Batala News: ਬਟਾਲਾ ’ਚ ਪਰਾਲੀ ਨੂੰ ਅੱਗ ਲਾਏ ਬਿਨਾਂ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਜਾਰੀ

ਕਿਸਾਨ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ : ਕੁਲਵਿੰਦਰ ਕੌਰ

Khushdeep Singh Picture
Published On

ਬਟਾਲਾ (ਸੱਚ ਕਹੂੰ ਨਿਊਜ਼/ਏਜੰਸੀ)। ਜ਼ਿਲ੍ਹੇ ’ਚ ਕਿਸਾਨਾਂ ਵੱਲੋਂ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨਾਂ ਸੁਪਰ ਸੀਡਰ ਮਸ਼ੀਨ ਦੀ ਮਦਦ ਨਾਲ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ। ਇਸ ਤਹਿਤ ਪਿੰਡ ਤਲਵੰਡੀ ਲਾਲ ਸਿੰਘ ਵਿਖੇ ਸੁਪਰ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਦਾ ਕੰਮ ਜਾਰੀ ਹੈ। ਇਸ ਮੌਕੇ ਕਲੱਸਟਰ ਇੰਚਾਰਜ ਤੇ ਖੇਤੀਬਾੜੀ ਵਿਸਥਾਰ ਅਫ਼ਸਰ ਕੁਲਵਿੰਦਰ ਕੌਰ ਨੇ ਖੇਤਾਂ ਦਾ ਦੌਰਾ ਕਰਦਿਆਂ ਕਿਹਾ ਕਿ ਹਰੇਕ ਕਿਸਾਨ ਦੀ ਕੋਸ਼ਿਸ਼ ਹੁੰਦੀ ਹੈ।

ਕਿ ਖੇਤੀ ਦੀ ਉਤਪਾਦਨ ਲਾਗਤ ਘਟੇ ਤੇ ਆਮਦਨ ’ਚ ਵਾਧਾ ਹੋਵੇ। ਇਹ ਟੀਚਾ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾ ਕੇ ਤੇ ਉਨ੍ਹਾਂ ਦੀ ਸਹੀ ਵਰਤੋਂ ਨਾਲ ਹੀ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਕਿਸਾਨਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਪਰਾਲੀ ਦਾ ਪ੍ਰਬੰਧਨ ਕੋਈ ਮੁਸ਼ਕਲ ਕੰਮ ਨਹੀਂ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ’ਚ ਹੀ ਸੰਭਾਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਚ ਸੁਧਾਰ ਹੋਇਆ ਹੈ ਤੇ ਫ਼ਸਲ ਦਾ ਝਾੜ ਵੀ ਵਧੀਆ ਮਿਲ ਰਿਹਾ ਹੈ।

ਸੁਪਰ ਸੀਡਰ ਤਕਨੀਕ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਕੁਲਵਿੰਦਰ ਕੌਰ ਨੇ ਦੱਸਿਆ ਕਿ ਇਹ ਕਣਕ ਦੀ ਬਿਜਾਈ ਲਈ ਸੌਖੀ ਤੇ ਕਿਫ਼ਾਇਤੀ ਤਕਨੀਕ ਹੈ। ਇਸ ਮਸ਼ੀਨ ਰਾਹੀਂ ਝੋਨੇ ਤੇ ਬਾਸਮਤੀ ਦੀ ਕਟਾਈ ਤੋਂ ਬਾਅਦ ਖੇਤ ’ਚ ਮੌਜੂਦ ਵੱਤਰ ਦੀ ਵਰਤੋਂ ਕਰਕੇ ਸਿੱਧੀ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਨਾਲ ਬਿਜਾਈ ਤੋਂ ਪਹਿਲਾਂ ਖੇਤ ਨੂੰ ਪਾਣੀ ਲਾਉਣ ਲਈ ਵਰਤੇ ਜਾਣ ਵਾਲੇ ਪਾਣੀ ਦੀ ਵੱਡੀ ਬੱਚਤ ਹੁੰਦੀ ਹੈ ਤੇ ਸਮੇਂ ਦੀ ਵੀ ਬਚਤ ਹੁੰਦੀ ਹੈ। ਇਸ ਤੋਂ ਇਲਾਵਾ ਖੇਤਾਂ ਵਿੱਚ ਨਦੀਨਾਂ ਦੀ ਸਮੱਸਿਆ ਵੀ ਘੱਟ ਹੁੰਦੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ, ਕਿਉਂਕਿ ਪਰਾਲੀ ਸਾੜਨ ਨਾਲ ਮਿੱਟੀ ਦੀ ਉਪਰਲੀ ਪਰਤ ਦਾ ਤਾਪਮਾਨ ਵਧਦਾ ਹੈ। ਇਸ ਕਾਰਨ ਮਿੱਟੀ ਦੀ ਨਮੀ ਤੇ ਇਸ ’ਚ ਮੌਜ਼ੂਦ ਲਾਹੇਵੰਦ ਸੂਖਮ ਜੀਵਾਂ ਦੀ ਗਿਣਤੀ ਘਟ ਜਾਂਦੀ ਹੈ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਧੁਨਿਕ ਖੇਤੀ ਮਸ਼ੀਨਰੀ ਅਪਣਾ ਕੇ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਖੇਤੀ ਨੂੰ ਵਧੇਰੇ ਲਾਹੇਵੰਦ ਬਣਾ ਸਕਦੇ ਹਨ।

ਇਹ ਵੀ ਪੜ੍ਹੋ : Patiala News: ਅਵਤਾਰ ਮਹੀਨੇ ਦੀ ਖੁਸ਼ੀ ’ਚ ਸੇਵਾਦਾਰਾਂ ਨੇ ਭੱਠੇ ਦੇ ਮਜ਼ਦੂਰਾਂ ਨਾਲ ਮਨਾਈ ਦੀਵਾਲੀ

Comments

Post Your Comment

About The Author

Related Posts