Sikander Singh Maluka: ਸਿਕੰਦਰ ਸਿੰਘ ਮਲੂਕਾ ਮਹਿਲਾ ਕਮਿਸ਼ਨ ਵੱਲੋਂ ਤਲਬ

23 ਅਕਤੂਬਰ ਨੂੰ ਪੇਸ਼ ਹੋਣ ਦੇ ਹੁਕਮ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ ’ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਘਿਰ ਗਏ ਹਨ, ਜਿੱਥੇ ਇਸ ਮਾਮਲੇ ਵਿੱਚ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਤਲਬ ਕਰਦੇ ਹੋਏ 23 ਅਕਤੂੁਬਰ ਨੂੰ ਪੇਸ਼ ਹੋਣ ਲਈ ਕਿਹਾ ਹੈ ਤਾਂ ਉਥੇ ਹੀ ਇਸ ਮਾਮਲੇ ਦੀ ਜਾਂਚ ਕਰਵਾਉਣ ਲਈ ਪੰਜਾਬ ਦੇ ਡੀਜੀਪੀ ਨੂੰ ਆਦੇਸ਼ ਵੀ ਜਾਰੀ ਹੋ ਗਏ ਹਨ।

ਸਿਕੰਦਰ ਸਿੰਘ ਮਲੂਕਾ ਦੀ ਕਥਿਤ ਭੱਦੀ ਸ਼ਬਦਾਵਲੀ ਵਾਲੀ ਵਾਇਰਲ ਵੀਡੀਓ ਬਾਰੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵੀ ਇਤਰਾਜ਼ ਜਤਾਇਆ ਹੈ। ਬਲਤੇਜ ਪੰਨੂੂੰ ਨੇ ਮਲੂਕਾ ਦੀ ਟਿੱਪਣੀ ਦੀ ਨਿੰਦਾ ਕੀਤੀ ਸੀ ਅਤੇ ਅਕਾਲੀ ਆਗੂਆਂ ਦੀ ਮਾਨਸਿਕਤਾ ’ਤੇ ਸੁਆਲ ਵੀ ਖੜੇ੍ਹ ਕੀਤੇ ਗਏ ਹਨ। ਇਸ ਵਿਵਾਦ ਦੀ ਸ਼ੁਰੂਆਤ ਉਸ ਸਮੇਂ ਹੋਈ, ਜਦੋਂ ਇੱਕ ਪੱਤਰਕਾਰ ਨੇ ਸਿਕੰਦਰ ਸਿੰਘ ਮਲੂਕਾ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ ਵਿੱਚ ਹਜ਼ਾਰ-ਹਜ਼ਾਰ ਰੁਪਏ ਪਾਉਣ ਅਤੇ ਬੱਸ ਕਿਰਾਇਆ ਮੁਆਫ਼ ਕਰਨ ਦੇ ਮੁੱਦੇ ’ਤੇ ਸਵਾਲ ਪੁੱਛਿਆ।

ਪੱਤਰਕਾਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਔਰਤਾਂ ਦੀ ਹਮਾਇਤ ਦਾ ਹਵਾਲਾ ਵੀ ਦਿੱਤਾ। ਇਸ ਦੇ ਜਵਾਬ ਵਿੱਚ ਮਲੂਕਾ ਵੱਲੋਂ ਔਰਤਾਂ ਦੀ ਇੱਜ਼ਤ ਬਾਰੇ ਕੀਤੀ ਗਈ ਕਥਿਤ ਟਿੱਪਣੀ ਕੀਤੀ ਗਈ, ਜਿਸ ਦੀ ਵੀਡੀਓ ਵਾਇਰਲ ਹੋ ਗਈ ਅਤੇ ਇਹ ਕਾਫ਼ੀ ਜ਼ਿਆਦਾ ਵੱਡਾ ਵਿਵਾਦ ਬਣ ਗਿਆ ਹੈ। ਮਹਿਲਾ ਕਮਿਸ਼ਨ ਨੇ ਕਿਹਾ, ਔਰਤਾਂ ਬਾਰੇ ਅਜਿਹੀ ਭਾਸ਼ਾ ਬਰਦਾਸ਼ਤ ਨਹੀਂ : ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਵਾਇਰਲ ਵੀਡੀਓ ਵਿੱਚ ਸਿਕੰਦਰ ਮਲੂਕਾ ਔਰਤਾਂ ਬਾਰੇ ਟਿੱਪਣੀ ਕਰਦੇ ਦਿਖਾਈ ਦੇ ਰਹੇ ਹਨ। ਮਹਿਲਾ ਕਮਿਸ਼ਨ ਨੇ ਇਸੇ ਅਧਾਰ ’ਤੇ ਉਨ੍ਹਾਂ ਨੂੰ ਤਲਬ ਕੀਤਾ ਹੈ।

ਰਾਜ ਲਾਲੀ ਗਿੱਲ ਨੇ ਕਿਹਾ ਕਿ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵਰਗੇ ਅਹਿਮ ਅਹੁਦੇ ’ਤੇ ਰਹਿ ਚੁੱਕੇ ਆਗੂ ਤੋਂ ਔਰਤਾਂ ਲਈ ਸਤਿਕਾਰਯੋਗ ਭਾਸ਼ਾ ਦੀ ਉਮੀਦ ਕੀਤੀ ਜਾਂਦੀ ਹੈ। ਉਨ੍ਹਾਂ ਮਲੂਕਾ ਨੂੰ ਆਪਣੀ ਟਿੱਪਣੀ ਲਈ ਮੁਆਫ਼ੀ ਮੰਗਣ ਲਈ ਕਿਹਾ। ਕਮਿਸ਼ਨ ਨੇ ਡੀਜੀਪੀ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਐੱਸਪੀ ਪੱਧਰ ਦੇ ਅਧਿਕਾਰੀ ਤੋਂ ਕਰਵਾਉਣ ਅਤੇ 23 ਅਕਤੂਬਰ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਰਾਜ ਲਾਲੀ ਗਿੱਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਲੂਕਾ ਕਮਿਸ਼ਨ ਅੱਗੇ ਪੇਸ਼ ਨਹੀਂ ਹੁੰਦੇ ਤਾਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : Punjab Assembly Session: ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਸੈਸ਼ਨ ਅੱਜ ਤੋਂ, ਚਿੱਟੇ ਦਾ ਮੁੱਦਾ ਰਹਿ ਸਕਦਾ ਐ ਭਾਰੀ

About The Author

Related Posts