Punjab News: ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ : ਭਗਵੰਤ ਮਾਨ

ਕਿਹਾ, ਸਰਕਾਰੀ ਸਕੂਲਾਂ ਦੇ ਸੁਧਾਰ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ

Satinder Mathur  Picture
Published On

Punjab News: (ਰਵੀ ਗੁਰਮਾ/ਸੁਰਿੰਦਰ ਸਿੰਘ) ਧੂਰੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਸੁਧਾਰ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਨੌਜਵਾਨਾਂ ਲਈ ਕਰੀਅਰ ਦੇ ਨਵੇਂ ਰਾਹ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰਿਸ਼ਵਤ ਅਤੇ ਫ਼ਰਮਾਇਸ਼ ਤੋਂ ਬਿਨਾਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 

ਧੂਰੀ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ’ਚ ਯੁਵਕ ਮੇਲੇ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਿੱਖਿਆ ਅਤੇ ਸਖ਼ਤ ਮਿਹਨਤ ’ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੰਜਾਬ ਨੂੰ ਅਜਿਹੇ ਚੁਣੇ ਹੋਏ ਨੁਮਾਇੰਦਿਆਂ ਦੀ ਲੋੜ ਹੈ ਜੋ ਲੋਕਾਂ ਦੇ ਦੁੱਖਾਂ ਅਤੇ ਸਮੱਸਿਆਵਾਂ ਨੂੰ ਸਮਝ ਸਕਣ।

ਇਹ ਵੀ ਪੜ੍ਹੋ: British Columbia Provincial Elections: ਅਬੋਹਰ ਵਾਸੀ ਗੈਰੀ ਥਿੰਦ ਨੇ ਬ੍ਰਿਟਿਸ਼ ਕੋਲੰਬੀਆ ’ਚ ਕਨੇਡੀਅਨ ਸੂਬਾਈ ਚੋਣਾਂ ’ਚ ਜਿੱਤ ਹਾਸਲ ਕੀਤੀ 

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ, ਹੁਨਰ ਅਤੇ ਰਚਨਾਤਮਕਤਾ ਪੰਜਾਬ ਦਾ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਸੂਬੇ ਦਾ ਭਵਿੱਖ ਇਨ੍ਹਾਂ ਗੁਣਾਂ ਨੂੰ ਨਿਖਾਰਨ ਅਤੇ ਨੌਜਵਾਨਾਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਸਾਰਥਕ ਮੌਕੇ ਪ੍ਰਦਾਨ ਕਰਨ ’ਤੇ ਨਿਰਭਰ ਕਰਦਾ ਹੈ।

ਯੁਵਕ ਮੇਲਿਆਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਛੁਪੇ ਹੋਏ ਹੁਨਰਾਂ ਦਾ ਪਤਾ ਲਗਾਉਣ, ਝਿਜਕ ਨੂੰ ਦੂਰ ਕਰਨ, ਆਤਮ-ਵਿਸ਼ਵਾਸ ਵਿਕਸਤ ਕਰਨ ਅਤੇ ਅਨੁਸ਼ਾਸਨ, ਟੀਮ ਵਰਕ ਅਤੇ ਸਿਹਤਮੰਦ ਮੁਕਾਬਲੇ ਵਿੱਚ ਵੱਡਮੁੱਲੇ ਸਬਕ ਸਿੱਖਣ ਦੇ ਯੋਗ ਬਣਾਉਂਦੇ ਹਨ। ਉਨ੍ਹਾਂ ਅੱਗੇ ਕਿਹਾ, ਇਹ ਮੰਚ ਵਿਦਿਆਰਥੀਆਂ ਨੂੰ ਇੱਕ ਦੂਜੇ ਤੋਂ ਸਿੱਖਣ, ਆਪਣੇ ਸੋਚ ਦੇ ਦਾਇਰੇ ਨੂੰ ਵੱਡਾ ਕਰਨ ਅਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਪਣੇ ਆਪ ਨੂੰ ਤਿਆਰ ਕਰਨ ਵਿੱਚ ਮਦਦ ਵੀ ਕਰਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਯੁਵਕ ਮੇਲੇ ਵਿੱਚ 39 ਕਾਲਜਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਦੇਖ ਦੇ ਬੇਹੱਦ ਖੁਸ਼ੀ ਪ੍ਰਗਟ ਕੀਤੀ। ਇਸ ਦੌਰਾਨ ਚਾਰ ਪੜਾਵਾਂ ਵਿੱਚ 60 ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਉਨ੍ਹਾਂ ਕਿਹਾ, ਵਿਦਿਆਰਥੀ ਸੱਭਿਆਚਾਰਕ ਅਤੇ ਸਾਹਿਤਕ ਮੁਕਾਬਲਿਆਂ ਦੀ ਵਿਸ਼ਾਲ ਸ਼੍ਰੇਣੀ ਰਾਹੀਂ ਆਪਣੀਆਂ ਕਲਾਤਮਕ ਯੋਗਤਾਵਾਂ, ਰਚਨਾਤਮਕਤਾ ਅਤੇ ਹੁਨਰ ਦਾ ਪ੍ਰਦਰਸ਼ਨ ਕਰ ਰਹੇ ਹਨ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਜ਼ਿੰਦਾਦਿਲੀ ਅਤੇ ਸਮਰੱਥਾਵਾਂ ਨੂੰ ਦਰਸਾਉਂਦੇ ਹਨ।ਉਨ੍ਹਾਂ ਨੇ ਕਈ ਦਹਾਕਿਆਂ ਤੋਂ ਯੁਵਕ ਮੇਲੇ ਕਰਵਾਉਣ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਇਸ ਦੇ ਯੁਵਕ ਭਲਾਈ ਵਿਭਾਗ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਡਿਗਰੀ-ਧਾਰਕ ਪੈਦਾ ਕਰਨਾ ਹੀ ਨਹੀਂ ਸਗੋਂ ਅਜਿਹੇ ਜਾਗਰੂਕ, ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਨਾਗਰਿਕ ਤਿਆਰ ਕਰਨਾ ਹੈ ਜੋ ਸਮਾਜ ਵਿੱਚ ਸਾਰਥਕ ਯੋਗਦਾਨ ਪਾ ਸਕਣ।

 

Comments

Post Your Comment

About The Author

Related Posts