Punjab
Samyukt Kisan Morcha: ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਾਇਆ ਜਾਵੇਗਾ ਧਰਨਾ
27 ਅਗਸਤ ਦੇ ਮਹਾਂਬੰਦ ਵਿੱਚ ਵੀ ਕਿਸਾਨ-ਮਜ਼ਦੂਰ ਕਰਨਗੇ ਭਰਵੀਂ ਸ਼ਮੂਲੀਅਤ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਇੱਕ ਅਹਿਮ ਮੀਟਿੰਗ ਰੈਸਟ ਹਾਊਸ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਰਜਿੰਦਰ ਸਿੰਘ ਕਿੰਗਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਗਾਤਾਰ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਫ਼ਰੀਦਕੋਟ ਤੋਂ ਕਿਸਾਨ ਤੇ ਮਜ਼ਦੂਰ ਵੱਡੀ ਗਿਣਤੀ ’ਚ ਟਰੈਕਟਰ-ਟਰਾਲੀਆਂ ਸਮੇਤ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਮੀਟਿੰਗ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ 27 ਅਗਸਤ ਨੂੰ ਕੀਤੇ ਜਾ ਰਹੇ ਮਹਾਂਬੰਦ ’ਚ ਵੀ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁਲਾਜ਼ਮਾਂ ਦੇ ਹੱਕ ’ਚ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ। Samyukt Kisan Morcha
ਇਸ ਤਹਿਤ ਜੈਤੋ, ਕੋਟਕਪੂਰਾ ਤੇ ਫ਼ਰੀਦਕੋਟ ਵਿਖੇ ਕਿਸਾਨ-ਮਜ਼ਦੂਰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ। ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਕਨਵੀਨਰ ਸ਼ਮਸ਼ੇਰ ਸਿੰਘ ਕਿੰਗਰਾ, ਮਾਸਟਰ ਮੱਖਣ ਸਿੰਘ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਵੀਰਇੰਦਰਜੀਤ ਸਿੰਘ ਪੁਰੀ ਜ਼ਿਲ੍ਹਾ ਪ੍ਰਧਾਨ ਜਮਹੂਰੀ ਕਿਸਾਨ ਸਭਾ ਫ਼ਰੀਦਕੋਟ, ਸੁਖਜਿੰਦਰ ਸਿੰਘ ਤੁੰਬੜਭਨ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ, ਜਗਸੀਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਸ਼ਮਸ਼ੇਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ-1, ਸੁਖਦੇਵ ਸਿੰਘ ਫੌਜੀ ਜ਼ਿਲ੍ਹਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਦੁਕਾਨ ਦਾ ਬੁਰਜ ਗਿੱਲ, ਸੁਖਦੇਵ ਸਿੰਘ ਬਰਾੜ ਜ਼ਿਲ੍ਹਾ ਜਨਰਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਰੇਸ਼ਮ ਸਿੰਘ ਪੱਖੀ ਜ਼ਿਲ੍ਹਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ-2, ਦਰਸ਼ਨ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਗੁਰਚਰਨ ਸਿੰਘ ਸਰਾਂ ਬਲਾਕ ਪ੍ਰਧਾਨ ਫ਼ਰੀਦਕੋਟ ਭਾਰਤੀ ਕਿਸਾਨ ਯੂਨੀਅਨ ਪੰਜਾਬ, ਸੁਕਦਰਸ਼ਪਾਲ ਸਿੰਘ ਬਲਾਕ ਆਗੂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ, ਸਵਰਨ ਸਿੰਘ ਸਰਾਂ ਫ਼ਰੀਦਕੋਟ, ਅਜੀਤ ਸਿੰਘ ਖਾਲਸਾ, ਮਲਕੀਤ ਸਿੰਘ ਪੱਖੀ ਕਲਾਂ, ਅਮਨਦੀਪ ਸਿੰਘ ਫ਼ਰੀਦਕੋਟ ਸਮੇਤ ਹੋਰ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ : Rakhi: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ, ਛੇਤੀ ਕਰਵਾਓ ਨਵੀਂ ਰਜਿਸਟ੍ਰੇਸ਼ਨ