Punjab News: ਯੂਪੀਐਸਸੀ-2025 ਵਿੱਚ ਕਾਮਯਾਬ ਨੌਜਵਾਨਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ

ਮੁੱਖ ਮੰਤਰੀ ਨੇ ਸਾਰੇ ਸਫਲ ਉਮੀਦਵਾਰਾਂ ਨੂੰ ਦਿੱਤੀਆਂ ਵਧਾਈਆਂ

Satinder Mathur  Picture
Published On

Punjab News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧਦੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀ ਅਥਾਹ ਸਮਰੱਥਾ ਦਾ ਪ੍ਰਤੀਕ ਹੈ। ਨਵ-ਚੁਣੇ ਆਈਏਐਸ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਪਰਿਵਾਰਾਂ ਦੇ ਬੱਚੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਦੇਸ਼ ਦੇ ਸਭ ਤੋਂ ਉੱਚੇ ਅਤੇ ਵੱਕਾਰੀ ਅਹੁਦਿਆਂ ਤੱਕ ਪਹੁੰਚ ਰਹੇ ਹਨ, ਜੋ ਪੰਜਾਬ ਲਈ ਮਾਣ ਵਾਲੀ ਗੱਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਯੂਪੀਐਸਸੀ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਮਹਿਲਾ ਸਸ਼ਕਤੀਕਰਨ ਦਾ ਸਪੱਸ਼ਟ ਪ੍ਰਮਾਣ ਹੈ। 

ਇਹ ਵੀ ਪੜ੍ਹੋ: Sanjeev Arora News: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਨੂੰ ਜ਼ਮਾਨਤ ਨਹੀਂ ਮਿਲੀ

ਉਨ੍ਹਾਂ ਕਿਹਾ ਕਿ ਜਦੋਂ ਧੀਆਂ ਨੂੰ ਬਰਾਬਰ ਮੌਕੇ ਅਤੇ ਸਹੀ ਮਾਰਗਦਰਸ਼ਨ ਮਿਲਦਾ ਹੈ ਤਾਂ ਉਹ ਹਰ ਖੇਤਰ ਵਿੱਚ ਕਾਮਯਾਬੀ ਦੇ ਨਵੇਂ ਕੀਰਤੀਮਾਨ ਸਥਾਪਤ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਅੱਗੇ ਵੱਧਣ ਦੇ ਬਰਾਬਰ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਯੂਪੀਐਸਸੀ-2025 ਵਿੱਚ ਸਫਲ ਹੋਏ ਇਹ ਨੌਜਵਾਨ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਇਹ ਸਾਬਤ ਕਰਦਾ ਹੈ ਕਿ ਸਹੀ ਦਿਸ਼ਾ ਵਿੱਚ ਕੀਤੀ ਮਿਹਨਤ ਨਾਲ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦਾ ਹੈ। 

ਮੁੱਖ ਮੰਤਰੀ ਨੇ ਵਿਸ਼ਵਾਸ ਜਤਾਇਆ ਕਿ ਇਹ ਨਵੇਂ ਅਧਿਕਾਰੀ ਇਮਾਨਦਾਰੀ, ਸਮਰਪਣ ਅਤੇ ਜਨ ਸੇਵਾ ਦੀ ਭਾਵਨਾ ਨਾਲ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨਗੇ। ਭਗਵੰਤ ਮਾਨ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਯੋਗਤਾਵਾਂ ਨੂੰ ਸਮਝਣ ਅਤੇ ਉਨ੍ਹਾਂ ’ਤੇ ਆਪਣੀਆਂ ਇੱਛਾਵਾਂ ਨਾ ਥੋਪਣ। ਉਨ੍ਹਾਂ ਕਿਹਾ ਕਿ ਹਰ ਬੱਚੇ ਵਿੱਚ ਵੱਖਰੀ ਪ੍ਰਤਿਭਾ ਹੁੰਦੀ ਹੈ, ਜਿਸ ਨੂੰ ਉਤਸ਼ਾਹ ਅਤੇ ਸਹਿਯੋਗ ਰਾਹੀਂ ਨਿਖਾਰਿਆ ਜਾ ਸਕਦਾ ਹੈ। ਜਦੋਂ ਪਰਿਵਾਰ ਦਾ ਭਰੋਸਾ ਅਤੇ ਸਹਿਯੋਗ ਮਿਲਦਾ ਹੈ ਤਾਂ ਬੱਚੇ ਹੋਰ ਵਧੀਆ ਪ੍ਰਦਰਸ਼ਨ ਕਰਦੇ ਹਨ। 

ਮੁੱਖ ਮੰਤਰੀ ਨੇ ਨਵੇਂ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਸਫਲਤਾ ਦੇ ਬਾਵਜੂਦ ਨਿਮਰਤਾ ਬਣਾਈ ਰੱਖਣ ਅਤੇ ਲੋਕ ਭਲਾਈ ਨੂੰ ਆਪਣੀ ਪਹਿਲ ਬਣਾਉਣ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਅਹੁਦੇ ਅਤੇ ਕਲਮ ਦੀ ਵਰਤੋਂ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਦੀ ਸੇਵਾ ਲਈ ਕਰਨੀ ਚਾਹੀਦੀ ਹੈ। ਸਮਾਗਮ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਸਾਰੇ ਸਫਲ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪੰਜਾਬ ਦਾ ਭਵਿੱਖ ਇਨ੍ਹਾਂ ਹੋਣਹਾਰ ਨੌਜਵਾਨਾਂ ਦੇ ਹੱਥਾਂ ਵਿੱਚ ਸੁਰੱਖਿਅਤ ਹੈ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

About The Author

Related Posts