Punjab News: ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼
Punjab News: (ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਨਿਰਦੇਸ਼ ਦਿੱਤੇ ਕਿ ਜਦੋਂ ਤੱਕ ਪੰਜਾਬ ਨਸ਼ਿਆਂ ਦੀ ਲਾਹਨਤ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ।
ਉਨ੍ਹਾਂ ਮੁੱਖ ਮੰਤਰੀ ਨੇ ਬਠਿੰਡਾ ਤੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਾਅਵਾ ਕੀਤਾ ਕਿ ਇਸ ਮੁਹਿੰਮ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਵੱਡੇ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਨਸ਼ਿਆਂ ਦੇ ਕੋਹੜ ਦਾ ਲੱਕ ਤੋੜ ਦਿੱਤਾ ਹੈ। ਇਸ ਮੁਹਿੰਮ ਵਿੱਚ ਕੋਈ ਵੀ ਢਿੱਲ ਨਾ ਵਰਤਣ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਾਰਵਾਈ, ਵੱਧ ਤੋਂ ਵੱਧ ਜਨਤਕ ਭਾਗੀਦਾਰੀ ਅਤੇ ਪਿੰਡਾਂ ਵਿੱਚ ਵਿਸ਼ਵਾਸ ਬਹਾਲੀ ਵਾਲੇ ਕਦਮ ਚੁੱਕਣ ਦਾ ਸੱਦਾ ਦਿੱਤਾ ਤਾਂ ਜੋ ਇਸ ਰਫ਼ਤਾਰ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ਨਸ਼ਿਆਂ ਵਿਰੁੱਧ ਫੈਸਲਾਕੁਨ ਜਿੱਤ ਹਾਸਲ ਕੀਤੀ ਜਾ ਸਕੇ।
ਇਸ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ’ਤੇ ਲਿਖਿਆ ਕਿ, “ਅੱਜ ਬਠਿੰਡਾ ਦੇ ਲੇਕ ਵਿਊ ਗੈਸਟ ਹਾਊਸ ਤੋਂ ਮੈਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਾਰੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਤੇਜ਼ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਆਓ ਆਪਾਂ ਸਾਰੇ ਰਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ ਅਤੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਈਏ।”
ਇਹ ਵੀ ਪੜ੍ਹੋ: Punjab Power Cuts News: ਬਿਜਲੀ ਕੱਟਾਂ ਖ਼ਿਲਾਫ਼ ਸਾਦਿਕ ਬਿਜਲੀ ਗਰਿੱਡ ਅੱਗੇ ਕਿਰਤੀ ਕਿਸਾਨ ਯੂਨੀਅਨ ਨੇ ਲਗਾਇਆ ਧਰਨਾ
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਤੋੜ ਦਿੱਤੀ ਗਈ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਇਸ ਮੁਹਿੰਮ ਦੀ ਰਫ਼ਤਾਰ ਨੂੰ ਬਰਕਰਾਰ ਰੱਖਣਾ ਹੋਵੇਗਾ ਅਤੇ ਸਮੇਂ ਦੀ ਲੋੜ ਹੈ ਕਿ ਇਸ ਨੂੰ ਉਦੋਂ ਤੱਕ ਹੋਰ ਤੇਜ਼ ਕੀਤਾ ਜਾਵੇ, ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ।” ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਰਹੇ ਹਨ ਅਤੇ ਉਨ੍ਹਾਂ ਨੇ ਪਿਛਲੇ ਤਿੰਨ ਮਹੀਨਿਆਂ ਦੌਰਾਨ ਹੀ ਨਸ਼ਾ ਤਸਕਰਾਂ ਖਿਲਾਫ਼ 13,000 ਤੋਂ ਵੱਧ ਸ਼ਿਕਾਇਤਾਂ ਦਰਜ ਕਰਵਾਈਆਂ ਹਨ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਦੁਨੀਆ ਵਿੱਚ ਕਿਤੇ ਵੀ ਨਸ਼ਿਆਂ ਵਿਰੁੱਧ ਅਜਿਹੀ ਦ੍ਰਿੜ੍ਹ ਅਤੇ ਜ਼ੋਰਦਾਰ ਮੁਹਿੰਮ ਨਹੀਂ ਚਲਾਈ ਗਈ। ਇੱਕ ਬੇਮਿਸਾਲ ਪਹਿਲਕਦਮੀ ਕਰਦਿਆਂ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਲਈ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਦੀ 1.50 ਲੱਖ ਦੀ ਮਜ਼ਬੂਤ ਫ਼ੋਰਸ ਕਾਇਮ ਕੀਤੀ ਗਈ ਹੈ। ਉਨ੍ਹਾਂ ਪੰਜਾਬ ਭਰ ਦੇ ਜ਼ਿਲ੍ਹਿਆਂ ਦੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ਕਿਹਾ ਕਿ ਉਹ ਸਮਾਜ ਦੇ ਹਰ ਵਰਗ ਦਾ ਤਹਿ ਦਿਲੋਂ ਸਹਿਯੋਗ ਪ੍ਰਾਪਤ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਕੋਈ ਨਸ਼ਾ ਨਾ ਵਿਕੇ ਅਤੇ ਹਰ ਨਸ਼ਾ ਪੀੜਤ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ। ਸਰਕਾਰ ਦੁਆਰਾ ਸੰਚਾਲਿਤ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬੈੱਡਾਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕਰ ਦਿੱਤੀ ਗਈ ਹੈ।”ਓਟ ਕੇਂਦਰਾਂ ਨੂੰ ਵੀ ਅਪਗ੍ਰੇਡ ਕੀਤਾ ਗਿਆ ਹੈ ਅਤੇ ਜ਼ਰੂਰੀ ਦਵਾਈਆਂ ਦੀ ਨਿਰੰਤਰ ਉਪਲੱਬਧਤਾ ਯਕੀਨੀ ਬਣਾਈ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜ਼ੂਦ ਸਨ।