Punjab Ration Card: ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦੂਜੀ ਤਿਮਾਹੀ ’ਚ 32 ਲੱਖ ਤੋਂ ਪਾਰ

ਲੁਧਿਆਣਾ 3.91 ਲੱਖ ਤੋਂ ਵੱਧ ਕਿੱਟਾਂ ਵੰਡ ਕੇ ਪਹਿਲੇ ਸਥਾਨ ’ਤੇ, ਪਟਿਆਲਾ ਦੂਜੇ ਤੇ ਅੰਮ੍ਰਿਤਸਰ ਤੀਜੇ ਨੰਬਰ ’ਤੇ

Ravinder Sharma Picture
Published On

ਚੰਡੀਗੜ੍ਹ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮੇਰੀ ਰਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਤਹਿਤ ਦੂਜੀ ਤਿਮਾਹੀ ਦੌਰਾਨ ਹੁਣ ਤੱਕ 32 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਇਸ ਯੋਜਨਾ ਦਾ ਉਦੇਸ਼ ਹਰ ਤਿੰਨ ਮਹੀਨਿਆਂ ਬਾਅਦ ਪੰਜਾਬ ਭਰ ਦੇ 40 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਉਣਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਸ ਪਹਿਲਕਦਮੀ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਇਸ ਯੋਜਨਾ ਨੂੰ ਮਿਸ਼ਨ ਮੋਡ ’ਤੇ ਲਾਗੂ ਕਰਦਿਆਂ ਯੋਗ ਲਾਭਪਾਤਰੀ ਪਰਿਵਾਰਾਂ ਤੱਕ ਰਾਸ਼ਨ ਪਹੁੰਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਇਸ ਯੋਜਨਾ ਤਹਿਤ ਹਰੇਕ ਯੋਗ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਦਿੱਤੀ ਜਾਂਦੀ ਹੈ, ਜਿਸ ਵਿੱਚ ਪਰਿਵਾਰ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਰੂਰੀ ਵਸਤਾਂ ਸ਼ਾਮਲ ਕੀਤੀਆਂ ਗਈਆਂ ਹਨ। ਕਿੱਟ ਵਿੱਚ 2 ਕਿਲੋਗ੍ਰਾਮ ਦਾਲ, 2 ਕਿਲੋਗ੍ਰਾਮ ਖੰਡ, 1 ਕਿਲੋਗ੍ਰਾਮ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐੱਨਐੱਫਐੱਸਏ), 2013 ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਤੋਂ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਦਿੱਤੀਆਂ ਜਾ ਰਹੀਆਂ ਹਨ।

ਰਾਸ਼ਨ ਕਿੱਟਾਂ ਦੀ ਤਿਆਰੀ ਦਾ ਕੰਮ ਮਾਰਕਫੈੱਡ ਵੱਲੋਂ ਕੀਤਾ ਜਾ ਰਿਹਾ ਹੈ, ਜਦਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸੂਬੇ ਭਰ ਵਿੱਚ ਵੰਡ ਪ੍ਰਣਾਲੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਹੁਣ ਤੱਕ ਵੰਡੀਆਂ ਗਈਆਂ 32 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੇ ਅੰਕੜਿਆਂ ਅਨੁਸਾਰ ਲੁਧਿਆਣਾ ਜ਼ਿਲ੍ਹਾ 3,91,645 ਕਿੱਟਾਂ ਵੰਡ ਕੇ ਪਹਿਲੇ ਸਥਾਨ ’ਤੇ ਰਿਹਾ ਹੈ। ਪਟਿਆਲਾ 2,41,933 ਕਿੱਟਾਂ ਦੀ ਵੰਡ ਨਾਲ ਦੂਜੇ ਅਤੇ ਅੰਮ੍ਰਿਤਸਰ 2,13,562 ਕਿੱਟਾਂ ਵੰਡ ਕੇ ਤੀਜੇ ਸਥਾਨ ’ਤੇ ਰਿਹਾ ਹੈ।

ਇਸੇ ਤਰ੍ਹਾਂ ਬਠਿੰਡਾ ਵਿੱਚ 1,94,723 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ, ਜਿਸ ਨਾਲ ਇਹ ਜ਼ਿਲ੍ਹਾ ਚੌਥੇ ਸਥਾਨ ’ਤੇ ਹੈ, ਜਦਕਿ ਹੁਸ਼ਿਆਰਪੁਰ 1,76,136 ਕਿੱਟਾਂ ਦੀ ਵੰਡ ਨਾਲ ਪੰਜਵੇਂ ਸਥਾਨ ’ਤੇ ਰਿਹਾ ਹੈ।

ਸਰਕਾਰ ਅਨੁਸਾਰ ਇਸ ਯੋਜਨਾ ਦਾ ਮੁੱਖ ਉਦੇਸ਼ ਪਰਿਵਾਰਾਂ ਨੂੰ ਮੁੱਖ ਅਨਾਜ ਦੇ ਨਾਲ ਪ੍ਰੋਟੀਨ, ਖਾਣਾ ਪਕਾਉਣ ਵਾਲਾ ਤੇਲ ਅਤੇ ਜ਼ਰੂਰੀ ਮਸਾਲੇ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਪੌਸ਼ਟਿਕ ਖੁਰਾਕ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ।

ਰਾਸ਼ਨ ਕਿੱਟਾਂ ਦੀ ਵੰਡ ਵਿੱਚ ਪਾਰਦਰਸ਼ਤਾ ਬਣਾਈ ਰੱਖਣ, ਦੋਹਰੀ ਐਂਟਰੀ ਨੂੰ ਰੋਕਣ ਅਤੇ ਲਾਭਪਾਤਰੀਆਂ ਤੱਕ ਸੁਚਾਰੂ ਢੰਗ ਨਾਲ ਰਾਸ਼ਨ ਪਹੁੰਚਾਉਣ ਲਈ ਵਿਸ਼ੇਸ਼ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਕੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀਆਂ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਐੱਨਐੱਫਐੱਸਏ ਤਹਿਤ ਪਹਿਲਾਂ ਤੋਂ ਵੰਡੀ ਜਾ ਰਹੀ ਕਣਕ ਦੇ ਨਾਲ ਇਹ ਰਾਸ਼ਨ ਕਿੱਟਾਂ ਮੁਹੱਈਆ ਕਰਵਾਉਣ ਨਾਲ ਯੋਗ ਪਰਿਵਾਰਾਂ ਦੀ ਭੋਜਨ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਪੋਸ਼ਣ ਸਬੰਧੀ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਮਦਦ ਮਿਲੇਗੀ।

Read Also : ਰੈਲੀ ਤੋਂ ਕੁੱਝ ਘੰਟੇ ਪਹਿਲਾਂ ਚੱਲੀਆਂ ਗੋਲੀਆਂ, 70 ਸਾਲਾ ਬਜ਼ੁਰਗ ਦਾ ਕਤਲ

Comments

Post Your Comment

About The Author

Related Posts