Punjab Paddy Purchase: ਸੂਬੇ ਦੀਆਂ ਕਈ ਮੰਡੀਆਂ ’ਚ ਝੋਨੇ ਦੀ ਖਰੀਦ ਬੰਦ, ਕਿਸਾਨਾਂ ’ਚ ਰੋਸ
ਪੰਜਾਬ ਦੇ ਕਾਫ਼ੀ ਜ਼ਿਲ੍ਹਿਆਂ ਵਿੱਚ ਅਜੇ ਖੇਤਾਂ ’ਚ ਖੜ੍ਹੀ ਹੈ ਝੋਨੇ ਦੀ ਫਸਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਪਈ ਹੈ, ਪਰ ਸੂਬੇ ਦੀਆਂ ਕਈ ਮੰਡੀਆਂ ਵਿੱਚ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ। ਖਰੀਦ ਬੰਦ ਹੋਣ ਕਰਕੇ ਕਿਸਾਨਾਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਅਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਤੈਅ ਖਰੀਦ ਟੀਚੇ ਨੂੰ ਪੂਰਾ ਕਰਨ ਦੀ ਗੱਲ ਆਖੀ ਜਾ ਰਹੀ ਹੈ, ਜਦਕਿ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਪਈ ਹੈ।
ਇੱਧਰ ਸ਼ੈੱਲਰਾਂ ਵਾਲਿਆਂ ਵੱਲੋਂ ਨਖਰੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਸ਼ੈੱਲਰਾਂ ਵਿੱਚ ਮਾਲ ਪੂਰਾ ਹੋ ਗਿਆ ਹੈ, ਜਿਸ ਤੋਂ ਬਾਅਦ ਕਿਸਾਨਾਂ ਤੋਂ ਵੱਧ ਮੁਆਇਚਰ ਆਖ ਕੇ ਕਾਟ ਵਸੂਲਣ ਦੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਹਨ। ਜਾਣਕਾਰੀ ਮੁਤਾਬਿਕ ਮਾਲਵਾ ਖਿੱਤੇ ਵਿੱਚ ਅਜੇ ਝੋਨੇ ਦੀ ਫਸਲ ਖੜ੍ਹੀ ਹੈ ਪਰ ਸਰਕਾਰ ਵੱਲੋਂ ਮੰਡੀਆਂ ਵਿੱਚ ਖਰੀਦ ਬੰਦ ਕਰ ਦਿੱਤੀ ਗਈ ਹੈ। ਪਟਿਆਲਾ ਜ਼ਿਲ੍ਹੇ ਦੇ ਨਾਭਾ ਮੰਡੀ ਵਿੱਚ ਖਰੀਦ ਬੰਦ ਹੋਣ ਕਰਕੇ ਕਿਸਾਨਾਂ ਵੱਲੋਂ ਧਰਨਾ ਪ੍ਰਰਦਸ਼ਨ ਕੀਤਾ ਗਿਆ।
ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੀਆਂ ਜ਼ਿਆਦਾਤਰ ਸਬ-ਯਾਰਡ ਅਤੇ ਆਰਜ਼ੀ ਮੰਡੀਆਂ ਵਿੱਚ ਖਰੀਦ ਰੋਕ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੁਸ਼ਿਆਰਪੁਰ, ਕਪੂਰਥਲਾ ਅਤੇ ਫਗਵਾੜਾ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਮੰਡੀਆਂ ਪ੍ਰਭਾਵਿਤ ਹੋਈਆਂ ਹਨ। ਮੁਹਾਲੀ ਦੇ ਬਨੂੜ ਅਤੇ ਖੇੜਾ ਗੱਜੂ ਸਮੇਤ ਲੁਧਿਆਣਾ ਜ਼ਿਲ੍ਹੇ ਦੀਆਂ ਕਈ ਮੰਡੀਆਂ ਵਿੱਚ ਖਰੀਦ ਰੁਕਣ ਦੀ ਖ਼ਬਰ ਹੈ।
ਅਧਿਕਾਰੀਆਂ ਵੱਲੋਂ ਤਰਕ ਦਿੱਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਇਸ ਸੀਜ਼ਨ ਲਈ ਪੰਜਾਬ ਨੂੰ 180 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦਾ ਟੀਚਾ ਦਿੱਤਾ ਗਿਆ ਹੈ। 9 ਨਵੰਬਰ 2026 ਤੱਕ ਸੂਬੇ ਵਿੱਚ 164.90 ਲੱਖ ਮੀਟ੍ਰਿਕ ਟਨ ਖਰੀਦ ਹੋ ਚੁੱਕੀ ਹੈ। ਅਧਿਕਾਰੀਆਂ ਨੂੰ ਖਦਸ਼ਾ ਹੈ ਕਿ ਕੁੱਲ ਆਮਦ 190 ਲੱਖ ਮੀਟ੍ਰਿਕ ਟਨ ਤੱਕ ਜਾ ਸਕਦੀ ਹੈ, ਜਿਸ ਕਾਰਨ ਵਾਧੂ ਖਰੀਦ ਨੂੰ ਰੋਕਣ ਲਈ ਮੰਡੀਆਂ ਬੰਦ ਕੀਤੀਆਂ ਗਈਆਂ ਹਨ।
ਇਹ ਵੀ ਆਖਿਆ ਗਿਆ ਹੈ ਕਿ ਦੂਜੇ ਰਾਜਾਂ ਤੋਂ ਸਸਤਾ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਮੰਡੀ ਬੋਰਡ ਨੇ ਇਹ ਸਖ਼ਤ ਫੈਸਲਾ ਲਿਆ ਹੈ। ਸੰਗਰੂਰ ਜ਼ਿਲ੍ਹੇ ਦੀ ਭਵਾਨੀਗੜ੍ਹ ਮੰਡੀ ਵਿੱਚ ਬੈਠੇ ਕਿਸਾਨਾਂ ਨੇ ਦੱਸਿਆ ਕਿ ਉਹ ਪਿਛਲੇ 12 ਦਿਨਾਂ ਤੋਂ ਬੈਠੇ ਹਨ ਅਤੇ ਮੁਆਇਚਰ ਵੱਧ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਈ ਸ਼ੈੱਲਰਾਂ ਵਾਲਿਆਂ ਵੱਲੋਂ ਝੋਨੇ ਵਿੱਚ ਨਮੀ ਵੱਧ ਹੋਣ ਦਾ ਤਰਕ ਦੇ ਕੇ ਕਾਟ ਕੱਟਣ ਦੀ ਗੱਲ ਆਖੀ ਗਈ ਹੈ, ਜਿਸ ’ਤੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਹੈ। ਪਟਿਆਲਾ ਦੇ ਨਾਭਾ, ਲੁਧਿਆਣਾ, ਬਨੂੜ ਆਦਿ ਕਈ ਥਾਵਾਂ ’ਤੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
13 ਨੂੰ ਵਿਰੋਧ ਪ੍ਰਦਰਸ਼ਨ ਦਾ ਸੱਦਾ
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ 400 ਮੰਡੀਆਂ ਨੂੰ ਬੰਦ ਕਰਨ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕਰਨ ਦੇ ਮੁੱਖ ਮੰਤਰੀ ਦੇ ਬਿਆਨ ਅਨੁਸਾਰ ਬੰਦ ਕੀਤੀਆਂ ਮੰਡੀਆਂ ਮੁੜ ਚਾਲੂ ਕੀਤੀਆਂ ਜਾਣ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਡੀਆਂ ਫੌਰੀ ਚਾਲੂ ਕਰਕੇ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ ਕਿਸਾਨ 13 ਨਵੰਬਰ ਦੇ ਵਿਰੋਧ ਪ੍ਰਦਰਸ਼ਨ ਮਗਰੋਂ ਹੋਰ ਵੀ ਜ਼ੋਰਦਾਰ ਢੰਗ ਨਾਲ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।
ਐੱਸਕੇਐੱਮ ਤੁਰੰਤ ਇਸ ਖਿਲਾਫ਼ ਸੰਘਰਸ਼ ਕਰੇ : ਬਲਬੀਰ ਰਾਜੇਵਾਲ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜਾਣਕਾਰੀ ਮੁਤਾਬਿਕ 400 ਮੰਡੀਆਂ ਵਿੱਚ ਝੋਨੇ ਦੀ ਖਰੀਦ ਬੰਦ ਕਰ ਦਿੱਤੀ ਗਈ ਹੈ। ਜਦਕਿ ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਬਰਨਾਲਾ, ਫਰੀਦਕੋਟ, ਮੁਕਤਸਰ, ਲੁਧਿਆਣਾ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਝੋਨਾ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵਾਰ 195 ਲੱਖ ਮਂੀਟਰਕ ਟਨ ਝੋਨੇ ਦੀ ਪੈਦਾਵਾਰ ਹੋਣੀ ਹੈ ਅਤੇ ਝਾੜ ਚੰਗਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਮਾਝੇ ਅਤੇ ਮਾਲਵੇ ਦੇ ਇਲਾਕੇ ਦਾ ਕਾਫ਼ੀ ਝੋਨਾ ਹੜ੍ਹਾਂ ਕਾਰਨ ਬਰਬਾਦ ਹੋ ਗਿਆ ਸੀ। ਰਾਜੇਵਾਲ ਨੇ ਕਿਹਾ ਕਿ ਸਮੂਹ ਕਿਸਾਨ ਜਥੇਬੰਦੀਆਂ ਇਸ ਖਿਲਾਫ਼ ਇੱਕ ਐਮਰਜੰਸੀ ਮੀਟਿੰਗ ਸੱਦਣ ਤਾਂ ਜੋ ਜਿੱਥੇ ਮੰਡੀਆਂ ਵਿੱਚ ਖਰੀਦ ਬੰਦ ਹੋਈ ਹੈ, ਉੱਥੇ ਖਰੀਦ ਸ਼ੁਰੂ ਕਰਵਾਈ ਜਾਵੇ।
ਇਸ ਗੰਭੀਰ ਮਾਮਲੇ ਸਬੰਧੀ ਜਦੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਉਨ੍ਹਾਂ ਦੇ ਫੋਨ ’ਤੇ ਵਾਰ-ਵਾਰ ਗੱਲ ਕਰਨ ਲਈ ਫੋਨ ਕੀਤਾ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ ਇਸ ਦੇ ਨਾਲ ਉਹਨਾਂ ਨੂੰ ਜਦੋਂ ਵਟਸਅਪ ’ਤੇ ਮਾਮਲੇ ਸਬੰਧੀ ਜਦੋਂ ਮੈਸੇਜ਼ ਕੀਤਾ ਤਾਂ ਉਨ੍ਹਾਂ ਮੈਸੇਜ਼ ਤਾਂ ਰੀਡ ਕਰ ਲਿਆ, ਪਰ ਉਸ ਦਾ ਰਿਪਲਾਈ ਨਹੀਂ ਦਿੱਤਾ ਇਸ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਇਸ ਮਸਲੇ ’ਤੇ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਵੀ ਆਪਣਾ ਫੋਨ ਨਹੀਂ ਉਠਾਇਆ।
ਇਹ ਵੀ ਪੜ੍ਹੋ : Free Health Checkup: ਸ੍ਰੀ ਕਿੱਕੜਖੇੜਾ ’ਚ ਲੱਗੇ ਫ੍ਰੀ ਮੈਡੀਕਲ ਕੈਂਪ ਦਾ ਇਲਾਕਾ ਵਾਸੀਆਂ ਨੇ ਲਿਆ ਲਾਹਾ
Comments