Government School Punjab: ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਜਾਣੋ ਕੀ ਕੁਝ ਕਿਹਾ?
ਸਰਕਾਰੀ ਸਕੂਲਾਂ ’ਚ 18 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ: ਵੜਿੰਗ
ਚੰਡੀਗੜ੍ਹ (ਹਿੰ.ਸ.)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਸਿੱਖਿਆ ਨੀਤੀ ’ਤੇ ਤਿੱਖੇ ਸਵਾਲ ਚੁੱਕਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵੇ ਹਕੀਕਤ ਤੋਂ ਦੂਰ ਹਨ ਅਤੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ‘ਆਪ’ ਸਰਕਾਰ ਆਪਣੇ ਸਿਰ ਬੰਨ੍ਹ ਰਹੀ ਹੈ।
‘ਵੜਿੰਗ ਵਿਦ ਵਾਰੀਅਰਜ਼’ ਦੇ ਪੰਜਵੇਂ ਸੈਸ਼ਨ ਦੌਰਾਨ ਲਾਈਵ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ‘ਸਕੂਲ ਆਫ਼ ਐਮੀਨੈਂਸ’ ਦੇ ਨਾਂ ’ਤੇ ਸਰਕਾਰ ਜਿਨ੍ਹਾਂ ਸਕੂਲਾਂ ਨੂੰ ਆਪਣੀ ਉਪਲਬਧੀ ਦੱਸ ਰਹੀ ਹੈ, ਉਨ੍ਹਾਂ ਵਿੱਚੋਂ ਕਈ ਸਕੂਲ ਪਹਿਲਾਂ ਹੀ ਕਾਂਗਰਸ ਸਰਕਾਰ ਵੱਲੋਂ ਮਾਡਲ ਸਕੂਲਾਂ ਵਜੋਂ ਵਿਕਸਤ ਕੀਤੇ ਗਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਸਕੂਲਾਂ ਦਾ ਨਵੀਨੀਕਰਨ ਕਰਕੇ ਨਵਾਂ ਨਾਮ ਦੇ ਦਿੱਤਾ ਗਿਆ ਹੈ।
Read Also : ਮਿਡ-ਡੇ ਮੀਲ ਦੇ ਨਵੇਂ ਨਿਯਮਾਂ ਨੇ ਅਧਿਆਪਕਾਂ ਨੂੰ ‘ਪੜ੍ਹਨੇ’ ਪਾਇਆ
ਵੜਿੰਗ ਨੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੇ ਅੰਕੜਿਆਂ ’ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਥਾਵਾਂ ’ਤੇ ਅਸਲ ਵਿੱਚ 10-15 ਵਿਦਿਆਰਥੀ ਹੋਣ ਦੇ ਬਾਵਜੂਦ ਰਿਕਾਰਡ ਵਿੱਚ 100 ਤੱਕ ਦਾਖ਼ਲੇ ਦਿਖਾਏ ਗਏ ਹਨ। ਟੀਚਰਜ਼ ਡੈਮੋਕਰੇਟਿਕ ਫਰੰਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਥਿਤ ਤੌਰ ’ਤੇ 70 ਹਜ਼ਾਰ ਫ਼ਰਜ਼ੀ ਦਾਖ਼ਲਿਆਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਕੁਝ ਸਰਕਾਰੀ ਸਕੂਲਾਂ ਵਿੱਚ ਵੀ 30 ਤੋਂ 40 ਫ਼ੀਸਦੀ ਤੱਕ ਫ਼ਰਜ਼ੀ ਦਾਖ਼ਲਿਆਂ ਦਾ ਦਾਅਵਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ 28.23 ਲੱਖ ਤੋਂ ਘਟ ਕੇ ਲਗਭਗ 26.69 ਲੱਖ ਰਹਿ ਗਈ ਹੈ। ਵੜਿੰਗ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ, ਮਿਡ-ਡੇਅ ਮੀਲ ਅਤੇ ਵਜ਼ੀਫ਼ੇ ਵਰਗੀਆਂ ਸਹੂਲਤਾਂ ਮਿਲਦੀਆਂ ਹਨ।
ਵੜਿੰਗ ਨੇ ਅਧਿਆਪਕਾਂ ਦੀ ਤਾਇਨਾਤੀ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕੁਝ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੇ ਮੁਕਾਬਲੇ ਅਧਿਆਪਕ ਬਹੁਤ ਜ਼ਿਆਦਾ ਹਨ, ਜਦਕਿ ਕਈ ਸਕੂਲਾਂ ਵਿੱਚ ਅਧਿਆਪਕਾਂ ਦੀ ਭਾਰੀ ਘਾਟ ਹੈ। ਉਨ੍ਹਾਂ ਮੁਤਾਬਕ ਪੰਜਾਬ ਵਿੱਚ ਅਧਿਆਪਕਾਂ ਦੀਆਂ 18 ਹਜ਼ਾਰ ਤੋਂ ਵੱਧ ਅਸਾਮੀਆਂ ਖ਼ਾਲੀ ਹਨ।
ਇਸ ਤੋਂ ਇਲਾਵਾ ਉਨ੍ਹਾਂ ਦਾਅਵਾ ਕੀਤਾ ਕਿ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ 1927 ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 1113 ਖ਼ਾਲੀ ਪਈਆਂ ਹਨ। ਵੜਿੰਗ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ ‘ਨੰਬਰ ਇੱਕ’ ਬਣਾਉਣ ਦੇ ਦਾਅਵੇ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਨੂੰ ਸਿੱਖਿਆ ਖੇਤਰ ਨਾਲ ਜੁੜੇ ਅੰਕੜਿਆਂ ਅਤੇ ਖ਼ਾਲੀ ਅਸਾਮੀਆਂ ਬਾਰੇ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।