Cotton Factory Fire : ਵੇਸਟ ਕੋਟਨ ਫੈਕਟਰੀ ’ਚ ਲੱਗੀ ਅੱਗ, ਕਰੋੜਾਂ ਦਾ ਨੁਕਸਾਨ
ਫਾਇਰ ਬ੍ਰਿਗੇਡ ਟੀਮ ਨੂੰ ਅੱਗ ਬੁਝਾਉਣ ਲਈ ਲਗਾਤਾਰ 24 ਘੰਟਿਆਂ ਤੋਂ ਵੱਧ ਸਮੇਂ ਤੱਕ ਜੱਦੋ-ਜਹਿਦ ਕਰਨੀ ਪਈ
Cotton Factory Fire : (ਸੁਨੀਲ ਚਾਵਲਾ) ਸਮਾਣਾ। ਸਮਾਣਾ-ਭਵਾਨੀਗੜ੍ਹ ਰੋਡ ’ਤੇ ਸਥਿਤ ਗਣੇਸ਼ ਇੰਟਰਪ੍ਰਾਈਜ ਦੇ ਵੇਸਟ ਕੋਟਨ ਗੋਦਾਮ ’ਚ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿੱਚ ਭਾਜੜ ਪੈ ਗਈ। ਅੱਗ ਇੰਨੀ ਤੇਜ਼ ਸੀ ਕਿ ਕੁਝ ਹੀ ਮਿੰਟਾਂ ਵਿੱਚ ਗੋਦਾਮ ਵਿੱਚ ਪਈ ਕੋਟਨ, ਰੂੰ ਅਤੇ ਕੀਮਤੀ ਮਸ਼ੀਨਰੀ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਅੱਗ ਦੀਆਂ ਲਪਟਾਂ ਅਤੇ ਧੂੰਏਂ ਦੇ ਗੁਬਾਰ ਦੂਰੋਂ ਹੀ ਦਿਖਾਈ ਦੇ ਰਹੇ ਸਨ, ਜਿਸ ਕਾਰਨ ਆਸ-ਪਾਸ ਦੇ ਲੋਕ ਵੀ ਘਬਰਾਹਟ ਵਿੱਚ ਆ ਗਏ।
ਇਹ ਵੀ ਪੜ੍ਹੋ: Safai Sevak Strike: ਸਫਾਈ ਸੇਵਕਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ, ਵੱਡੇ ਐਕਸ਼ਨ ਦੀ ਦਿੱਤੀ ਚਿਤਾਵਨੀ
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਉਣ ਲਈ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਗਿਆ। ਫਾਇਰ ਬ੍ਰਿਗੇਡ ਟੀਮ ਨੂੰ ਅੱਗ ਬੁਝਾਉਣ ਲਈ ਲਗਾਤਾਰ 24 ਘੰਟਿਆਂ ਤੋਂ ਵੱਧ ਸਮੇਂ ਤੱਕ ਜੱਦੋ-ਜਹਿਦ ਕਰਨੀ ਪਈ। ਫਾਇਰ ਕਰਮਚਾਰੀਆਂ ਵੱਲੋਂ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।
ਇਸ ਮੌਕੇ ਗਣੇਸ਼ ਇੰਟਰਪ੍ਰਾਈਜ ਦੇ ਮਾਲਕ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਭਿਆਨਕ ਅੱਗ ਕਾਰਨ ਉਨ੍ਹਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਹਾਲਾਂਕਿ ਖੁਸ਼ਕਿਸਮਤੀ ਨਾਲ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋ ਸਕੀ ਅਤੇ ਨਾ ਹੀ ਇਹ ਸਪੱਸ਼ਟ ਹੋਇਆ ਹੈ ਕਿ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਜਾਂ ਕਿਸੇ ਹੋਰ ਕਾਰਨ। ਮੌਕੇ ’ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਾਇਰ ਬ੍ਰਿਗੇਡ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।