Bhagwant Mann: ਚੱਪੜਚਿੜੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅੰਤਿਮ ਪੜਾਅ ਦਾ ਆਗਾਜ਼, 23 ਜ਼ਿਲ੍ਹਿਆਂ ’ਚ ਕੱਢੀ ਜਾਵੇਗੀ ਬਾਈਕ ਰੈਲੀ : ਭਗਵੰਤ ਮਾਨ
ਨਸ਼ਿਆਂ ਖ਼ਿਲਾਫ਼ ਜੰਗ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ, ਨੌਜਵਾਨਾਂ ਨੂੰ ਸਿੱਖਿਆ ਤੇ ਖੇਡਾਂ ਨਾਲ ਜੁੜਨ ਦੀ ਕੀਤੀ ਅਪੀਲ
Bhagwant Mann: ਮੋਹਾਲੀ, (ਸੱਚ ਕਹੂੰ ਨਿਊਜ਼/ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅੰਤਿਮ ਪੜਾਅ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਦੇ ਉਦੇਸ਼ ਨਾਲ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਜਾਗਰੂਕਤਾ ਫੈਲਾਉਣ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਇਕਜੁੱਟ ਹੋਣ ਅਤੇ ਨੌਜਵਾਨਾਂ ਦੇ ਭਵਿੱਖ ਦੀ ਰਾਖੀ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਈਕ ਰੈਲੀ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਤੱਕ ਨਸ਼ਾ ਵਿਰੋਧੀ ਸੰਦੇਸ਼ ਪਹੁੰਚਾਇਆ ਜਾਵੇਗਾ। ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਇਕੱਠੇ ਕਰਨ ਲਈ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ।
ਇਹ ਵੀ ਪੜ੍ਹੋ: Faridkot Latest News: ਆਈਐਸਆਈ ਨੂੰ ਫ਼ੌਜ ਦੀਆਂ ਗੁਪਤ ਸੂਚਨਾਵਾਂ ਦੇਣ ਦੇ ਦੋਸ਼ ’ਚ ਫ਼ਰੀਦਕੋਟ ਦੀ ਮਹਿਲਾ ਗ੍ਰਿਫ਼ਤਾਰ
ਭਗਵੰਤ ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ ਅਤੇ ਖੇਡਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਨ ਬਹਾਲ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸੁਰੱਖਿਅਤ ਭਵਿੱਖ ਦੇਣ ਲਈ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨਾ ਜ਼ਰੂਰੀ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ’ਤੇ ਨਸ਼ਿਆਂ ਦੀ ਸਮੱਸਿਆ ਨੂੰ ਵਧਣ ਦੇਣ ਦੇ ਦੋਸ਼ ਵੀ ਲਗਾਏ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਦੌਰਾਨ 81 ਹਜ਼ਾਰ ਤੋਂ ਵੱਧ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ 3,900 ਕਿਲੋਗ੍ਰਾਮ ਹੈਰੋਇਨ ਤੇ 983 ਕਿਲੋਗ੍ਰਾਮ ਅਫ਼ੀਮ ਜ਼ਬਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਲਈ ਲਗਭਗ 15 ਹਜ਼ਾਰ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਦੇ ਕਰੀਬ 1.25 ਲੱਖ ਮੈਂਬਰ ਸਰਗਰਮ ਹਨ। ਉਨ੍ਹਾਂ ਕਿਹਾ ਕਿ ‘ਸੇਫ਼ ਪੰਜਾਬ’ ਹੈਲਪਲਾਈਨ ਰਾਹੀਂ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ। ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਨਸ਼ਿਆਂ ਤੋਂ ਉਭਰ ਰਹੇ ਨੌਜਵਾਨਾਂ ਲਈ ਹੁਨਰ ਸਿਖਲਾਈ ਤੇ ਖੇਡ ਗਤੀਵਿਧੀਆਂ ਵੀ ਸ਼ੁਰੂ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਹੁਣ ਤੱਕ 70,885 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਪੇਂਡੂ ਖੇਡ ਮੈਦਾਨ ਅਤੇ ਜਿੰਮ ਤਿਆਰ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਫ਼ਿਲਮ ਸਿਟੀ ਬਣਾਉਣ ਦੀ ਯੋਜਨਾ ਦਾ ਵੀ ਜ਼ਿਕਰ ਕੀਤਾ। ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਮੌਜ਼ੂਦ ਸਨ। ਮੁੱਖ ਮੰਤਰੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਅਪੀਲ ਕੀਤੀ।