਼ਰੀ ਯਕੀਨੀ ਬਣਾਉਣ ਵੱਲ ਇੱਕ ਸਖ਼ਤ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਕਾਰਵਾਈ ਦਾ ਮੁੱਖ ਮਕਸਦ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਨੂੰ ਸੁਚਾਰੂ ਬਣਾਉਣਾ ਅਤੇ ਲੋਕਾਂ ਨੂੰ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਵਿਭਾਗਾਂ ਤੋਂ ਮੰਗੇ ਗਏ ਵੇਰਵਿਆਂ ਦੇ ਆਧਾਰ ’ਤੇ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਜਵਾਬਦੇਹੀ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ।