Punjab
Punjab Roadways Strike: ਸਰਕਾਰ ਦੀ ਟਾਲ-ਮਟੋਲ ਤੋਂ ਬਾਅਦ ਜਥੇਬੰਦੀ ਦਾ ਵੱਡਾ ਐਲਾਨ, ਹਜ਼ਾਰਾਂ ਲੋਕ ਹੋਣਗੇ ਪ੍ਰਭਾਵਿਤ
ਕੱਚੇ ਕਾਮਿਆਂ ਦੀਆਂ ਮੰਗਾਂ ਸਬੰਧੀ ਸੁਹਿਰਦ ਨਹੀਂ ਸਰਕਾਰ, ਜੇਲ੍ਹਾਂ ’ਚ ਬੰਦ ਸਾਥੀਆਂ ਨੂੰ ਨਹੀਂ ਕੀਤਾ ਜਾ ਰਿਹਾਅ : ਆਗੂ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਵੱਲੋਂ 22 ਸਤੰਬਰ ਤੋਂ ਸੂਬੇ ਅੰਦਰ ਬੱਸਾਂ ਦੇ ਮੁਕੰਮਲ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਇਸ ਗੱਲ ਤੋਂ ਖਫ਼ਾ ਹੈ ਕਿ ਸਰਕਾਰ ਵੱਲੋਂ ਕੱਚੇ ਕਾਮਿਆਂ ਨੂੰ ਪੱਕਾ ਕਰਨ ਸਮੇਤ ਮੀਟਿੰਗਾਂ ’ਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਥਾਂ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਜੇਲ੍ਹਾਂ ’ਚ ਸੁੱਟੇ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਦੱਸਣਯੋਗ ਹੈ ਕਿ ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਮੀਟਿੰਗ ਕੀਤੀ ਗਈ, ਜਿਸ ਵਿੱਚ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ 60-65 ਮੀਟਿੰਗਾਂ ਹੋਣ ’ਤੇ ਵੀ ਕੋਈ ਹੱਲ ਨਹੀਂ ਕੀਤਾ ਗਿਆ। ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਕਮੇਟੀਆਂ ਗਠਿਤ ਕਰਕੇ ਗੁੰਮਰਾਹ ਕੀਤਾ ਜਾ ਰਿਹਾ ਹੈ । ਮੌਜੂਦਾ ਸਰਕਾਰ ਦੇ ਸਮੇਂ ’ਤੇ ਤਕਰੀਬਨ 800 ਦੇ ਕਰੀਬ ਬੱਸਾਂ ਕੰਡਮ ਹੋ ਚੁੱਕੀਆਂ ਹਨ। Punjab Roadways Strike
ਇਹ ਵੀ ਪੜ੍ਹੋ : UPI Payment Update: ਨਹੀਂ ਲਵਾਂਗੇ ਯੂਪੀਆਈ ਭੁਗਤਾਨ, ਵਪਾਰੀਆਂ ਨੇ ਦੁਕਾਨਾਂ ਦੇ ਬਾਹਰ ਲਾਏ ਨੋਟਿਸ
ਨਵੀਆਂ ਬੱਸਾਂ ਪਾਉਣ ਦੀ ਬਜਾਏ ਕਿਲੋਮੀਟਰ ਸਕੀਮ ਬੱਸਾਂ ਰਾਹੀਂ ਵਿਭਾਗ ਦੀ ਲੁੱਟ ਵੱਲ ਤਰਜੀਹ ਦਿੱਤੀ ਜਾ ਰਹੀ ਹੈ। ਪਿਛਲੇ 3 ਮਹੀਨਿਆਂ ਤੋਂ ਨਵੇਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 10 ਦਿਨ ਦਾ ਕਹਿ ਕੇ ਵਾਰ-ਵਾਰ ਮੀਟਿੰਗਾਂ ਰੱਖ ਕੇ ਅੱਗੇ ਕਰਨ ਦੀ ਨੀਤੀ ਨਾਲ ਸਮਾਂ ਟਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਤੇ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਕਿਹਾ ਕਿ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਲਗਾਤਾਰ ਘਾਟੇ ’ਚ ਜਾ ਰਹੀ ਹੈ ਕਿਉਂਕਿ ਸਰਕਾਰ ਵੱਲੋਂ ਮੁਫ਼ਤ ਬੱਸ ਸਫ਼ਰ ਦੇ ਕਰੋੜਾਂ ਰੁਪਏ ਬਕਾਇਆ ਖੜ੍ਹੇ ਹਨ। ਇਸ ਲਈ ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 22 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸਮੇਤ ਟਰਾਂਸਪੋਰਟ ਮੰਤਰੀ ਤੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ, ਜਿਸ ਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਤੇ ਮੈਨੇਜਮੈਂਟ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਲ੍ਹਾਂ ’ਚ ਬੰਦ ਸਾਥੀਆਂ ਦੇ ਪਰਚੇ ਰੱਦ ਨਾ ਕੀਤੇ ਤਾਂ ਜਥੇਬੰਦੀ ਵੱਲੋਂ ਮਜਬੂਰਨ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਬਾਈਕਾਟ ਕੀਤਾ ਜਾਵੇਗਾ ਤੇ ਬੱਸਾਂ ’ਚ ਸਰਕਾਰ ਦਾ ਭੰਡੀ ਪ੍ਰਚਾਰ ਤੇ ਤਿੱਖੇ ਸੰਘਰਸ਼ ਕੀਤੇ ਜਾਣਗੇ। Punjab Roadways Strike