Kotkapura News: ਮੁਲਾਜ਼ਮ-ਪੈਨਸ਼ਨਰਾਂ ਨੇ ਘੇਰੀ ਸਪੀਕਰ ਸੰਧਵਾਂ ਦੀ ਰਿਹਾਇਸ਼, 5 ਜ਼ਿਲ੍ਹਿਆਂ ਦੀਆਂ ਜਥੇਬੰਦੀਆਂ ਨੇ ਰੈਲੀ ਕਰਕੇ ਪ੍ਰਗਟਾਇਆ ਰੋਸ
ਸਰਕਾਰ ’ਤੇ ਵਾਅਦਾ-ਖਿਲਾਫ਼ੀ ਦੇ ਦੋਸ਼
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਸ਼ਨੀਵਾਰ ਨੂੰ ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਆਸ਼ਾ ਵਰਕਰਾਂ, ਮਿਡ-ਡੇ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਅਧਿਆਪਕਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਤੋਂ ਪਹਿਲਾਂ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ’ਤੇ ਵਾਅਦਾ-ਖਿਲਾਫ਼ੀ ਦੇ ਦੋਸ਼ ਲਗਾਏ ਗਏ।
ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਗੁਰਨਾਮ ਸਿੰਘ ਵਿਰਕ, ਪ੍ਰੇਮ ਚਾਵਲਾ, ਅਮਰੀਕ ਸਿੰਘ ਸੰਧੂ, ਸੁਖਵਿੰਦਰ ਸਿੰਘ ਸੁੱਖੀ, ਜਤਿੰਦਰ ਕੁਮਾਰ, ਸਰਬਜੀਤ ਕੌਰ, ਹਰਪ੍ਰੀਤ ਸਿੰਘ ਅਤੇ ਇੰਦਰਜੀਤ ਸਿੰਘ ਖੀਵਾ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਦੇਖਾ ਕਰਨ ਦੇ ਦੋਸ਼ ਲਗਾਏ।
Read Also : ਪੰਜਾਬ ਦੇ ਇਸ ਤੂਫਾਨੀ ਬੱਲੇਬਾਜ਼ ਦਾ ਕ੍ਰਿਕੇਟ ਸਫਰ, ਸੰਘਰਸ਼ ਤੋਂ ਸਟਾਰ ਬਣਨ ਤੱਕ ਦੀ ਪੂਰੀ ਕਹਾਣੀ
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 42 ਫੀਸਦੀ ਡੀਏ ਦਿੱਤਾ ਜਾ ਰਿਹਾ ਹੈ, ਜਦਕਿ ਉਨ੍ਹਾਂ ਅਨੁਸਾਰ ਕਈ ਸੂਬਿਆਂ ਵਿੱਚ 60 ਫੀਸਦੀ ਤੱਕ ਡੀਏ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਡੀਏ ਦਾ ਬਕਾਇਆ ਜਾਰੀ ਕਰਨ ਅਤੇ ਡੀਏ ਵਧਾ ਕੇ 60 ਫੀਸਦੀ ਕਰਨ ਦੀ ਮੰਗ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਕਰੀਬ ਚਾਰ ਸਾਲ ਪਹਿਲਾਂ ਮੰਤਰੀ ਮੰਡਲ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਲਏ ਗਏ ਫੈਸਲੇ ਨੂੰ ਲਾਗੂ ਕਰਨ ਦੀ ਮੰਗ ਵੀ ਉਠਾਈ। ਇਸ ਤੋਂ ਇਲਾਵਾ ਆਸ਼ਾ ਵਰਕਰਾਂ, ਮਿਡ-ਡੇ ਮੀਲ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੇ ਮਾਣ-ਭੱਤੇ ਵਿੱਚ ਦੁੱਗਣਾ ਵਾਧਾ ਕਰਨ ਦੇ ਚੋਣ ਵਾਅਦੇ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੋਰ ਲੰਬਿਤ ਮੰਗਾਂ ਦਾ ਵੀ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਵੱਲੋਂ ਮੁਲਾਜ਼ਮਾਂ ਸਬੰਧੀ ਦਿੱਤੇ ਬਿਆਨਾਂ ਅਤੇ ਅੰਕੜਿਆਂ ’ਤੇ ਵੀ ਸਵਾਲ ਚੁੱਕੇ।
ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਰੋਸ ਰੈਲੀ ਤੋਂ ਬਾਅਦ ਪਿੰਡ ਸੰਧਵਾਂ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ।