Road Accident: ਸਮਾਣਾ-ਪਾਤੜਾਂ ਰੋਡ ’ਤੇ ਭਿਆਨਕ ਸੜਕ ਹਾਦਸਾ, ਮਹਿਲਾ ਦੀ ਮੌਤ, 8 ਗੰਭੀਰ ਜ਼ਖਮੀ
ਸਮਾਣਾ-ਪਾਤੜਾਂ ਰੋਡ ’ਤੇ ਭਿਆਨਕ ਸੜਕ ਹਾਦਸਾ, ਮਹਿਲਾ ਦੀ ਮੌਤ, 8 ਗੰਭੀਰ ਜ਼ਖਮੀ
ਸਮਾਣਾ (ਸੁਨੀਲ ਚਾਵਲਾ)। ਸਮਾਣਾ-ਪਾਤੜਾਂ ਰੋਡ ’ਤੇ ਸਥਿਤ ਪਿੰਡ ਪ੍ਰੇਮ ਸਿੰਘ ਵਾਲਾ ਨੇੜੇ ਸੋਮਵਾਰ ਤੜਕਸਾਰ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਅਰਟਿਗਾ ਕਾਰ ਅਣਪਛਾਤੇ ਵਾਹਨ ਨਾਲ ਟੱਕਰ ਦੌਰਾਨ ਇੱਕ ਮਹਿਲਾ ਦੀ ਮੌਤ ਹੋ ਗਈ, ਜਦਕਿ ਕਾਰ ’ਚ ਸਵਾਰ ਅੱਠ ਹੋਰ ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ।
ਹਾਸਲ ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਨੇੜਲੇ ਪਿੰਡ ਫਤਿਹਗੜ੍ਹ ਦੇ ਰਹਿਣ ਵਾਲੇ ਨੌਂ ਵਿਅਕਤੀ ਅਰਟਿਗਾ ਕਾਰ ’ਚ ਸਵਾਰ ਹੋ ਕੇ ਕਿਸੇ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਲਈ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਪਿੰਡ ਪ੍ਰੇਮ ਸਿੰਘ ਵਾਲਾ ਨੇੜੇ ਪਹੁੰਚੀ ਤਾਂ ਇੱਕ ਅਣਪਛਾਤੇ ਵਾਹਨ ਨਾਲ ਉਸ ਦੀ ਟੱਕਰ ਹੋ ਗਈ ਤੇ ਕਾਰ ਸੜਕ ਤੇ ਹੀ ਪਲਟ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ’ਚ ਸਵਾਰ ਸਾਰੇ ਨੌਂ ਵਿਅਕਤੀ ਜ਼ਖਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪਹੁੰਚੀ ਤੇ ਜ਼ਖਮੀਆਂ ਨੂੰ ਤੁਰੰਤ ਸਮਾਣਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ। ਉੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਜਸਵਿੰਦਰ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਵਿੱਚ ਕਿਰਣਜੀਤ ਕੌਰ, ਮਹਿੰਦਰ ਕੌਰ, ਜਸਵੀਰ ਕੌਰ, ਸੁਖਪਾਲ ਕੌਰ, ਸਤਵਿੰਦਰ ਕੌਰ, ਸਰਬਜੀਤ ਕੌਰ, ਕੇਵਲ ਸਿੰਘ ਤੇ ਬਲਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਸਮਾਣਾ ਦੇ ਸਿਵਲ ਹਸਪਤਾਲ ਵਿਖੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਬਿਹਤਰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਹਾਦਸਾ ਕਿਸ ਵਾਹਨ ਨਾਲ ਵਾਪਰਿਆ ਤੇ ਇਸ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਅਨੁਸਾਰ ਜਾਂਚ ਤੋਂ ਬਾਅਦ ਜਲਦ ਹੀ ਹਾਦਸੇ ਸਬੰਧੀ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Patiala News: ਸੇਵਾਦਾਰਾਂ ਨੇ ਬਿਰਧ ਆਸ਼ਰਮ ਪਹੁੰਚ ਕੇ ਬਜ਼ੁਰਗਾਂ ਦਾ ਪੁੱਛਿਆ ਹਾਲ-ਚਾਲ
Comments