Bathinda News: ਤਹਿਸੀਲਦਾਰ ਨੇ ਕੀਤੀ ਸਿਆਸੀ ਪਾਰਟੀਆਂ ਨਾਲ ਬੈਠਕ
ਕਿਹਾ, ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 13 ਅਗਸਤ ਨੂੰ ਕੀਤੀ ਜਾਵੇਗੀ
Bathinda News: ਬਠਿੰਡਾ (ਭੂਪਿੰਦਰ ਸਿੰਘ)। ਤਹਿਸੀਲਦਾਰ ਚੋਣਾਂ ਹਰਜਿੰਦਰ ਕੌਰ ਨੇ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਬੈਠਕ ਕੀਤੀ । ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਪਹਿਲਾ ਪੜਾਅ ਮੁਕੰਮਲ ਹੋ ਗਿਆ ਹੈ ਅਤੇ ਹੁਣ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ 13 ਅਗਸਤ ਨੂੰ ਹੋਵੇਗੀ। ਵੋਟਰਾਂ ਲਈ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 13 ਅਗਸਤ ਤੋਂ 12 ਸਤੰਬਰ ਤੱਕ ਨਿਰਧਾਰਿਤ ਕੀਤਾ ਗਿਆ ਹੈ, ਜਦਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਤੇ ਨੋਟਿਸ ਜਾਰੀ ਕਰਨ ਦੀ ਤਰੀਖ 13 ਅਗਸਤ ਤੋਂ 8 ਅਕਤੂਬਰ ਤੱਕ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ ਕਰਵਾਈ ਜਾਵੇਗੀ।
ਤਹਿਸੀਲਦਾਰ ਚੋਣਾਂ ਨੇ ਦੱਸਿਆ ਕਿ ਵੋਟਰਾਂ ਨੂੰ ਵੋਟਰ ਸੂਚੀ ਦਿਖਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਤੇ ਐਸਡੀਐਮ ਦਫਤਰਾਂ ’ਚ ਵਿਸ਼ੇਸ਼ ਤੌਰ ’ਤੇ ਹੈਲਪ ਡੈਸਕ ਸਥਾਪਿਤ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਨੂੰ ਵੀ ਫੋਟੋ ਵਾਲੀ ਵੋਟਰ ਸੂਚੀ ਅਤੇ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸਾਫਟ ਕਾਪੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਹ ਸਬੰਧਤ ਏਰੀਏ ’ਚ ਕਾਰਜਸ਼ੀਲ ਬੂਥ ਲੈਵਲ ਏਜੰਟ ਦੀ ਮਦਦ ਨਾਲ ਵੋਟਰਾਂ ਦੇ ਇੰਦਰਾਜ ਸਬੰਧੀ ਤਰੁਟੀਆਂ, ਜੇਕਰ ਕੋਈ ਹੋਣ ਤਾਂ, ਦੂਰ ਕਰਵਾ ਸਕਣ । ਐਨ.ਆਈ.ਸੀ ਦੀ ਅਧਿਕਾਰਤ ਵੈਬਸਾਈਟ ’ਤੇ ਵੀ ਇਹ ਡਰਾਫਟ ਰੋਲ ਅਪਲੋਡ ਕੀਤਾ ਜਾਵੇਗਾ, ਜਿੱਥੋਂ ਕੋਈ ਵੀ ਨਾਗਰਿਕ ਆਪਣੇ ਨਾਲ ਸਬੰਧਿਤ ਵੇਰਵੇ ਚੈੱਕ ਕਰ ਸਕਦਾ ਹੈ। ਮੀਟਿੰਗ ਦੌਰਾਨ ਤਹਿਸੀਲਦਾਰ ਚੋਣਾਂ ਨੇ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਪ੍ਰਕਿਰਿਆ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਰਾਜਨੀਤਿਕ ਪਾਰਟੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ।
ਇਹ ਵੀ ਪੜ੍ਹੋ : Mohali Police: ਮੋਹਾਲੀ ਪੁਲਿਸ ਨੇ ਵਾਹਨ ਚੋਰੀ ਗਿਰੋਹ ਦਾ ਕੀਤਾ ਪਰਦਾਫਾਸ਼, 10 ਚੋਰੀਸ਼ੁਦਾ ਵਾਹਨਾਂ ਸਮੇਤ ਦੋ ਕਾਬੂ