Asian Hockey Champions Trophy: ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ
4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਹੋਣਗੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ
Asian Hockey Champions Trophy: ਮੋਹਾਲੀ। ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ ਹੋਣਾ ਪੂਰੇ ਸੂਬੇ ਲਈ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿੱਜੀ ਯਤਨਾਂ ਸਦਕਾ ਹੀ ਪੰਜਾਬ ਨੂੰ ਇਸ ਨਾਮਵਰ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਇਤਿਹਾਸਕ ਮੌਕਾ ਮਿਲਿਆ ਹੈ। ਇਸ ਨਾਲ ਰਾਜ ਵਿੱਚ ਹਾਕੀ ਸਮੇਤ ਹੋਰ ਖੇਡਾਂ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਹੋਣ ਦੀ ਪ੍ਰੇਰਣਾ ਮਿਲੇਗੀ।
ਬੁਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਮੇਅਰ ਸਰਬਜੀਤ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦੇ ਲੀਗ ਮੈਚ 27 ਅਕਤੂਬਰ ਤੋਂ 2 ਨਵੰਬਰ ਤੱਕ ਜਲੰਧਰ ਵਿਖੇ ਖੇਡੇ ਜਾਣਗੇ। ਇਸ ਤੋਂ ਬਾਅਦ 4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਸੈਮੀਫਾਈਨਲ, ਫਾਈਨਲ ਅਤੇ ਤੀਜੇ ਸਥਾਨ ਲਈ ਮੁਕਾਬਲੇ ਕਰਵਾਏ ਜਾਣਗੇ। ਇਸ ਪ੍ਰਤੀਸ਼ਠਿਤ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਛੇ ਪ੍ਰਮੁੱਖ ਟੀਮਾਂ—ਭਾਰਤ, ਬੰਗਲਾਦੇਸ਼, ਜਪਾਨ, ਚੀਨ, ਮਲੇਸ਼ੀਆ ਅਤੇ ਦੱਖਣੀ ਕੋਰੀਆ ਹਿੱਸਾ ਲੈ ਰਹੀਆਂ ਹਨ। ਇਨ੍ਹਾਂ ਮੁਕਾਬਲਿਆਂ ਨਾਲ ਪੰਜਾਬ ਦਾ ਨਾਂ ਕੌਮਾਂਤਰੀ ਖੇਡ ਨਕਸ਼ੇ 'ਤੇ ਹੋਰ ਮਜ਼ਬੂਤੀ ਨਾਲ ਉੱਭਰੇਗਾ।
Read Also : ਫੜਨਵੀਸ, ਏਕਨਾਥ ਸ਼ਿੰਦੇ ਤੇ ਸੁਨੇਤਰਾ ਪਵਾਰ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਉਨ੍ਹਾਂ ਦੱਸਿਆ ਕਿ ਖੇਡ ਸਟੇਡੀਅਮਾਂ ਨੂੰ ਕੌਮਾਂਤਰੀ ਮਿਆਰਾਂ ਅਨੁਸਾਰ ਤਿਆਰ ਕਰਨ ਲਈ ਸਰਕਾਰ ਵੱਲੋਂ ਲਗਭਗ 25 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਵਿੱਚੋਂ ਜਲੰਧਰ ਦੇ ਸਟੇਡੀਅਮਾਂ ਦੇ ਨਵੀਨੀਕਰਨ (ਅੱਪਗ੍ਰੇਡੇਸ਼ਨ) ਲਈ 16 ਕਰੋੜ ਰੁਪਏ ਅਤੇ ਮੋਹਾਲੀ ਦੇ ਸਟੇਡੀਅਮਾਂ ਲਈ ਲਗਭਗ 8.90 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਨਿਵੇਸ਼ ਰਾਜ ਦੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।
ਮੇਅਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਖੇਡ ਕ੍ਰਾਂਤੀ’ ਦੇ ਹੁਣ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਸੂਬਾ ਸਰਕਾਰ ਵੱਲੋਂ ਹੁਣ ਤੱਕ ਲਗਭਗ 40 ਹਜ਼ਾਰ ਖਿਡਾਰੀਆਂ ਨੂੰ 135 ਕਰੋੜ ਰੁਪਏ ਦੇ ਕਰੀਬ ਨਕਦ ਇਨਾਮੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਪੰਜਾਬ ਭਰ ਵਿੱਚ ਨਵੇਂ ਸਟੇਡੀਅਮ ਬਣਾਏ ਜਾ ਰਹੇ ਹਨ। ਇਕੱਲੇ ਮੋਹਾਲੀ ਵਿੱਚ ਹੀ ਲਗਭਗ 32 ਸਟੇਡੀਅਮਾਂ ਦਾ ਨਿਰਮਾਣ ਚੱਲ ਰਿਹਾ ਹੈ, ਜਿਸ ਨਾਲ ਸਥਾਨਕ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਅਤੇ ਆਪਣੀ ਪ੍ਰਤਿਭਾ ਨਿਖਾਰਨ ਦੇ ਭਰਪੂਰ ਮੌਕੇ ਮਿਲਣਗੇ।
ਸਰਬਜੀਤ ਸਿੰਘ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਿਰਫ਼ ਸਰਕਾਰ ਦਾ ਹੀ ਨਹੀਂ, ਬਲਕਿ ਸਮੁੱਚੇ ਸਮਾਜ ਦਾ ਸਾਂਝਾ ਫਰਜ਼ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸਟੇਡੀਅਮ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਉਣ। ਉਨ੍ਹਾਂ ਦੱਸਿਆ ਕਿ ਦਰਸ਼ਕਾਂ ਲਈ ਟੂਰਨਾਮੈਂਟ ਦੌਰਾਨ ਸਟੇਡੀਅਮਾਂ ਵਿੱਚ ਐਂਟੁ ਬਿਲਕੁਲ ਮੁਫ਼ਤ ਹੋਵੇਗੀ।
ਉਨ੍ਹਾਂ ਮਾਪਿਆਂ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਵੀ ਜੋੜਨ। ਉਨ੍ਹਾਂ ਦੁਹਰਾਇਆ ਕਿ ਮਾਨ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨਾਲ ਜੋੜਨ ਅਤੇ ਨੌਜਵਾਨੀ ਨੂੰ ਸਕਾਰਾਤਮਕ ਦਿਸ਼ਾ ਵੱਲ ਮੋੜਨ ਲਈ ਵਚਨਬੱਧ ਹੈ।