Punjab BJP Election Committee: ਪੰਜਾਬ ਭਾਜਪਾ ਨੇ 2027 ਦੀਆਂ ਚੋਣਾਂ ਲਈ ਬਣਾਈ 16 ਮੈਂਬਰੀ ਸੂਬਾ ਚੋਣ ਕਮੇਟੀ, ਕੇਵਲ ਸਿੰਘ ਢਿੱਲੋਂ ਕਰਨਗੇ ਅਗਵਾਈ

ਅਸ਼ਵਨੀ ਸ਼ਰਮਾ, ਮਨਪ੍ਰੀਤ ਬਾਦਲ, ਤਰੁਣ ਚੁੱਘ ਅਤੇ ਪਰਨੀਤ ਕੌਰ ਸਮੇਤ ਕਈ ਸੀਨੀਅਰ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ

Satinder Mathur  Picture
Published On

Punjab BJP Election Committee: (ਅਸ਼ਵਨੀ ਚਾਵਲਾ) ਚੰਡੀਗੜ੍ਹ। ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੀ ਸੂਬਾ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਕਮੇਟੀ ਵੱਲੋਂ ਸੂਬੇ ਵਿੱਚ ਹੋਣ ਵਾਲੀਆਂ ਚੋਣਾਂ ਦੀ ਅਹਿਮ ਤਿਆਰੀ ਕੀਤੀ ਜਾਵੇਗੀ, ਅਗਲੀ ਰਣਨੀਤੀ ਤਿਆਰ ਕਰਨ ਦੀ ਜਿੰਮੇਵਾਰੀ ਵੀ ਇਸ ਕਮੇਟੀ ਕੋਲ ਹੀ ਹੋਏਗੀ। ਇਹ ਕਮੇਟੀ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸ਼ਲ ਕਰਨ ਲਈ ਵੱਖ-ਵੱਖ ਮੁੱਦੇ ਤਿਆਰ ਕਰਦੇ ਹੋਏ ਉਨ੍ਹਾਂ ’ਤੇ ਕੰਮ ਕਰੇਗੀ ਤਾਂ ਕਿ ਆਮ ਜਨਤਾ ਤੱਕ ਭਾਜਪਾ ਅਤੇ ਉਮੀਦਵਾਰਾਂ ਦੀ ਪਹੁੰਚ ਹੋ ਸਕੇ। 

    ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਰਣਨੀਤੀ ਤਿਆਰ ਕਰਨ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ 16 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਇਸ ਕਮੇਟੀ ਦੀ ਅਗਵਾਈ ਕਰਨਗੇ। ਕਮੇਟੀ ਵਿੱਚ ਪਾਰਟੀ ਦੇ ਕਈ ਸੀਨੀਅਰ ਆਗੂਆਂ, ਸਾਬਕਾ ਸੂਬਾ ਪ੍ਰਧਾਨਾਂ, ਸੰਸਦ ਮੈਂਬਰਾਂ, ਸਾਬਕਾ ਕੇਂਦਰੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਭਾਜਪਾ ਵੱਲੋਂ ਐਲਾਨੀ ਗਈ ਇਸ ਕਮੇਟੀ ਵਿੱਚ ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਰਾਜ ਸਭਾ ਮੈਂਬਰ ਤਰੁਣ ਚੁੱਘ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ, ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬਾ ਜਥੇਬੰਦਕ ਜਨਰਲ ਸਕੱਤਰ ਮੰਤਰੀ ਸ੍ਰੀਨਿਵਾਸੁਲੂ ਨੂੰ ਵੀ ਕਮੇਟੀ ਵਿੱਚ ਜਗਾ ਦਿੱਤੀ ਗਈ ਹੈ।

    ਕਮੇਟੀ ਵਿੱਚ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਦਿਨੇਸ਼ ਬਾਬੂ ਅਤੇ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਵੀ ਇਸ ਕਮੇਟੀ ਦੇ ਮੈਂਬਰ ਹੋਣਗੇ। ਇਸ ਦੇ ਨਾਲ ਹੀ ਭਾਜਪਾ ਨੇ ਤਿੰਨ ਸੀਨੀਅਰ ਆਗੂਆਂ ਨੂੰ ਵਿਸ਼ੇਸ਼ ਸੱਦੇ ਵਾਲੇ ਮੈਂਬਰ ਵਜੋਂ ਸ਼ਾਮਲ ਕੀਤਾ ਹੈ। ਇਨ੍ਹਾਂ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਸਹਿ-ਇੰਚਾਰਜ ਵਰਿੰਦਰ ਸਚਦੇਵਾ ਅਤੇ ਰਾਜ ਸਭਾ ਮੈਂਬਰ ਡਾ. ਅਲਕਾ ਗੁਰਜਰ ਦੇ ਨਾਮ ਸ਼ਾਮਲ ਹਨ। ਇਸ ਤਰ੍ਹਾਂ ਕਮੇਟੀ ਵਿੱਚ 16 ਪੱਕੇ ਮੈਂਬਰਾਂ ਤੋਂ ਇਲਾਵਾ ਤਿੰਨ ਵਿਸ਼ੇਸ਼ ਸੱਦੇ ਵਾਲੇ ਮੈਂਬਰ ਵੀ ਹੋਣਗੇ।

ਸੂਬਾ ਚੋਣ ਕਮੇਟੀ ਦਾ ਮੁੱਖ ਕੰਮ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਤਿਆਰ ਕਰਨਾ ਅਤੇ ਚੋਣ ਤਿਆਰੀਆਂ ਨੂੰ ਅੱਗੇ ਵਧਾਉਣਾ ਹੋਵੇਗਾ। ਪਾਰਟੀ ਵੱਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਕਮੇਟੀ ਦੇ ਗਠਨ ਨੂੰ ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦੇ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਵੱਲੋਂ ਜਿੱਥੇ ਜਥੇਬੰਦੀ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਉੱਥੇ ਹੀ ਲੋਕਾਂ ਨਾਲ ਜੁੜੇ ਮੁੱਦਿਆਂ ਅਤੇ ਚੋਣਾਂ ਦੌਰਾਨ ਉਠਾਏ ਜਾਣ ਵਾਲੇ ਸਵਾਲਾਂ ’ਤੇ ਵੀ ਕੰਮ ਕੀਤਾ ਜਾ ਰਿਹਾ ਹੈ।

Comments

Post Your Comment

About The Author

Related Posts