Pay Commission News: 'ਆਪ' ਸਰਕਾਰ ਨੇ ਮੁਲਾਜ਼ਮਾਂ ਦਾ ਤਨਖਾਹ ਕਮਿਸ਼ਨ ਵੀ ਖੋਹਿਆ : ਕੇਵਲ ਢਿੱਲੋਂ
7ਵਾਂ ਤਨਖ਼ਾਹ ਕਮਿਸ਼ਨ ਨਹੀਂ ਕੀਤਾ ਗਠਨ
Pay Commission News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦਾ ਤਨਖਾਹ ਕਮਿਸ਼ਨ ਵੀ ਖੋਹ ਲਿਆ ਹੈ ਅਤੇ ਇਸ ਮੁੱਦੇ ਉਪਰ ਸਰਕਾਰ ਨੇ ਖਾਮੋਸ਼ੀ ਧਾਰ ਲਈ ਹੈ। ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਢਿੱਲੋਂ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਇਕ-ਇਕ ਕਰਕੇ ਮੁਲਾਜ਼ਮਾਂ ਨੂੰ ਮਿਲਦੀਆਂ ਸਾਰੀਆਂ ਸਹੂਲਤਾਂ ਖੋਹ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦਾ 7ਵਾਂ ਤਨਖਾਹ ਕਮਿਸ਼ਨ 1 ਜਨਵਰੀ 2026 ਤੋਂ ਡਿਊ ਹੋ ਗਿਆ ਹੈ ਪਰ ਪੰਜਾਬ ਸਰਕਾਰ ਨੇ ਅੱਜ ਤਕ 7ਵਾਂ ਪੰਜਾਬ ਤਨਖਾਹ ਕਮਿਸ਼ਨ ਗਠਿਤ ਨਹੀਂ ਕੀਤਾ, ਜਿਸ ਤੋਂ ਸਾਫ ਝਲਕ ਰਿਹਾ ਹੈ ਕਿ ਸੂਬਾ ਸਰਕਾਰ ਮੁਲਾਜ਼ਮਾਂ ਦਾ ਤਨਖਾਹ ਕਮਿਸ਼ਨ ਖੋਹਣਾ ਚਾਹੁੰਦੀ ਹੈ। ਢਿੱਲੋਂ ਨੇ ਕਿਹਾ ਕਿ ਦਹਾਕਿਆਂ ਤੋਂ ਮੁਲਾਜ਼ਮਾਂ ਲਈ ਹਰੇਕ 10 ਸਾਲਾਂ ਬਾਅਦ ਤਨਖਾਹ ਕਮਿਸ਼ਨ ਦਾ ਗਠਿਨ ਕੀਤਾ ਜਾਂਦਾ ਹੈ। ਤਨਖਾਹ ਕਮਿਸ਼ਨ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਸੋਧ ਕੇ ਇਸ ਵਰਗ ਨੂੰ ਰਾਹਤ ਦਿੰਦਾ ਹੈ।
ਇਹ ਵੀ ਪੜ੍ਹੋ: BJP SAD Alliance: ਪੰਜਾਬ ’ਚ ਇੱਕਠੇ ਵਿਧਾਨ ਸਭਾ ਚੋਣਾਂ ਲੜਨਗੇ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ, ਅਮਿਤ ਸ਼ਾਹ ਨੇ ਕੀਤਾ ਐਲਾਨ
ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲੰਮਾਂ ਸਮਾਂ ਪਹਿਲਾਂ ਹੀ 8ਵਾਂ ਕੇਂਦਰੀ ਤਨਖ਼ਾਹ ਕਮਿਸ਼ਨ 1 ਜਨਵਰੀ 2026 ਤੋਂ ਗਠਿਤ ਕਰ ਦਿੱਤਾ ਸੀ ਅਤੇ ਤਨਖਾਹ ਕਮਿਸ਼ਨ ਦੇ ਮੈਂਬਰ ਬੜੀ ਤੇਜ਼ੀ ਨਾਲ ਆਪਣੀ ਰਿਪੋਰਟ ਤਿਆਰ ਕਰ ਰਿਹਾ ਹੈ ਪਰ ਦੂਸਰੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਨਖਾਹ ਕਮਿਸ਼ਨ ਗਠਿਤ ਨਾ ਕਰਕੇ 8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਧ੍ਰੋਹ ਕਮਾਇਆ ਜਾ ਰਿਹਾ ਹੈ।
ਸੂਬਾ ਪ੍ਰਧਾਨ ਢਿੱਲੋਂ ਨੇ ਸ਼ੰਕਾ ਜ਼ਾਹਿਰ ਕੀਤੀ ਕਿ ਮਾਨ ਸਰਕਾਰ ਸਮੂਹ ਮੁਲਾਜ਼ਮਾਂ ਉਪਰ ਕੇਂਦਰੀ ਸਕੇਲ ਥੋਪਣ ਦੀ ਤਾਕ ਵਿਚ ਜਾਪਦੀ ਹੈ। ਜੇ ਮਾਨ ਸਰਕਾਰ ਸਾਰੇ ਮੁਲਾਜ਼ਮਾਂ ਉਪਰ ਕੇਂਦਰੀ ਸਕੇਲ ਲਾਗੂ ਕਰਨ ਵਿਚ ਕਾਮਯਾਬ ਹੋ ਗਈ ਤਾਂ ਲੱਖਾਂ ਮੁਲਾਜ਼ਮਾਂ ਨੂੰ ਵੱਡਾ ਵਿੱਤੀ ਝਟਕਾ ਲੱਗੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ 'ਤੇ 'ਆਪ' ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਸਾਰੇ ਧੱਕੇ ਦੂਰ ਕਰਕੇ ਇਨਸਾਫ਼ ਦਿੱਤਾ ਜਾਵੇਗਾ।
Comments