ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ

ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

Ravinder Sharma Picture
Published On

ਚੰਡੀਗੜ੍ਹ (ਹਿੰ.ਸ.)। ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੇ ਪੱਛਮੀ ਬੰਗਾਲ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਅਨੁਸਾਰ ਇਸ ਸਬੰਧੀ ਸੈਕਟਰ-3 ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਧਮਕੀ ਭਰਿਆ ਈ-ਮੇਲ ਭੇਜਣ ਦੇ ਦੋਸ਼ ਹੇਠ ਸੌਰਵ ਬਿਸਵਾਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਆਈਟੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਪੱਲੀ ਬਾਜ਼ਾਰ, ਗੋਬਿੰਦ ਪੱਲੀ ਦਾ ਰਹਿਣ ਵਾਲਾ ਸੌਰਵ ਬਿਸਵਾਸ ਪੰਜਾਬ ਸਿਵਲ ਸਕੱਤਰੇਤ ਦੀ ਅਧਿਕਾਰਤ ਈ-ਮੇਲ ਆਈਡੀ 'ਤੇ ਬੰਬ ਧਮਾਕੇ ਦੀ ਧਮਕੀ ਵਾਲਾ ਈ-ਮੇਲ ਭੇਜਣ ਦਾ ਮੁਲਜਮ ਹੈ।

ਧਮਕੀ ਭਰਿਆ ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਚੌਕਸ ਹੋ ਗਈਆਂ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਜਾਂਚ ਸ਼ੁਰੂ ਕੀਤੀ ਗਈ। ਤਕਨੀਕੀ ਜਾਂਚ, ਈ-ਮੇਲ ਟ੍ਰੈਕਿੰਗ ਅਤੇ ਹੋਰ ਡਿਜ਼ੀਟਲ ਸਬੂਤਾਂ ਦੇ ਆਧਾਰ 'ਤੇ ਪੁਲਿਸ ਮੁਲਜ਼ਮ ਤੱਕ ਪਹੁੰਚਣ ਵਿੱਚ ਕਾਮਯਾਬ ਰਹੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Read Also : ਚੋਣ ਕਮੇਟੀ ਦੀ ਮੀਟਿੰਗ ’ਚ ਹੋਣਗੇ ਵੱਡੇ ਫੈਸਲੇ! ਆਇਰਲੈਂਡ-ਇੰਗਲੈਂਡ ਦੌਰੇ ਲਈ ਟੀਮ ਦਾ ਐਲਾਨ ਕਦੋਂ? ਕੀ ਸ਼੍ਰੇਅਸ ਬਣਨਗੇ ਕਪਤਾਨ

ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਸ ਨੇ ਇਹ ਧਮਕੀ ਭਰਿਆ ਈ-ਮੇਲ ਕਿਸ ਮਕਸਦ ਨਾਲ ਭੇਜਿਆ ਸੀ। ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਵਿੱਚ ਕੋਈ ਹੋਰ ਵਿਅਕਤੀ ਜਾਂ ਗਰੁੱਪ ਸ਼ਾਮਲ ਤਾਂ ਨਹੀਂ। ਪੁਲਿਸ ਨੇ ਕਿਹਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਮਾਮਲੇ ਦੇ ਹਰ ਪੱਖ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।

About The Author

Related Posts