Punjab Government: ਪਿੰਡਾਂ ਦੇ ਸਰਪੰਚਾਂ ਨੂੰ ਮਿਲੇਗਾ 10 ਹਜ਼ਾਰ ਰੁਪਏ ਮਹੀਨਾ ਮਾਣ-ਭੱਤਾ

ਸਰਪੰਚ ਮਿਲਣੀ ਪ੍ਰੋਗਰਾਮ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਐਲਾਨ

Khushdeep Singh Picture
Published On

Punjab Government: ਬਠਿੰਡਾ (ਸੁਖਜੀਤ ਮਾਨ)। ਪੰਜਾਬ ਦੇ ਪਿੰਡਾਂ ਦੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਮਿਲੇਗਾ ਇਸ ਤੋਂ ਪਹਿਲਾਂ ਸਰਪੰਚਾਂ ਨੂੰ 2 ਹਜ਼ਾਰ ਰੁਪਏ ਮਹੀਨਾ ਮਿਲਦਾ ਸੀ ਅੱਜ ਬਠਿੰਡਾ ਵਿਖੇ ‘ਸਰਪੰਚ ਮਿਲਣੀ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਦੇ ਮਾਣ-ਭੱਤੇ ’ਚ ਪੰਜ ਗੁਣਾ ਵਾਧਾ ਕਰਦਿਆਂ 15 ਅਗਸਤ ਤੋਂ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਮਹੀਨਾ ਕਰਨ ਦਾ ਇਹ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਪੰਚ ਦਿਨ-ਰਾਤ ਪਿੰਡਾਂ ਦੀ ਸੇਵਾ ਕਰਦੇ ਹਨ ਅਤੇ ਉਹ ਆਪਣੇ ਅਣਮੁੱਲੇ ਯੋਗਦਾਨ ਲਈ ਮਾਣ-ਸਤਿਕਾਰ ਦੇ ਹੱਕਦਾਰ ਹਨ। ਪਿੰਡਾਂ ਦਾ ਵਿਕਾਸ ਹੀ ਪੰਜਾਬ ਦੀ ਤਰੱਕੀ ਦੀ ਨੀਂਹ ਹੋਣ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੇਂਡੂ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਸਿਰਜਣ ਦੇ ਸਮੂਹਿਕ ਯਤਨਾਂ ਦੀ ਅਗਵਾਈ ਕਰਦੇ ਹੋਏ ਜਨਤਕ ਪੈਸੇ ਦੀ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ। ਉਨ੍ਹਾਂ ਸੋਸ਼ਲ ਮੀਡੀਆ ‘ਐਕਸ’ ’ਤੇ ਕਿਹਾ ਕਿ ਅਸੀਂ ਇੱਕ ਵੱਡਾ ਫੈਸਲਾ ਲਿਆ ਹੈ। 15 ਅਗਸਤ ਤੋਂ ਪੰਜਾਬ ਦੇ ਹਰ ਸਰਪੰਚ ਨੂੰ 10,000 ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਮਿਲੇਗਾ। ਪੰਚਾਇਤਾਂ ਲੋਕਤੰਤਰ ਦੀ ਪਹਿਲੀ ਪੌੜੀ ਹਨ ਅਤੇ ਸਰਪੰਚ ਦਿਨ-ਰਾਤ ਆਪਣੇ ਪਿੰਡਾਂ ਦੀ ਸੇਵਾ ਕਰਦੇ ਹਨ। ਉਹ ਆਪਣੀ ਸਮਰਪਿਤ ਸੇਵਾ ਲਈ ਸਤਿਕਾਰਯੋਗ ਮਾਣ-ਭੱਤੇ ਦੇ ਹੱਕਦਾਰ ਹਨ। ਇਹ ਵਾਧਾ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦਾ ਬਿਹਤਰ ਪਾਲਣ-ਪੋਸ਼ਣ ਕਰਨ ਵਿੱਚ ਮੱਦਦ ਕਰੇਗਾ ਅਤੇ ਨਾਲ ਹੀ ਉਹ ਆਪਣੇ ਪਿੰਡਾਂ ਦੇ ਵਿਕਾਸ ਲਈ ਹੋਰ ਵੀ ਵੱਡੀ ਵਚਨਬੱਧਤਾ ਨਾਲ ਕੰਮ ਕਰਨ ਦੇ ਯੋਗ ਹੋਣਗੇ। ਜਦੋਂ ਪਿੰਡ ਤਰੱਕੀ ਕਰਨਗੇ ਤਾਂ ਪੰਜਾਬ ਤਰੱਕੀ ਕਰੇਗਾ।

ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਵੱਲ ਧਿਆਨ ਦੇਣ ਸਰਪੰਚ : ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ  ਨੌਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਵਿੱਚ ਮੱਦਦ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਪਿੰਡਾਂ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵੀ ਅਣਥੱਕ ਕੰਮ ਕਰਨਾ ਚਾਹੀਦਾ ਹੈ।

About The Author

Related Posts