Stubble Burning Punjab: ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਐੱਸਡੀਐੱਮ ਸਮਾਣਾ ਵੱਲੋਂ ਪ੍ਰੇਮਗੜ੍ਹ ਤੇ ਸ਼ਾਹਪੁਰ ਪਿੰਡਾਂ ਦਾ ਦੌਰਾ

ਕਿਸਾਨਾਂ ਤੇ ਨੰਬਰਦਾਰਾਂ ਨੂੰ ਪਰਾਲੀ ਪ੍ਰਬੰਧਨ ਲਈ ਸਹਿਯੋਗ ਦੇਣ ਦੀ ਅਪੀਲ, ਆਧੁਨਿਕ ਖੇਤੀ ਮਸ਼ੀਨਰੀ ਵਰਤਣ ਲਈ ਕੀਤਾ ਪ੍ਰੇਰਿਤ

Khushdeep Singh Picture
Published On

ਪਟਿਆਲਾ (ਸੱਚ ਕਹੂੰ ਨਿਊਜ਼/ਏਜੰਸੀ)। ਜ਼ਿਲ੍ਹਾ ਪਟਿਆਲਾ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਮੀਨੀ ਪੱਧਰ ’ਤੇ ਯਤਨ ਤੇਜ਼ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸਡੀਐੱਮ. ਸਮਾਣਾ ਰਿਚਾ ਗੋਇਲ ਨੇ ਡੀਐੱਸਪੀ ਫਤਿਹ ਸਿੰਘ ਬਰਾੜ ਸਮੇਤ ਪ੍ਰੇਮਗੜ੍ਹ ਤੇ ਸ਼ਾਹਪੁਰ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਦੌਰਾਨ ਉਨ੍ਹਾਂ ਕਿਸਾਨਾਂ ਤੇ ਪਿੰਡ ਪੱਧਰੀ ਨੁਮਾਇੰਦਿਆਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਪਿੰਡਾਂ ਦੇ ਨੰਬਰਦਾਰਾਂ ਨਾਲ ਗੱਲਬਾਤ ਕਰਦਿਆਂ ਰਿਚਾ ਗੋਇਲ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਸਿਰਫ਼ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਨੰਬਰਦਾਰ ਆਪਣੇ ਪਿੰਡਾਂ ਦੇ ਕਿਸਾਨਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਤੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਦੇ ਬਦਲਵੇਂ ਤਰੀਕਿਆਂ ਬਾਰੇ ਜਾਣਕਾਰੀ ਦੇਣ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਤੇ ਹੋਰ ਉਪਲਬਧ ਤਕਨੀਕਾਂ ਦੀ ਵਰਤੋਂ ਕਰਕੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਬਿਨਾਂ ਅੱਗ ਲਾਏ ਪਰਾਲੀ ਦਾ ਪ੍ਰਬੰਧਨ ਕਰ ਰਹੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਿਸਾਨ ਦੂਜਿਆਂ ਲਈ ਪ੍ਰੇਰਨਾ ਸਰੋਤ ਹਨ। ਇਸ ਮੌਕੇ ਐੱਸਡੀਐੱਮ ਨੇ ਸਬੰਧਤ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਚੱਲ ਰਹੀਆਂ ਜਾਗਰੂਕਤਾ ਗਤੀਵਿਧੀਆਂ ਅਤੇ ਪਰਾਲੀ ਪ੍ਰਬੰਧਨ ਲਈ ਕੀਤੇ ਪ੍ਰਸ਼ਾਸਨਿਕ ਪ੍ਰਬੰਧਾਂ ਬਾਰੇ ਜਾਣਕਾਰੀ ਲਈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਵਿਗਿਆਨਕ ਤੇ ਵਾਤਾਵਰਨ ਪੱਖੀ ਤਰੀਕਿਆਂ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਹੋਰ ਤੇਜ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਤੇ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਉਣ ਵਾਸਤੇ ਕਿਸਾਨਾਂ, ਪਿੰਡਾਂ ਦੇ ਨੁਮਾਇੰਦਿਆਂ ਤੇ ਪ੍ਰਸ਼ਾਸਨ ਵਿਚਕਾਰ ਤਾਲਮੇਲ ਤੇ ਸਹਿਯੋਗ ਬੇਹੱਦ ਜ਼ਰੂਰੀ ਹੈ।

ਇਹ ਵੀ ਪੜ੍ਹੋ : Delhi News: ਦਿੱਲੀ ਦੇ ਚਾਵੜੀ ਬਾਜ਼ਾਰ ’ਚ ਇਮਾਰਤ ਹਾਦਸਾ, ਇੱਕ ਹੋਰ ਲਾਸ਼ ਮਿਲੀ, ਮਰਨ ਵਾਲਿਆਂ ਦੀ ਗਿਣਤੀ 3 ਹੋਈ

Comments

Post Your Comment

About The Author

Related Posts