Mukh Mantri Sehat Yojana ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

2,008 ਪਿੰਡਾਂ ਤੇ ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਇੱਕ ਹਫ਼ਤੇ ਅੰਦਰ ਵੰਡੇ ਜਾਣਗੇ ਸਿਹਤ ਯੋਜਨਾ ਕਾਰਡ

Ravinder Sharma Picture
Published On

Mukh Mantri Sehat Yojana: ਚੰਡੀਗੜ੍ਹ : ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਲਗਭਗ 33 ਲੱਖ ਕਾਰਡ ਜਲਦ ਹੀ ਜ਼ਿਲ੍ਹਿਆਂ ਵਿੱਚ ਉਪਲੱਬਧ ਹੋਣ ਦੀ ਉਮੀਦ ਹੈ। ਸੂਬਾ ਸਰਕਾਰ ਸਾਰੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਲਈ ਯਤਨਸ਼ੀਲ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਲਗਭਗ 31 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਪਹਿਲਾਂ ਹੀ ਜ਼ਿਲ੍ਹਿਆਂ ਵਿੱਚ ਉਪਲੱਬਧ ਕਰਵਾਏ ਜਾ ਚੁੱਕੇ ਹਨ, ਜਦਕਿ ਕਰੀਬ 2 ਲੱਖ ਹੋਰ ਕਾਰਡ ਜਲਦ ਉਪਲੱਬਧ ਹੋਣ ਦੀ ਉਮੀਦ ਹੈ।

ਸਰਕਾਰ ਵੱਲੋਂ ਲਗਭਗ 2,008 ਪਿੰਡਾਂ ਅਤੇ ਵਾਰਡਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ 400 ਜਾਂ ਇਸ ਤੋਂ ਵੱਧ ਲਾਭਪਾਤਰੀ ਕਾਰਡ ਲਈ ਯੋਗ ਹਨ। ਇਨ੍ਹਾਂ ਸਥਾਨਾਂ ’ਤੇ ਵਿਸ਼ੇਸ਼ ਵੰਡ ਕੈਂਪ ਲਗਾਏ ਜਾਣਗੇ, ਤਾਂ ਜੋ ਕਾਰਡ ਵੰਡ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਲਾਭਪਾਤਰੀਆਂ ਨੂੰ ਆਪਣੇ ਖੇਤਰ ਵਿੱਚ ਹੀ ਕਾਰਡ ਪ੍ਰਾਪਤ ਕਰਨ ਦੀ ਸਹੂਲਤ ਮਿਲ ਸਕੇ।

Read Also : ਇਰਾਨੀ ਰਾਸ਼ਟਰਪਤੀ ਭਾਰਤ ਲਈ ਰਵਾਨਾ, BRICS ਨੂੰ ਇੱਕਪਾਸੜ ਨੀਤੀਆਂ ਦਾ ਮੁਕਾਬਲਾ ਕਰਨ ਲਈ ਦੱਸਿਆ ਇੱਕ ਮੰਚ

ਲਾਭਪਾਤਰੀਆਂ ਨੂੰ ਕੈਂਪਾਂ ਸਬੰਧੀ ਪਹਿਲਾਂ ਹੀ ਸੂਚਿਤ ਕੀਤਾ ਜਾਵੇਗਾ। ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ, ਸਿਹਤ ਮਿੱਤਰਾਂ ਅਤੇ ਹੋਰ ਫੀਲਡ ਸਟਾਫ਼ ਨੂੰ ਲਾਭਪਾਤਰੀਆਂ ਨੂੰ ਕੈਂਪਾਂ ਤੱਕ ਲਿਆਉਣ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਾਇਨਾਤ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡ ਪ੍ਰੋਗਰਾਮ ਦੇ ਰਸਮੀ ਤੌਰ ’ਤੇ ਸ਼ੁਭ ਆਰੰਭ ਤੋਂ ਬਾਅਦ ਕੈਂਪ ਆਧਾਰਿਤ ਵੰਡ ਸ਼ੁਰੂ ਕੀਤੀ ਜਾਵੇਗੀ। ਸਰਕਾਰ ਵੱਲੋਂ ਪ੍ਰੋਗਰਾਮ ਸ਼ੁਰੂ ਹੋਣ ਤੋਂ ਇੱਕ ਹਫ਼ਤੇ ਦੇ ਅੰਦਰ ਇਨ੍ਹਾਂ ਕੈਂਪਾਂ ਵਿੱਚ ਕਾਰਡ ਵੰਡ ਦਾ ਕੰਮ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।

ਜਿਨ੍ਹਾਂ ਪਿੰਡਾਂ ਅਤੇ ਵਾਰਡਾਂ ਵਿੱਚ 400 ਤੋਂ ਘੱਟ ਲਾਭਪਾਤਰੀ ਹਨ, ਉੱਥੇ ਪਹਿਲਾਂ ਤੋਂ ਚੱਲ ਰਹੀ ਘਰ-ਘਰ ਕਾਰਡ ਵੰਡ ਦੀ ਵਿਵਸਥਾ ਜਾਰੀ ਰਹੇਗੀ। ਕੈਂਪਾਂ ਤੋਂ ਬਾਅਦ ਵੀ ਜਿਹੜੇ ਕਾਰਡ ਵੰਡੇ ਨਹੀਂ ਜਾ ਸਕਣਗੇ, ਉਹ ਵੀ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਰਾਹੀਂ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਏ ਜਾਣਗੇ।

ਕਾਰਡਾਂ ਨੂੰ ਆਖਰੀ ਪੱਧਰ ਤੱਕ ਪਹੁੰਚਾਉਣ ਲਈ ਪ੍ਰੋਤਸਾਹਿਤ ਕਰਨ ਵਾਸਤੇ ਆਸ਼ਾ ਵਰਕਰਾਂ ਨੂੰ ਹਰੇਕ ਸਫ਼ਲਤਾਪੂਰਵਕ ਵੰਡੇ ਗਏ ਕਾਰਡ ਲਈ ₹10, ਜਦਕਿ ਆਸ਼ਾ ਫੈਸਿਲੀਟੇਟਰਾਂ ਨੂੰ ਪ੍ਰਤੀ ਕਾਰਡ ₹2 ਦਿੱਤੇ ਜਾਣਗੇ। ਘਰ-ਘਰ ਕਾਰਡ ਵੰਡ ਦਾ ਰਿਕਾਰਡ ਰੱਖਿਆ ਜਾਵੇਗਾ ਅਤੇ ਸਬੰਧਤ ਸਿਹਤ ਅਧਿਕਾਰੀਆਂ ਵੱਲੋਂ ਪ੍ਰੋਤਸਾਹਨ ਰਾਸ਼ੀ ਦੇ ਦਾਅਵਿਆਂ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ।

ਕੈਂਪ ਆਧਾਰਿਤ ਵੰਡ ਮੁਹਿੰਮ ਮੁਕੰਮਲ ਹੋਣ ਤੋਂ ਬਾਅਦ ਬਾਕੀ ਰਹਿੰਦੇ ਕਾਰਡਾਂ ਨੂੰ ਅਗਲੇ ਦੋ ਹਫ਼ਤਿਆਂ ਦੇ ਅੰਦਰ ਘਰ-ਘਰ ਵੰਡ ਪ੍ਰਣਾਲੀ ਰਾਹੀਂ ਵੰਡਣ ਦਾ ਟੀਚਾ ਰੱਖਿਆ ਗਿਆ ਹੈ।

ਸਟੇਟ ਹੈਲਥ ਏਜੰਸੀ ਵੱਲੋਂ ਜ਼ਿਲ੍ਹਿਆਂ ਨੂੰ ਕਾਰਡਾਂ ਦੇ ਨਾਲ-ਨਾਲ ਸੂਚਨਾ, ਸਿੱਖਿਆ ਅਤੇ ਸੰਚਾਰ (IEC) ਸਮੱਗਰੀ ਪਹਿਲਾਂ ਹੀ ਉਪਲੱਬਧ ਕਰਵਾਈ ਜਾ ਚੁੱਕੀ ਹੈ, ਜਿਸ ਵਿੱਚ ਕਾਰਡ ਜੈਕਟਾਂ, ਲਿਫ਼ਾਫ਼ੇ ਅਤੇ ਬਰੋਸ਼ਰ ਵੀ ਸ਼ਾਮਲ ਹਨ।

ਅਧਿਕਾਰੀਆਂ ਨੂੰ ਪੂਰੀ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕਰਨ ਅਤੇ ਨਿਰਧਾਰਤ ਸਮਾਂ-ਸੀਮਾ ਤੇ ਮਿਆਰੀ ਸੰਚਾਲਨ ਪ੍ਰਕਿਰਿਆ (Standard Operating Procedure) ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਸੂਬਾ ਸਰਕਾਰ ਦਾ ਟੀਚਾ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰੇ ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਮੁਕੰਮਲ ਕਰਨਾ ਹੈ, ਸਰਕਾਰ ਦਾ ਵਿਸ਼ੇਸ਼ ਜ਼ੋਰ ਇਹ ਯਕੀਨੀ ਬਣਾਉਣ ’ਤੇ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ।

About The Author

Related Posts