Malerkotla News: ਡੀਆਈਜੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਮਲੇਰਕੋਟਲਾ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਵਿਸ਼ੇਸ਼ ਕਾਸੋ ਆਪ੍ਰੇਸ਼ਨ
ਜਮਾਲਪੁਰਾ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਖ਼ਤ ਚੈਕਿੰਗ, ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ 18 ਵਿਅਕਤੀ ਗ੍ਰਿਫਤਾਰ
Malerkotla News: ਮਲੇਰਕੋਟਲਾ, (ਗੁਰਤੇਜ ਜੋਸ਼ੀ)। ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹਾ ਮਲੇਰਕੋਟਲਾ ਵਿੱਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ ਪੁਲਿਸ (ਡੀ.ਆਈ.ਜੀ.) ਪਟਿਆਲਾ ਰੇਂਜ ਸ੍ਰੀ ਕੁਲਦੀਪ ਸਿੰਘ ਚਾਹਲ, ਆਈ.ਪੀ.ਐਸ. ਨੇ ਖੁਦ ਕੀਤੀ।
ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ ਇਸ ਮੁਹਿੰਮ ਦੌਰਾਨ ਸ਼ਹਿਰ ਮਲੇਰਕੋਟਲਾ ਦੇ ਜਮਾਲਪੁਰਾ ਇਲਾਕੇ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਖੇਤਰਾਂ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ (ਐੱਸ.ਐੱਸ.ਪੀ.) ਮਲੇਰਕੋਟਲਾ ਗੁਰਮੀਤ ਸਿੰਘ, ਗਜ਼ਟਿਡ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਰਹੀ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ 18 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਦੋਂਕਿ ਹੋਰ ਸ਼ੱਕੀ ਵਿਅਕਤੀਆਂ ਦੀ ਤਸਦੀਕ ਵੀ ਕੀਤੀ ਗਈ।
ਡੀ.ਆਈ.ਜੀ. ਚਾਹਲ ਨੇ ਕਿਹਾ ਕਿ ਜ਼ਿਲ੍ਹਾ ਮਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਤੋਂ ਪੀੜਤ ਜਿਹੜੇ ਵਿਅਕਤੀ ਪੁਲਿਸ ਕੋਲ ਸਹਾਇਤਾ ਲਈ ਪਹੁੰਚਦੇ ਹਨ, ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਅਤੇ ਉਨ੍ਹਾਂ ਦੇ ਇਲਾਜ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਿਸ਼ੇਸ਼ ਕਾਸੋ ਆਪ੍ਰੇਸ਼ਨ ਤਹਿਤ ਸਬ-ਡਵੀਜ਼ਨ ਅਮਰਗੜ੍ਹ ਅਤੇ ਅਹਿਮਦਗੜ੍ਹ ਵਿੱਚ ਵੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਅੰਤ ਵਿੱਚ ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਪੂਰਾ ਸਹਿਯੋਗ ਕਰਨ ਅਤੇ ਨਸ਼ਿਆਂ ਦੇ ਧੰਦੇ ਨਾਲ ਜੁੜੇ ਜਾਂ ਨਸ਼ੇ ਦੇ ਆਦੀ ਵਿਅਕਤੀਆਂ ਬਾਰੇ ਸੂਚਨਾ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ।
