Punjab Roadways News: PRTC ਦੀ 248ਵੀਂ ਬੋਰਡ ਮੀਟਿੰਗ ’ਚ ਮੁਲਾਜ਼ਮ ਪੱਖੀ ਫ਼ੈਸਲਿਆਂ ਤੇ ਵਿਕਾਸ ਕਾਰਜਾਂ ਨੂੰ ਮਿਲੀ ਰਫ਼ਤਾਰ

309 ਨਵੀਆਂ ਆਪਣੀ ਮਾਲਕੀ ਵਾਲੀਆਂ ਸਧਾਰਨ ਬੱਸਾਂ ਫਲੀਟ ’ਚ ਸ਼ਾਮਲ ਕਰਨ ਸਮੇਤ ਅਹਿਮ ਪ੍ਰੋਜੈਕਟਾਂ ਦੀ ਸਮੀਖਿਆ

Khushdeep Singh Picture
Published On

ਪਟਿਆਲਾ (ਸੱਚ ਕਹੂੰ ਨਿਊਜ਼/ਏਜੰਸੀ)। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੀ 248ਵੀਂ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮੁਲਾਜ਼ਮ ਪੱਖੀ ਫ਼ੈਸਲੇ ਲਏ ਗਏ। ਇਸ ਦੇ ਨਾਲ ਹੀ ਕਾਰਪੋਰੇਸ਼ਨ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਮਦਨ ਵਧਾਉਣ ਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ।

ਮੀਟਿੰਗ ਵਿੱਚ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ, ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਡਾਇਰੈਕਟਰ ਗੁਰਪ੍ਰੀਤ ਸਿੰਘ ਵਿਰਕ ਸਮੇਤ ਵਿੱਤ ਤੇ ਸਟੇਟ ਟਰਾਂਸਪੋਰਟ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ। ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੀਆਰਟੀਸੀ ਦੇ ਭਵਿੱਖੀ ਵਿਕਾਸ ਤੇ ਆਮਦਨ ਦੇ ਨਵੇਂ ਸਰੋਤ ਪੈਦਾ ਕਰਨ ਲਈ ਚਲਾਏ ਜਾ ਰਹੇ ਅਹਿਮ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।

ਇਨ੍ਹਾਂ ’ਚ ਮੁੱਖ ਦਫ਼ਤਰ ਤੇ ਡਿਪੂਆਂ ਵਿੱਚ ਸੋਲਰ ਸਿਸਟਮ ਸਥਾਪਤ ਕਰਨਾ, ਰਿਟੇਲ ਪੈਟਰੋਲ ਪੰਪ ਸ਼ੁਰੂ ਕਰਨਾ, ਪੁਰਾਣੇ ਬੱਸ ਸਟੈਂਡ ਨੂੰ ਮੁੜ ਚਾਲੂ ਕਰਨਾ ਤੇ 309 ਨਵੀਆਂ ਆਪਣੀ ਮਾਲਕੀ ਵਾਲੀਆਂ ਸਧਾਰਨ ਬੱਸਾਂ ਨੂੰ ਕਾਰਪੋਰੇਸ਼ਨ ਦੇ ਬੇੜੇ ’ਚ ਸ਼ਾਮਲ ਕਰਨਾ ਸ਼ਾਮਲ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਤੇਜ਼ੀ ਤੇ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣਾ, ਪੀਆਰਟੀਸੀ ਦੀ ਕਾਰਗੁਜ਼ਾਰੀ ’ਚ ਸੁਧਾਰ ਕਰਨਾ ਤੇ ਉਪਲਬਧ ਸਰੋਤਾਂ ਦੀ ਸੁਚੱਜੀ ਵਰਤੋਂ ਕਰਕੇ ਕਾਰਪੋਰੇਸ਼ਨ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣਾ ਮੁੱਖ ਤਰਜੀਹਾਂ ਹਨ। ਚੇਅਰਮੈਨ ਨੇ ਕਿਹਾ ਕਿ ਪੀਆਰਟੀਸੀ ਦੀ ਤਰੱਕੀ ’ਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੈ ਤੇ ਉਨ੍ਹਾਂ ਦੇ ਜਾਇਜ਼ ਹਿੱਤਾਂ ਦੀ ਰਾਖੀ ਕਰਨਾ ਤੇ ਸਮੱਸਿਆਵਾਂ ਦਾ ਹੱਲ ਕਰਨਾ ਕਾਰਪੋਰੇਸ਼ਨ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਭਲਾਈ ਤੇ ਵਿਭਾਗ ਦੇ ਵਿਕਾਸ ਨੂੰ ਨਾਲ-ਨਾਲ ਲੈ ਕੇ ਚੱਲਣ ਨਾਲ ਪੀਆਰਟੀਸੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਕਾਰਪੋਰੇਸ਼ਨ ਯਾਤਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਲਗਾਤਾਰ ਯਤਨ ਕਰੇਗੀ।

ਇਹ ਵੀ ਪੜ੍ਹੋ : National Archery Championship: ਸ਼ਾਹ ਸਤਿਨਾਮ ਜੀ ਗਰਲਜ਼ ਕਾਲਜ, ਸ੍ਰੀਗੁਰੂਸਰ ਮੋਡੀਆ ਦੀ ਖਿਡਾਰਨ ਮੈਤਾਲੀ ਨੇ ਰਾਸ਼ਟਰੀ ਤੀਰਅੰਦਾਜ਼ੀ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਦਾ ਤਗਮਾ

Comments

Post Your Comment

About The Author

Related Posts