Punjab Police ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਮੁੱਖ ਮੁਲਜ਼ਮ ਗ੍ਰਿਫ਼ਤਾਰ; 86-ਪੀ ਹੈਂਡ ਗ੍ਰਨੇਡ ਬਰਾਮਦ

ਮੁਲਜ਼ਮ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਸਿੱਧੇ ਸੰਪਰਕ ਵਿੱਚ

Ravinder Sharma Picture
Published On

ਜਲੰਧਰ (ਹਿੰ.ਸ.)।ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਐੱਸਬੀਐੱਸ ਨਗਰ (ਨਵਾਂਸ਼ਹਿਰ) ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮਾਡਿਊਲ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 86-ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਹੈ।

ਪੁਲਿਸ ਮੁਤਾਬਕ ਇਸ ਕਾਰਵਾਈ ਨਾਲ ਪੰਜਾਬ ਵਿੱਚ ਸੰਭਾਵਿਤ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਪੰਜਾਬ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।ਪੁਲਿਸ ਅਨੁਸਾਰ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਮੁਲਜ਼ਮ ਨੇ ਜਲੰਧਰ ਦੇ ਆਦਮਪੁਰ ਨੇੜੇ ਇੱਕ ਡੈੱਡ ਡ੍ਰੌਪ ਲੋਕੇਸ਼ਨ ਤੋਂ 86-P ਹੈਂਡ ਗ੍ਰਨੇਡ ਹਾਸਲ ਕੀਤਾ ਸੀ।

Read Also : ਕਿਸਾਨਾਂ ਨੇ ਰੋਸ ਮਾਰਚ ਕਰਕੇ ਐੱਸਡੀਐੱਮ ਨੂੰ ਦਿੱਤਾ ਮੰਗ ਪੱਤਰ

ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਇਸ ਮਾਮਲੇ ਵਿੱਚ ਥਾਣਾ ਸਦਰ ਨਵਾਂਸ਼ਹਿਰ (ਐੱਸਬੀਐੱਸ ਨਗਰ) ਵਿੱਚ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤੀ ਗਿਆ ਹੈ। ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ, ਤਾਂ ਜੋ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।ਪੁਲਿਸ ਦੀਆਂ ਟੀਮਾਂ ਇਸ ਅੱਤਵਾਦੀ ਮਾਡਿਊਲ ਨਾਲ ਜੁੜੇ ਪੂਰੇ ਨੈੱਟਵਰਕ ਦੀਆਂ ਕੜੀਆਂ ਖੰਗਾਲ ਰਹੀਆਂ ਹਨ। ਜਾਂਚ ਦੌਰਾਨ ਸਥਾਨਕ ਮਦਦਗਾਰਾਂ, ਫੰਡ ਮੁਹੱਈਆ ਕਰਵਾਉਣ ਵਾਲਿਆਂ ਅਤੇ ਸਰਹੱਦ ਪਾਰ ਬੈਠੇ ਵਿਦੇਸ਼ੀ ਹੈਂਡਲਰਾਂ ਦੀ ਭੂਮਿਕਾ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਬਰਾਮਦ ਕੀਤਾ ਗਿਆ ਗ੍ਰਨੇਡ ਕਿਸ ਟੀਚੇ ਜਾਂ ਜਨਤਕ ਸਥਾਨ ’ਤੇ ਹਮਲੇ ਲਈ ਵਰਤਿਆ ਜਾਣਾ ਸੀ।ਪੰਜਾਬ ਪੁਲਿਸ ਦੇ ਡੀਜੀਪੀ ਨੇ ਸੋਸ਼ਲ ਮੀਡੀਆ ਰਾਹੀਂ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਤਵਾਦ, ਸਰਹੱਦ ਪਾਰ ਤੋਂ ਚਲਾਈਆਂ ਜਾ ਰਹੀਆਂ ਸਾਜ਼ਿਸ਼ਾਂ ਅਤੇ ਸੰਗਠਿਤ ਅਪਰਾਧ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਡੀਜੀਪੀ ਨੇ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਪੰਜਾਬ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ। ਅਜਿਹੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰਹੇਗੀ।

About The Author

Related Posts