Teachers Protest: ਅਧਿਆਪਕਾਂ ਨੇ ਸਕੂਲਾਂ ’ਚ ਸਰਕਾਰ ਵੱਲੋਂ ਭੇਜੇ ਪੱਤਰ ਦੀਆਂ ਕਾਪੀਆਂ ਸਾੜੀਆਂ
ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ
Teachers Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। 27 ਅਗਸਤ ਦੀ ਸਮੂਹਿਕ ਛੁੱਟੀ ਅਤੇ ਹੜਤਾਲ ਤੋਂ ਬਾਅਦ ਸਰਕਾਰ ਵੱਲੋਂ ਕਰਮਚਾਰੀਆਂ ਅਤੇ ਅਧਿਆਪਕਾਂ ਦੀ ਗੈਰ-ਹਾਜ਼ਰੀ ਸਬੰਧੀ ਜਾਰੀ ਕੀਤੇ ਪੱਤਰ ਦੇ ਵਿਰੋਧ ਵਿੱਚ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਇਕਾਈ ਫ਼ਰੀਦਕੋਟ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਧਰਮੇਂਦਰ ਸਿੰਘ ਨੇ ਦੱਸਿਆ ਕਿ 27 ਅਗਸਤ ਨੂੰ ਪੰਜਾਬ ਭਰ ਦੇ ਕਰਮਚਾਰੀਆਂ ਅਤੇ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਗਈ ਸੀ, ਜਿਸ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪ੍ਰਭਾਵਿਤ ਹੋਇਆ। ਉਨ੍ਹਾਂ ਦੋਸ਼ ਲਗਾਇਆ ਕਿ ਹੜਤਾਲ ਤੋਂ ਬਾਅਦ ਸਰਕਾਰ ਵੱਲੋਂ ਕਰਮਚਾਰੀਆਂ ਅਤੇ ਅਧਿਆਪਕਾਂ ਨੂੰ ਡਰਾਉਣ-ਧਮਕਾਉਣ ਲਈ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Union Budget 2026: ਸਰਕਾਰ ਨੇ ਕੇਂਦਰੀ ਬਜਟ 2027-28 ਦੀਆਂ ਤਿਆਰੀਆਂ ਕੀਤੀਆਂ ਸ਼ੁਰੂ
ਯੂਨੀਅਨ ਆਗੂਆਂ ਨੇ ਕਿਹਾ ਕਿ ਕਰਮਚਾਰੀ ਛੁੱਟੀ ਲੈ ਕੇ ਹੜਤਾਲ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਸਰਕਾਰ ਵੱਲੋਂ ਜਾਰੀ ਪੱਤਰ ਨੂੰ ਧਮਕੀ ਭਰਿਆ ਕਰਾਰ ਦਿੰਦਿਆਂ ਇਸ ਦਾ ਵਿਰੋਧ ਕਰਨ ਦਾ ਐਲਾਨ ਕੀਤਾ। ਯੂਨੀਅਨ ਵੱਲੋਂ ਸਰਕਾਰ ਦੇ ਰੁਖ਼ ਦੇ ਵਿਰੋਧ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਜੀਤੇਂਦਰ ਕੁਮਾਰ ਹੰਸ, ਰਜਿੰਦਰ ਕੁਮਾਰ, ਨਰਿੰਦਰ ਸਿੰਘ, ਗੁਰਨਾਮ ਸਿੰਘ, ਅਮੋਲਕ ਸਿੰਘ, ਬੇਅੰਤ ਸਿੰਘ, ਵੀਰ ਸਿੰਘ ਅਤੇ ਹਰਿੰਦਰ ਸਿੰਘ ਸਮੇਤ ਹੋਰ ਅਧਿਆਪਕ ਮੌਜੂਦ ਸਨ। ਯੂਨੀਅਨ ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ, ਪੂਰਾ ਡੀ.ਏ., ਪੇਂਡੂ ਭੱਤਾ ਅਤੇ ਏ.ਸੀ.ਪੀ. ਸਕੀਮ ਬਹਾਲ ਕਰਨ ਸਮੇਤ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।