Punjab News: ਸੋਲਰ ਲਾਈਟਾਂ ਨਾਲ ਜਗਮਗ ਹੋਣਗੇ ਪੰਜਾਬ ਦੇ ਪਿੰਡ
470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਪੈਂਦੇ ਪਿੰਡਾਂ ਨੂੰ ਹੁਣ ਸੋਲਰ ਲਾਈਟਾਂ ਰਾਹੀਂ ਰੋਸ਼ਨ ਕੀਤਾ ਜਾਏਗਾ ਅਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਇਨ੍ਹਾਂ ਸੋਲਰ ਲਾਈਟਾਂ ਨੂੰ ਪੰਜਾਬ ਭਰ ਵਿੱਚ ਲਗਾਇਆ ਜਾਏਗਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਨਵੀਂਆਂ ਐਲਈਡੀ-ਅਧਾਰਿਤ ਸੋਲਰ ਸਟਰੀਟ ਲਾਈਟਾਂ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਨ੍ਹਾਂ ਲਾਈਟਾਂ ਨੂੰ ਲਾਉਣ ਵਾਲੀ ਪ੍ਰਾਈਵੇਟ ਕੰਪਨੀ ਨੂੰ 5 ਸਾਲਾਂ ਤੱਕ ਦੇਖਭਾਲ ਕਰਨੀ ਪਏਗੀ ਅਤੇ ਜੇਕਰ ਕਿਸੇ ਵੀ ਥਾਂ ’ਤੇ ਖ਼ਰਾਬੀ ਆਈ ਤਾਂ ਇਨ੍ਹਾਂ ਕੰਪਨੀਆਂ ਨੂੰ ਹੀ ਠੀਕ ਕਰਨਾ ਪਏਗਾ।
ਵਿਭਾਗ ਦੇ ਮੰਤਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਪੇਂਡੂ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ, ਸੂਬਾ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸੁਰੱਖਿਆ, ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਟਿਕਾਊ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ ਸਾਫ਼-ਸੁਥਰੀ ਊਰਜਾ ਨਾਲ ਲੈਸ ਕੀਤਾ ਜਾ ਰਿਹਾ ਹੈ। ਪੰਜਾਬ ਭਵਨ ਵਿਖੇ ਚੁਣੀਆਂ ਗਈਆਂ ਸੱਤ ਏਜੰਸੀਆਂ ਨੂੰ ਵਰਕ ਆਰਡਰ ਸੌਂਪਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਪ੍ਰਾਜੈਕਟ ਦੀ ਲਾਗਤ ਦਾ 70 ਫੀਸਦ ਖਰਚ ਕੀਤਾ ਜਾਵੇਗਾ, ਜਦੋਂ ਕਿ ਬਾਕੀ 30 ਫੀਸਦ ਗ੍ਰਾਮ ਪੰਚਾਇਤਾਂ ਸਹਿਣ ਕਰਨਗੀਆਂ।
Read Also : 39 ਕਰੋੜ ਦੀ ਡਰੱਗਜ਼ ਜ਼ਬਤ, ਦੋ ਤਸਕਰ ਗ੍ਰਿਫ਼ਤਾਰ
ਪਹਿਲਾਂ ਦੇ 30:70 ਅਨੁਪਾਤ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ, ਜਿਸ ਨਾਲ ਗ੍ਰਾਮ ਸੰਸਥਾਵਾਂ ਨੂੰ ਵਿੱਤੀ ਬੋਝ ਤੋਂ ਰਾਹਤ ਮਿਲੇਗੀ। ਇਹ ਫੈਸਲਾ ਪੰਚਾਇਤ ਪੱਧਰ ’ਤੇ ਸੀਮਤ ਵਿੱਤੀ ਸਰੋਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਸਾਰੀਆਂ ਪੰਚਾਇਤਾਂ ਨੂੰ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਲਿਆ ਗਿਆ ਹੈ।
ਅਮਨ ਅਰੋੜਾ ਨੇ ਕਿਹਾ ਕਿ ਲਾਈਟਾਂ ਲਾਉਣ ਲਈ ਜਨਤਕ ਥਾਵਾਂ ਜਿਵੇਂ ਪਿੰਡ ਦੀ ਫਿਰਨੀ, ਸਕੂਲ, ਆਂਗਣਵਾੜੀ ਕੇਂਦਰ, ਸਰਕਾਰੀ ਸਿਹਤ ਸਹੂਲਤਾਂ, ਧਾਰਮਿਕ ਸੰਸਥਾਵਾਂ ਅਤੇ ਸੰਘਣੀ ਅਬਾਦੀ ਵਾਲੇ ਖੇਤਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਹ ਪਹੁੰਚ ਪੰਜਾਬ ਸਰਕਾਰ ਦੀ ਸਮੁੱਚੇ ਪੇਂਡੂ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਨ ਦੇ ਨਾਲ-ਨਾਲ ਇਹ ਵੀ ਯਕੀਨੀ ਬਣਾਏਗੀ ਕਿ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਦੇ ਘਰਾਂ ਨੂੰ ਵੀ ਰੁਸ਼ਨਾਇਆ ਜਾ ਸਕੇ। ਅਮਨ ਅਰੋੜਾ ਨੇ ਕਿਹਾ ਸਮੇਂ ਸਿਰ ਅਮਲ ਨੂੰ ਯਕੀਨੀ ਬਣਾਉਣ ਲਈ, 50 ਫੀਸਦ ਕੰਮ 120 ਦਿਨਾਂ ਦੇ ਅੰਦਰ ਅਤੇ ਬਾਕੀ ਕੰਮ ਵਰਕ ਆਰਡਰ ਦੀ ਮਿਤੀ ਤੋਂ 180 ਦਿਨਾਂ ਦੇ ਅੰਦਰ ਮੁਕੰਮਲ ਕਰਨਾ ਲਾਜ਼ਮੀ ਹੈ।