Punjab
Punjab Government News: ਆਪ ਸਰਕਾਰ ਦੇ ਹੁੰਦਿਆਂ ਭਲਾਈ ਸਕੀਮਾਂ ਜਾਰੀ ਰਹਿਣਗੀਆਂ : ਭਗਵੰਤ ਸਿੰਘ ਮਾਨ
ਸ਼ਾਹਕੋਟ ਦੇ ਪਿੰਡ ਦੋਨੇਵਾਲ ਵਿਖੇ ‘ਲੋਕ ਮਿਲਣੀ’ ਦੌਰਾਨ ਵਿਰੋਧੀ ਪਾਰਟੀਆਂ ’ਤੇ ਤਿੱਖੇ ਸਿਆਸੀ ਹਮਲੇ ਕਿਹਾ, ਲੋਕਾਂ ਦੇ ਟੈਕਸ ਦਾ ਪੈਸਾ ਵਿਕਾਸ ਅਤੇ ਭਲਾਈ ’ਤੇ ਖ਼ਰਚ ਰਹੀ ਹੈ ਸਰਕਾਰ
Punjab Government News: ਸ਼ਾਹਕੋਟ/ਜਲੰਧਰ(ਸੱਚ ਕਹੂੰ ਨਿਊਜ਼/ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਿੰਨਾ ਚਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਰਹੇਗੀ, ਓਨਾ ਸਮਾਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ, 1,000 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਅਤੇ ਮੁਫ਼ਤ ਬਿਜਲੀ ਸਮੇਤ ਸਾਰੀਆਂ ਲੋਕ ਭਲਾਈ ਗਾਰੰਟੀਆਂ ਜਾਰੀ ਰਹਿਣਗੀਆਂ। ਪਿੰਡ ਦੋਨੇਵਾਲ ਵਿਖੇ ‘ਲੋਕ ਮਿਲਣੀ’ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਭਲਾਈ ਅਤੇ ਵਿਕਾਸ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ।
ਮੁੱਖ ਮੰਤਰੀ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਾਇਆ ਕਿ ਇਨ੍ਹਾਂ ਪਾਰਟੀਆਂ ਨੇ ਦਹਾਕਿਆਂ ਤੱਕ ਸੂਬੇ ’ਤੇ ਰਾਜ ਕਰਦਿਆਂ ਪੰਜਾਬ ਦੇ ਸਰੋਤਾਂ ਦੀ ਦੁਰਵਰਤੋਂ ਕੀਤੀ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਵਧਣ-ਫੁੱਲਣ ਦਿੱਤਾ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੂੰ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਉਨ੍ਹਾਂ ਦੇ ਪਿਛਲੇ ਕਾਰਜਕਾਲ ਦਾ ਹਿਸਾਬ ਲੈਣਗੇ।
ਇਹ ਵੀ ਪੜ੍ਹੋ: Self Help Groups: ਸਵੈ-ਸਹਾਇਤਾ ਸਮੂਹਾਂ ਰਾਹੀਂ ਔਰਤਾਂ ਨੂੰ ਉੱਦਮੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ : ਤਰੁਣਪ੍ਰੀਤ ਸਿੰਘ ਸੌਂਦ
ਮਾਨ ਨੇ ਅਕਾਲੀ ਦਲ ’ਤੇ ਨਸ਼ਿਆਂ ਨੂੰ ਸਰਪ੍ਰਸਤੀ ਦੇਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੇ ਟਰਾਂਸਪੋਰਟ, ਕੇਬਲ, ਮਾਈਨਿੰਗ ਅਤੇ ਹੋਰ ਕਾਰੋਬਾਰਾਂ ’ਤੇ ਕਬਜ਼ਾ ਕਰਕੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ। ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਅੰਦਰੂਨੀ ਕਲੇਸ਼ ਨਾਲ ਜੂਝ ਰਹੀ ਹੈ ਅਤੇ ਇਸ ਕੋਲ ਪੰਜਾਬ ਲਈ ਕੋਈ ਸਪੱਸ਼ਟ ਦ੍ਰਿਸ਼ਟੀਕੋਣ ਨਹੀਂ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਬਾਰੇ ਵੀ ਟਿੱਪਣੀ ਕੀਤੀ। ਭਾਜਪਾ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾਲ ਸੱਤਾ ਸਾਂਝੀ ਕਰਨ ਸਮੇਂ ਨਸ਼ਿਆਂ ਦੀ ਸਮੱਸਿਆ ਵਧੀ ਅਤੇ ਹੁਣ ਇਹ ਪਾਰਟੀ ਨਸ਼ਾ ਮੁਕਤ ਪੰਜਾਬ ਦੀ ਗੱਲ ਕਰ ਰਹੀ ਹੈ।
ਮੁੱਖ ਮੰਤਰੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 71 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਮਹੀਨਾਵਾਰ ਸਹਾਇਤਾ ਦੇਣ ਦਾ ਵੀ ਜ਼ਿਕਰ ਕੀਤਾ।
ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਸਰਕਾਰ ਦੇ ਉਪਰਾਲਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਸਕੂਲਾਂ ਦੇ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 2021 ਦੇ 80 ਤੋਂ ਵਧ ਕੇ 2026 ਵਿੱਚ 882 ਹੋ ਗਈ ਹੈ। ਖੇਤੀਬਾੜੀ ਬਾਰੇ ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦੀ ਤੋਂ ਵਧ ਕੇ ਲਗਪਗ 85-86 ਫ਼ੀਸਦੀ ਹੋ ਗਈ ਹੈ ਅਤੇ ਸਰਕਾਰ ਇਸ ਨੂੰ 90 ਫ਼ੀਸਦੀ ਤੱਕ ਲਿਜਾਣ ਲਈ ਯਤਨਸ਼ੀਲ ਹੈ।
Comments