Punjab
Senior Citizens Yatra: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਦੋ ਬੱਸ ਰਵਾਨਾ
ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਤੇ ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ ਨੇ ਬੱਸਾਂ ਨੂੰ ਵਿਖਾਈ ਹਰੀ ਝੰਡੀ
Senior Citizens Yatra:
ਮੋਹਾਲੀ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਸ਼ਰਧਾਲੂਆਂ ਨਾਲ ਭਰੀਆਂ ਦੋ ਹੋਰ ਬੱਸਾਂ ਨੂੰ ਰਵਾਨਾ ਕੀਤਾ ਗਿਆ। 55ਵੀਂ ਬੱਸ ਨੂੰ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਹਰੀ ਝੰਡੀ ਦਿਖਾਈ, ਜਦਕਿ 56ਵੀਂ ਬੱਸ ਨੂੰ ਮੋਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ ਵੱਲੋਂ ਰਵਾਨਾ ਕੀਤਾ ਗਿਆ। ਸੀਨੀਅਰ ਸਿਟੀਜਨ ਐਸੋਸੀਏਸ਼ਨ ਮੋਹਾਲੀ ਦੇ ਸ਼ਰਧਾਲੂਆਂ ਨਾਲ ਭਰੀਆਂ ਇਹ ਬੱਸਾਂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਨ ਲਈ ਰਵਾਨਾ ਹੋਈਆਂ।
ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਦੱਸਿਆ ਕਿ ਯਾਤਰੀਆਂ ਦੀ ਸੁਵਿਧਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬੱਸਾਂ ਦੇ ਨਾਲ ਗਾਈਡ ਅਤੇ ਮਾਹਿਰ ਡਾਕਟਰ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਇਸ ਯੋਜਨਾ ਪ੍ਰਤੀ ਸ਼ਰਧਾਲੂਆਂ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਸਫਲਤਾਪੂਰਵਕ ਲਾਗੂ ਕਰ ਰਹੀ ਹੈ ਅਤੇ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਫੂਲਰਾਜ ਸਿੰਘ ਨੇ ਮੋਹਾਲੀ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਅਗਵਾਈ ਹੇਠ ਮੋਹਾਲੀ ਨੂੰ ਮੁੜ ਸੁੰਦਰ ਅਤੇ ਵਿਕਸਤ ਸ਼ਹਿਰ ਬਣਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਗੁਰਦੇਵ ਸਿੰਘ, ਬ੍ਰਿਗੇਡੀਅਰ ਜੇ.ਐਸ. ਜਗਦੇਵ, ਸੁਖਵਿੰਦਰ ਸਿੰਘ ਬੇਦੀ ਅਤੇ ਨਰਿੰਦਰ ਸਿੰਘ ਗਿੱਲ ਸਮੇਤ ਹੋਰ ਆਗੂ ਅਤੇ ਸ਼ਰਧਾਲੂ ਵੀ ਮੌਜ਼ੂਦ ਸਨ।