Punjab
Punjab News: ਪੰਜਾਬ ਕੈਬਨਿਟ ਨੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ’ਚ ਸਟਾਫ਼ ਭਰਤੀ ਸਮੇਤ ਹੋਰ ਮਹਿਕਮਿਆਂ ’ਚ ਅਹਿਮ ਫੈਸਲਿਆਂ ਨੂੰ ਦਿੱਤੀ ਹਰੀ ਝੰਡੀ
ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ; ਨਰਸਿੰਗ ਕਾਲਜਾਂ ’ਚ ਟਿਊਟਰਾਂ ਦੀਆਂ ਅਸਾਮੀਆਂ ਤਰੱਕੀ ਰਾਹੀਂ ਭਰਨ ਦਾ ਫ਼ੈਸਲਾ
Punjab News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁੱਖ ਚੋਣ ਅਫ਼ਸਰ (ਸੀਈਓ), ਪੰਜਾਬ ਦੇ ਦਫ਼ਤਰ ਵਿੱਚ ਸਟਾਫ਼ ਦੀ ਭਰਤੀ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਕੈਬਨਿਟ ਨੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਸਿਰਜਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਅਸਾਮੀਆਂ 19 ਪੱਕੀਆਂ ਅਸਾਮੀਆਂ ਵਿੱਚੋਂ ਸੇਵਾਦਾਰਾਂ ਦੀਆਂ ਅਸਾਮੀਆਂ ਅਤੇ ਮੁਹੱਰਰ ਦੀ ਇੱਕ ਪੱਕੀ ਅਸਾਮੀ ਸਰੰਡਰ ਕਰਕੇ ਸਿਰਜੀਆਂ ਜਾਣਗੀਆਂ। ਸਰਕਾਰ ਮੁਤਾਬਕ ਇਸ ਦਾ ਉਦੇਸ਼ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਦੇ ਰੋਜ਼ਾਨਾ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਬਣਾਉਣਾ ਹੈ।
ਨਰਸਿੰਗ ਸਰਵਿਸ ਰੂਲਜ਼ ਵਿੱਚ ਸੋਧ
ਕੈਬਨਿਟ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਸਰਕਾਰੀ ਨਰਸਿੰਗ ਕਾਲਜ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਟਿਊਟਰਾਂ ਦੀਆਂ ਅਸਾਮੀਆਂ ਤਰੱਕੀ ਰਾਹੀਂ ਭਰਨ ਲਈ ‘ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016’ ਦੇ ਅਪੈਂਡਿਕਸ-ਬੀ ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦਿੱਤੀ ਹੈ।
ਇਨ੍ਹਾਂ ਅਸਾਮੀਆਂ ’ਤੇ ਡਾਇਰੈਕਟਰ, ਖੋਜ ਅਤੇ ਮੈਡੀਕਲ ਸਿੱਖਿਆ, ਪੰਜਾਬ ਦੇ ਕੰਟਰੋਲ ਹੇਠ ਰੈਗੂਲਰ ਆਧਾਰ ’ਤੇ ਕੰਮ ਕਰ ਰਹੀਆਂ ਸਟਾਫ਼ ਨਰਸਾਂ ਅਤੇ ਨਰਸਿੰਗ ਸਿਸਟਰਾਂ ਵਿੱਚੋਂ ਯੋਗ ਉਮੀਦਵਾਰਾਂ ਨੂੰ ਤਰੱਕੀ ਦਿੱਤੀ ਜਾਵੇਗੀ। ਉਮੀਦਵਾਰਾਂ ਲਈ ਸਬੰਧਤ ਖੇਤਰ ਵਿੱਚ ਐੱਮ.ਐੱਸਸੀ. (ਨਰਸਿੰਗ) ਦੀ ਯੋਗਤਾ ਲਾਜ਼ਮੀ ਹੋਵੇਗੀ। ਨਰਸਿੰਗ ਸਿੱਖਿਆ ਦੇ ਖੇਤਰ ਵਿੱਚ ਘੱਟੋ-ਘੱਟ ਇੱਕ ਸਾਲ ਦਾ ਅਧਿਆਪਨ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ।
ਪਿਕਟਸ ਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਹੋਣਗੀਆਂ
ਕੈਬਨਿਟ ਨੇ ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੁਸਾਇਟੀ (ਪਿਕਟਸ) ਅਧੀਨ ਠੇਕੇ ’ਤੇ ਕੰਮ ਕਰ ਰਹੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਦੇ ਫ਼ੈਸਲੇ ਅਨੁਸਾਰ ਰੈਗੂਲਰ ਕੀਤੇ ਜਾਣ ਵਾਲੇ ਕਰਮਚਾਰੀਆਂ ਨੂੰ ਪਿਕਟਸ ਅਧੀਨ ਨਿਰਧਾਰਤ ਤਨਖ਼ਾਹ ਸਕੇਲ ਅਨੁਸਾਰ ਸੇਵਾਵਾਂ ਰੈਗੂਲਰ ਕਰਨ ਦਾ ਲਾਭ ਮਿਲੇਗਾ।